ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਗੋਲੀ ਕਾਂਡ ਦੀ ਜਾਂਚ ‘ਤੇ ਰੋਕ

Major, Setback, Punjab Government, Ban, Investigations, Shootout

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਆਦੇਸ਼

20 ਸਤੰਬਰ ਤੱਕ ਪੰਜਾਬ ਸਰਕਾਰ ਨੂੰ ਦੇਣਾ ਪਵੇਗਾ ਜੁਆਬ

ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼

ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸਨ ਨੂੰ ਅਧਾਰ ਬਣਾਉਂਦੇ ਹੋਏ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਾਂਚ ਕਰਵਾਈ ਜਾਣੀ ਸੀ ਅਤੇ ਇਸ ਸਬੰਧੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਤੱਕ ਜਾਰੀ ਕੀਤੇ ਜਾ ਚੁੱਕੇ ਸਨ।

ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਇੰਸ: ਅਮਰਜੀਤ ਸਿੰਘ ਤੇ ਬਾਜਾਖਾਨਾ ਦੇ ਤਤਕਾਲੀ ਐੱਸਐੱਚਓ ਰਘਬੀਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਪਾਉਂਦੇ ਹੋਏ ਜਾਂਚ ਨੂੰ ਰੋਕਣ ਲਈ ਅਪੀਲ ਕੀਤੀ ਗਈ ਸੀ, ਜਿਸ ‘ਤੇ ਹਾਈ ਕੋਰਟ ਵੱਲੋਂ ਅਗਲੀ ਸੁਣਵਾਈ ਤੱਕ ਜਾਂਚ ਕਰਨ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਨੂੰ 20 ਸਤੰਬਰ ਤੱਕ ਜੁਆਬ ਦੇਣਾ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਦੋਸ਼ ‘ਚ ਉਸ ਸਮੇਂ ਦੀ ਬਾਦਲ ਸਰਕਾਰ ਨੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਤੇ ਅੱਧੀ ਦਰਜਨ ਤੋਂ ਵਧੇਰੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਸੀ ਜਿਸ ਵਿੱਚ ਐਸਐਸਪੀ ਚਰਨਜੀਤ ਸ਼ਰਮਾ ਨੂੰ ਜ਼ਬਰੀ ਸੇਵਾਮੁਕਤ ਤੋਂ ਇਲਾਵਾ ਬਾਕੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 ਉਸ ਸਮੇਂ ਦੀ ਬਾਦਲ ਸਰਕਾਰ ਵੱਲੋਂ ਜੋਰਾ ਸਿੰਘ ਕਮਿਸ਼ਨ ਬਣਾਇਆ ਗਿਆ ਸੀ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ‘ਚ ਵਾਧਾ ਕਰਦਿਆਂ ਉਕਤ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਨੂੰ ਇਰਾਦਾ ਕਤਲ ਮਾਮਲੇ ‘ਚ ਸ਼ਾਮਿਲ ਕਰਨ ਲਈ ਸਿਫਾਰਸ਼ ਕਰ ਦਿੱਤੀ ਸੀ ਅਤੇ ਨਾਲ ਹੀ ਵੱਡੇ ਅਫ਼ਸਰਾਂ ਦੇ ਨਾਮ ਵੀ ਆਪਣੀ ਰਿਪੋਰਟ ‘ਚ ਨਸ਼ਰ ਕਰ ਦਿੱਤੇ ਸਨ।

ਪਟੀਸ਼ਨਰਾਂ ਨੇ ਆਪਣੀ ਚੁਣੌਤੀ ‘ਚ ਕਿਹਾ ਕਿ ਕੋਈ ਕਮਿਸ਼ਨ ਜਾਂਚ ਅਫ਼ਸਰ ਵਜੋਂ ਕੰਮ ਨਹੀਂ ਕਰ ਸਕਦਾ ਤੇ ਨਾ ਹੀ ਕਾਰਵਾਈ ਲਈ ਹਦਾਇਤ ਕਰ ਸਕਦਾ ਹੈ ਅਤੇ ਇਸ ਤਰ੍ਹਾਂ ਕਮਿਸ਼ਨ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਗਏ ਹਨ। ਇਸ ਸਮੇਂ ਇਹ ਵੀ ਦੋਸ਼ ਲਗਾਇਆ ਹੈ ਕਿ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਬਿਆਨਾਂ ਤੋਂ ਪਹਿਲਾਂ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਗਿਆ। ਹਾਈ ਕੋਰਟ ਦੇ ਜਸਟਿਸ ਆਰ.ਕੇ. ਜੈਨ ਦੀ ਬੈਂਚ ਨੇ ਸੁਣਵਾਈ ਤੋਂ ਬਾਅਦ ਸਰਕਾਰ ਨੂੰ 20 ਸਤੰਬਰ ਲਈ ਨੋਟਿਸ ਜਾਰੀ ਕਰਕੇ ਇਹ ਜਵਾਬ ਮੰਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।