ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਅਵਤਾਰ ਦਿਵਸ ਸਮਾਰੋਹਾਂ ਮੌਕੇ ਅਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। (Kartarpur Corridor)
ਇਹ ਵੀ ਪੜ੍ਹੋ : ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਦੇਖੋ ਪੂਰੀ ਵੀਡੀਓ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਮਾਂ ਗੁਜ਼ਾਰਿਆ ਸੀ ਅਤੇ ਉਨ੍ਹਾਂ ਦਾ 550ਵਾਂ ਅਵਤਾਰ ਦਿਵਸ ਨਵੰਬਰ 2019 ਵਿੱਚ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁੱਲ੍ਹਵਾਇਆ ਜਾ ਸਕੇ। (Kartarpur Corridor)
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਐਲਾਨ ਕੀਤਾ ਸੀ। ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧੀ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ। (Kartarpur Corridor)