ਇੱਕ ਐਸ.ਪੀ., ਦੋ ਡੀ.ਐਸ.ਪੀਜ ਤੇ ਸੀ.ਆਈ.ਏ. ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਪੁਰਾ ਵਿਖੇ ਬੀਤੀ ਰਾਤ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਬੇਪਰਦ ਕੀਤੀ ਗਈ ਗੈਰ ਕਾਨੂੰਨੀ ਸ਼ਰਾਬ ਦੀ ਫੈਕਟਰੀ ਦੇ ਮਾਮਲੇ ‘ਚ ਸਿਟੀ ਰਾਜਪੁਰਾ ਦੇ ਐਸ.ਐਚ.ਓ. ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਜਦੋਂਕਿ ਐਸ.ਪੀ. ਜਾਂਚ ਅਤੇ ਡੀ.ਐਸ.ਪੀ. ਜਾਂਚ, ਡੀ.ਐਸ.ਪੀ. ਰਾਜਪੁਰਾ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪਟਿਆਲਾ ਦੇ ਐਸਐਸਪੀ ਵਿਕਰਮ ਜੀਤ ਦੁੱਗਲ ਦਾ ਕਹਿਣਾ ਹੈ ਕਿ ਇਹ ਇਨ੍ਹਾਂ ਅਧਿਕਾਰੀਆਂ ਦੀ ਅਣਗਹਿਲੀ ਹੈ। ਐਸਐਸਪੀ ਦਾ ਕਹਿਣਾ ਹੈ ਕਿ ਐਸਐਸਓ ਬਲਵਿੰਦਰ ਸਿੰਘ ਦੀ ਇਹ ਲਾਪਰਵਾਹੀ ਹੈ ਕਿ ਉਸ ਨੂੰ ਇਹ ਨਹੀਂ ਪਤਾ ਕਿ ਇੱਥੇ ਗੈਰ ਕਾਨੂੰਨੀ ਸ਼ਰਾਬ ਦਾ ਕਾਰੋਬਾਰ ਹੋ ਰਿਹਾ ਹੈ।
ਇਸ ਕਾਰਨ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸਿਟੀ ਰਾਜਪੁਰਾ ਵਿਖੇ ਦਿਪੇਸ ਗਰੋਵਰ ਵਾਸੀ ਰਾਜਪੁਰਾ ਅਤੇ ਕਾਰਜ ਸਿੰਘ ਵਾਸੀ ਸ਼ਮਸ਼ਪੁਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਰਾਜਪੁਰਾ ਸਮੇਤ ਪੂਰੇ ਜ਼ਿਲ੍ਹੇ ਅੰਦਰ ਗੈਰ ਕਾਨੂੰਨੀ ਸ਼ਰਾਬ ਦੇ ਕਾਲੇ ਕਾਰੋਬਾਰ ‘ਚ ਲੱਗੇ ਵਿਅਕਤੀਆਂ ਦੇ ਸਮੁੱਚੇ ਨੈਟਵਰਕ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਕਿਸੇ ਵੀ ਦੋਸ਼ੀ ਜਾਂ ਗ਼ੈਰ ਸਮਾਜੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.