ਅਰਵਿੰਦ ਮਿੱਤਲ ਭਾਜਪਾ ’ਚ ਸ਼ਾਮਲ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਨੇ ਚੰਡੀਗੜ ’ਚ ਪ੍ਰੈਸ਼ ਕਾਨਫਰੰਸ ਕੀਤੀ। ਇਸ ਮੌਕੇ ਮਦਨ ਮੋਹਨ ਮਿੱਤਲ ਦੇ ਪੁੱਤਰ ਅਰਵਿੰਦ ਮਿੱਤਲ ਭਾਜਪਾ ’ਚ ਸ਼ਾਮਲ ਹੋਏ। ਉਨ੍ਹਾਂ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ। ਉਹ ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ਼ੇਖਾਵਤ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।
ਪ੍ਰੈਸ ਕਾਨਫਰੰਸ ਦੌਰਾਨ ਗਜੇਂਦਰ ਸਿੰਘ ਸ਼ੇਖਾਵਤ ਨੇ ਆਖਿਆ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਤੋਂ ਆਮ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਿਆ ਹੈ। ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੁਣ ਪੰਜਾਬ ਦੇ ਲੋਕ ਆਪਣੇ ਆਪ ਹੀ ਚਾਰ ਤਰੀਕ ਤੋਂ ਬਾਅਦ ਇਸ ਸਰਕਾਰ ਨੂੰ ਤੋਰ ਦੇਣਗੇ।
ਉਨ੍ਹਾਂ ਅੱਗੇ ਆਖਿਆ ਕਿ ਅਰਵਿੰਦ ਕੇਜਰੀਵਾਲ ਨੂੰ ਲੱਗਦਾ ਹੈ ਕਿ ਅਮਿਤ ਸ਼ਾਹ ਨੇ ਗੁੰਡਾਗਰਦੀ ਕੀਤੀ ਹੈ ਤਾਂ ਗੁੰਡਾਗਰਦੀ ਦੀ ਧਾਰਾਵਾਂ ਲਗਾ ਕੇ ਉਹ ਮਾਮਲਾ ਦਰਜ ਕਿਉਂ ਨਹੀਂ ਕਰਦੇ ? ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤਾਂ ਉਹਨਾਂ ਨੂੰ ਤੁਰੰਤ ਮਾਮਲਾ ਦਰਜ ਕਰ ਲੈਣਾ ਚਾਹੀਦਾ ਹੈ। ਅਮਿਤ ਸ਼ਾਹ ਵੱਲੋਂ ਇਹੋ ਜਿਹਾ ਕੁਝ ਵੀ ਨਹੀਂ ਕਿਹਾ ਗਿਆ ਹੈ ਉਹਨਾਂ ਵੱਲੋਂ ਸਿਰਫ ਇੱਕ ਸੰਭਾਵਨਾ ਜਤਾਈ ਗਈ ਹੈ।