ਖੇਤੀ ਸੰਦਾਂ ਅਤੇ ਮਸ਼ੀਨਾਂ ਦੀਆਂ ਸਿਫ਼ਾਰਸ਼ਾਂ
- ਖੇਤੀਬਾੜੀ ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਅਤੇ ਸੰਦਾਂ ਦੀ ਵਰਤੋਂ ਸਬੰਧੀ ਆਮ ਸਿਫ਼ਾਰਸ਼ਾਂ ਹੇਠਾਂ ਦੱਸੀਆਂ ਗਈਆਂ ਹਨ:
- ਮਸ਼ੀਨ ਦੀ ਚੋਣ, ਅਕਾਰ ਅਤੇ ਡਰਾਫਟ ’ਤੇ ਨਿਰਭਰ ਹੋਣੀ ਚਾਹੀਦੀ ਹੈ ਜੋ ਕਿ ਟਰੈਕਟਰ ਦੀ ਤਾਕਤ ਅਨੁਸਾਰ ਕਰਨੀ ਚਾਹੀਦੀ ਹੈ।
- ਮਸ਼ੀਨਾਂ ਜਾਂ ਸੰਦਾਂ ਨੂੰ ਖ਼ਰੀਦਣ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ: ਬਨਾਵਟ, ਖੇਤ ਦੀ ਕਿਸਮ, ਵੱਖ-ਵੱਖ ਪੁਰਜ਼ਿਆਂ ਦੀ ਅਸਾਨੀ ਨਾਲ ਪ੍ਰਾਪਤੀ ਅਤੇ ਕੰਮ ਕਰਨ ਦਾ ਖ਼ਰਚਾ (ਪ੍ਰਤੀ ਘੰਟੇ ਦੇ ਹਿਸਾਬ ਜਾਂ ਇਕ ਏਕੜ ਦੇ ਹਿਸਾਬ ਨਾਲ)।
- ਮਸ਼ੀਨਾਂ, ਸੰਦਾਂ ਅਤੇ ਟਰੈਕਟਰਾਂ ਉੱਤੇ ਕਾਫ਼ੀ ਪੈਸਾ ਖ਼ਰਚ ਹੁੰਦਾ ਹੈ। ਇਸ ਕਰਕੇ ਉਨ੍ਹਾਂ ਦੀ ਦੇਖਭਾਲ ਵਰਤੋਂ ਤੋਂ ਬਾਅਦ ਚੰਗੀ ਤਰ੍ਹਾਂ ਧਿਆਨ ਨਾਲ ਕਰਨੀ ਚਾਹੀਦੀ ਹੈ। ਅਪਰੇਟਰ-ਮੈਨੂਅਲ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ। ਗੱਲਾਂ ਨੂੰ ਮੁੱਖ ਰੱਖਣ ਨਾਲ ਮਸ਼ੀਨਾਂ ਸਾਰੀ ਉਮਰ ਚੰਗਾ ਕੰਮ ਕਰਨਗੀਆਂ।
- ਖਾਦ ਅਤੇ ਬਿਜਾਈ ਦੀਆਂ ਮਸ਼ੀਨਾਂ, ਟਰੈਕਟਰਾਂ ਅਤੇ ਸਪਰੇ ਪੰਪਾਂ ਨੂੰ ਵਰਤਣ ਤੋਂ ਪਹਿਲਾਂ ਕੈਲੀਬਰੇਸ਼ਨ (ਸੁਧਾਈ) ਕਰਨੀ ਚਾਹੀਦੀ ਹੈ।
- ਟਰੈਕਟਰ ਅਤੇ ਤੇਜ਼ ਗਤੀ ਨਾਲ ਕੰਮ ਕਰਨ ਵਾਲੀਆਂ ਖੇਤੀਬਾੜੀ ਦੀਆਂ ਮਸ਼ੀਨਾਂ ਨੂੰ ਚੱਲਣ ਵੇਲੇ ਸੁਰੱਖਿਆ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਜਾਨ ਜਾਂ ਪੈਸੇ ਦਾ ਨੁਕਸਾਨ ਨਾ ਹੋਵੇ।
ਬੀਜ-ਖਾਦ ਡਰਿੱਲ
ਬੀਜ-ਖਾਦ ਡਰਿੱਲ ਦੀ ਚੋਣ ਸਮੇਂ ਹੇਠ ਲਿਖੀਆਂ ਗੱਲਾਂ ਦਾ ਖਿਆਲ ਰੱਖਣਾ ਚਾਹੀਦਾ ਹੈ:
- ਫ਼ਸਲਾਂ ਬੀਜਣ ਲਈ ਕਤਾਰ ਤੋਂ ਕਤਾਰ ਦਾ ਫ਼ਾਸਲਾ ਘੱਟ-ਵੱਧ ਕਰਨ ਦੀ ਸਹੂਲਤ ਹੋਣੀ ਚਾਹੀਦੀ ਹੈ।
- ਬਿਜਾਈ ਦੀ ਡੂੰਘਾਈ ਨੂੰ ਘੱਟ-ਵੱਧ ਕਰਨ ਦੀ ਸਹੂਲਤ ਵੀ ਹੋਣੀ ਚਾਹੀਦੀ ਹੈ।
- ਮਸ਼ੀਨ ਦੀ ਕੇਰਨ ਪ੍ਰਣਾਲੀ ਦੀ ਬਨਾਵਟ ਸਹੀ ਹੋਣੀ ਚਾਹੀਦੀ ਹੈ ਤਾਂ ਜੋ ਦਾਣਿਆਂ ਨੂੰ ਨੁਕਸਾਨ ਨਾ ਹੋਵੇ।
- ਮਸ਼ੀਨ ਦੀ ਹਰੇਕ ਮੋਰੀ ਵਿੱਚੋਂ ਇੱਕੋ ਜਿਹੀ ਬੀਜ/ਖਾਦ ਦੀ ਮਾਤਰਾ ਨਿੱਕਲਦੀ ਹੋਵੇ।
- ਖਾਦ-ਬਕਸੇ ਵਿੱਚ ਖਾਦ ਹਿਲਾਉਣ ਵਾਲਾ ਜੰਤਰ ਠੀਕ ਹੋਣਾ ਚਾਹੀਦਾ ਹੈ ਤਾਂ ਕਿ ਖਾਦ ਡਿੱਗਣ ਵੇਲੇ ਅੜੇ ਨਾ।
- ਖਾਦ ਅਤੇ ਬੀਜ ਦੇ ਬਕਸਿਆਂ ਵਿੱਚੋਂ ਖਾਦ ਬੀਜ ਦਾ ਵਹਾਅ ਬੰਦ ਕਰਨ ਦੀ ਸਹੂਲਤ ਹੋਣੀ ਚਾਹੀਦੀ ਹੈ।
- ਖਾਦ-ਬੀਜ ਡਰਿੱਲਾਂ ਦੀ ਸਹੀ ਚੋਣ ਵਾਸਤੇ, ਯੂਨੀਵਰਸਿਟੀ ਦੇ ਮਸ਼ੀਨ ਪ੍ਰੀਖਣ ਕੇਂਦਰ ਵੱਲੋਂ ਜਾਰੀ ਕੀਤੀਆਂ ਰਿਪੋਰਟਾਂ ਦੀ ਮੱਦਦ ਲੈਣੀ ਚਾਹੀਦੀ ਹੈ।
ਬੀਜ-ਖਾਦ ਡਰਿੱਲ ਦੀ ਸੁਧਾਈ
ਸੁਧਾਈ ਤੋਂ ਭਾਵ ਮਸ਼ੀਨ ਨੂੰ ਇਸ ਤਰ੍ਹਾਂ ਸੈੱਟ ਕਰਨਾ ਹੈ, ਜਿਸ ਦੁਆਰਾ ਖਾਦ ਦੇ ਬੀਜ ਦੀ ਠੀਕ ਮਾਤਰਾ ਪਾਈ ਜਾ ਸਕੇ। ਭਾਵੇਂ ਡਰਿੱਲਾਂ ਬਣਾਉਣ ਵਾਲੇ ਇਸ ਨੂੰ ਠੀਕ ਸੈੱਟ ਕਰ ਦਿੰਦੇ ਹਨ, ਪਰ ਫਿਰ ਵੀ ਏਧਰ-ਓਧਰ ਲਿਜਾਣ ਨਾਲ ਇਸ ਦੀ ਸੁਧਾਈ ਨੁਕਸਦਾਰ ਹੋ ਜਾਂਦੀ ਹੈ, ਨਾਲ ਹੀ ਇੱਕ ਵਾਰ ਸੈੱਟ ਕੀਤੀ ਡਰਿਲ ਸਾਰੀਆਂ ਕਿਸਮਾਂ ਦੇ ਬੀਜਾਂ ਦੇ ਕੇਰਨ ਲਈ ਠੀਕ ਨਹੀਂ ਬੈਠੇਗੀ।
ਸੁਧਾਈ ਦਾ ਢੰਗ
- ਜੈੱਕ (ਠੁੰਮ੍ਹਣਾ) ਲਾ ਕੇ ਡਰਿਲ ਨੂੰ ਉੱਚਾ ਚੁੱਕੋ ਤੇ ਵੇਖੋ ਕਿ ਇਸ ਦੇ ਪਹੀਏ ਠੀਕ ਤਰ੍ਹਾਂ ਘੁੰਮਦੇ ਹਨ। ਨਾਲ ਹੀ ਦਾਣਿਆਂ ਅਤੇ ਖਾਦ ਵਾਲੀ ਲੱਠ ਵੀ ਚੰਗੀ ਤਰ੍ਹਾਂ ਫਿਰਦੀ ਹੈ।
- ਹਰ ਬੀਜ ਵਾਲੀ ਨਾਲੀ ਥੱਲੇ ਕੋਈ ਬੋਰੀ, ਕੱਪੜਾ ਜਾਂ ਭਾਂਡਾ ਰੱਖੋ।
- ਪਹੀਏ ਦਾ ਘੇਰਾ ਮਾਪੋ। ਇਹ ਇੱਕ ਚੱਕਰ ਕੱਟਣ ਨਾਲ ਕੀਤਾ ਗਿਆ ਫ਼ਾਸਲਾ ਪ੍ਰਗਟਾਉਂਦਾ ਹੈ। -ਪਿੱਛੋਂ ਡਰਿਲ ਦੇ ਸਾਈਜ਼ ਦਾ ਪਤਾ ਕਰੋ। ਡਰਿਲ ਦਾ ਸਾਈਜ਼, ਡਰਿਲ ਦੇ ਫਾਲਿਆਂ ਵਿਚਕਾਰ ਫ਼ਾਸਲੇ ਨਾਲ ਫ਼ਾਲਿਆਂ ਦੀ ਗਿਣਤੀ ਜ਼ਰਬ (ਗੁਣਾ) ਦੇਣ ਨਾਲ ਕੱਢਿਆ ਜਾ ਸਕਦਾ ਹੈ।
- ਬੀਜ ਦੇ ਡੱਬੇ ਨਾਲ ਸਬੰਧਤ ਲੀਵਰ ਨੂੰ ਦਾਣਿਆਂ ਦੀ ਠੀਕ ਮਾਤਰਾ ਲਈ ਅੱਗੇ-ਪਿੱਛੇ ਕਰੋ। ਜੇਕਰ ਬੀਜ ਇੱਕ ਏਕੜ ਦੀ ਬਿਜਾਈ ਲਈ ਘੱਟ ਜਾਪੇ ਤਾਂ ਲੀਵਰ ਨੂੰ ਥੋੜ੍ਹਾ ਜਿਹਾ ਵਾਧੇ ਵਾਲੇ ਪਾਸੇ ਕਰੋ ਤੇ ਇਸ ਤਰ੍ਹਾਂ ਦੂਸਰੀ ਸੂਰਤ ਵਿੱਚ ਘਾਟੇ ਵਲੇ ਪਾਸੇ ਮੋੜੋ।
- ਇਸ ਪ੍ਰਕਾਰ ਦੋ ਵਾਰ ਲੀਵਰ ਨੂੰ ਸੈੱਟ ਕਰਕੇ ਵੇਖੋ ਤਾਂ ਕਿ ਬੀਜ ਦੀ ਠੀਕ ਮਾਤਰਾ ਕੇਰੀ ਜਾ ਸਕੇ।
ਕੰਬਾਈਨ ਹਾਰਵੈਸਟਰ
ਬਹੁਤ ਥੋੜ੍ਹੇ ਕਿਸਾਨਾਂ ਕੋਲ ਆਪਣੇ ਕੰਬਾਈਨ ਹਾਰਵੈਸਟਰ ਹਨ। ਜ਼ਿਆਦਾਤਰ ਕੰਬਾਇਨਾਂ ਨੂੰ ਕਿਰਾਏ ’ਤੇ ਚਲਾਇਆ ਜਾਂਦਾ ਹੈ। ਕੰਬਾਈਨ ਵਿੱਚ ਦਾਣਿਆਂ ਦਾ ਹੇਠ ਲਿਖੇ ਥਾਵਾਂ ਤੋਂ ਨੁਕਸਾਨ ਹੋ ਸਕਦਾ ਹੈ:-
ਕਟਰ ਬਾਰ: ਜੇ ਕੰਬਾਈਨ ਪਿੱਛੋਂ ਛੱਡੇ ਸਾਰੇ ਕੱਖ-ਕਣ ਚੁਣ ਲਏ ਜਾਣ ਤਾਂ ਦਾਣਿਆਂ ਦਾ ਨੁਕਸਾਨ ਧਰਤੀ ਉੱਪਰ ਨਜ਼ਰ ਆ ਸਕਦਾ ਹੈ। ਇਸ ਨੁਕਸਾਨ ਨੂੰ ਕਟਰ ਬਾਰ ਦੀ ਰੀਲ ਨੂੰ ਸੈੱਟ ਕਰਕੇ ਜਾਂ ਕੰਬਾਈਨ ਦੀ ਰਫ਼ਤਾਰ ਘਟਾ ਕੇ ਠੀਕ ਕੀਤਾ ਜਾ ਸਕਦਾ ਹੈ।
ਮਸ਼ੀਨ ਦੇ ਪਿੱਛੇ: ਇਹ ਨੁਕਸਾਨ ਅਣਝੜੇ ਸਿੱਟਿਆਂ ਜਾਂ ਖਿੱਲਰੇ ਹੋਏ ਦਾਣਿਆਂ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ। ਅਣਝੜੇ ਸਿੱਟਿਆਂ ਦਾ ਮਤਲਬ ਇਹ ਹੁੰਦਾ ਹੈ ਕਿ ਸਿਲੰਡਰ ਸਪੀਡ ਤੇ ਸਿਲੰਡਰ ਦੀ ਕਮਾਣੀ ਚੰਗੀ ਤਰ੍ਹਾਂ ਸੈੱਟ ਨਹੀਂ ਹੋਈ। ਦਾਣਿਆਂ ਦਾ ਕੇਰਾ ਬੰਦ ਹੋਈ ਛਾਨਣੀ ਜਾਂ ਹਵਾ ਦੇ ਤੇਜ਼ ਬੁੱਲਿਆਂ ਤੇ ਜਾਂ ਫਿਰ ਦੋਵਾਂ ਹੀ ਕਾਰਨਾਂ ਕਰਕੇ ਵੇਖਣ ਵਿੱਚ ਆਉਂਦਾ ਹੈ। ਮਸ਼ੀਨ ਦੇ ਯੋਗ ਐਡਜੈਸਟਮੈਂਟ ਦੇ ਫ਼ਸਲ ਦੇ ਸੰਘਣੇ-ਪਣ ਅਨੁਸਾਰ ਮਸ਼ੀਨ ਦੀ ਰਫ਼ਤਾਰ ਠੀਕ ਕਰਕੇ ਇਹ ਘਾਟ ਪੂਰੀ ਕੀਤੀ ਜਾ ਸਕਦੀ ਹੈ।
ਸਿਲੰਡਰ ਦੀ ਜ਼ਿਆਦਾ ਸਪੀਡ ਜਾਂ ਨਿਕਾਸ ਛਾਨਣੀ ਗੰਡਾਸਿਆਂ ਦੀ ਗਲਤ ਸੈਟਿੰਗ ਕਾਰਨ ਦਾਣਿਆਂ ਵਿੱਚ ਕੱਖ ਕਣ ਰਹਿ ਜਾਂਦਾ ਹੈ ਤੇ ਦਾਣੇ ਟੁੱਟ ਵੀ ਜਾਂਦੇ ਹਨ।
ਮੋੜਾਂ, ਫ਼ਸਲ ਤੇ ਸੰਘਣੇਪਣ, ਫ਼ਸਲ ਦੀ ਹਾਲਤ (ਢਏ ਤੇ ਅਣਢਏ ਹੋਣ) ਮੁਤਾਬਿਕ ਤੇ ਵੱਟਾਂ ਨੇੜੇ ਧਰਤੀ ’ਤੇ ਤਲ ਦੀ ਪੱਧਰ ਦੇ ਅਨੁਸਾਰ ਕੰਬਾਈਨ ਦੀ ਐਡਜੈਸਟਮੈਂਟ ਦਾ ਕੰਮ ਬਹੁਤ ਨਾਜ਼ੁਕ ਹੁੰਦਾ ਹੈ। ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਨੁਕਸਾਨ ਦਾ ਮੋਟਾ ਜਿਹਾ ਅੰਦਾਜ਼ਾ ਲਾਉਣ ਲਈ ਇਕ ਵਰਗ ਮੀਟਰ ਰਕਬਾ ਮਿਣ ਕੇ ਉਸ ਵਿੱਚੋਂ ਕੰਬਾਈਨ ਦੁਆਰਾ ਛੱਡੀ ਗਈ ਸਮੱਗਰੀ ਇਕੱਠੀ ਕਰੋ। ਉਸ ਵਿੱਚੋਂ ਦਾਣੇ ਅੱਡ ਕਰਕੇ ਗ੍ਰਾਮਾਂ ਵਿੱਚ ਤੋਲੋ। ਇੱਕ ਹੈਕਟਰ ਪਿੱਛੇ ਹੋਇਆ ਨੁਕਸਾਨ ਕਿਲੋ ਗ੍ਰਾਮਾਂ ਵਿੱਚ ਮਾਪਣ ਲਈ ਗ੍ਰਾਮਾਂ ਨੂੰ 10 ਨਾਲ ਗੁਣਾ ਕਰੋ ਜਾਂ ਫਿਰ ਇਹ ਘਾਟਾ ਇੱਕ ਮੀਟਰ ਦੀ ਥਾਂ ਵਿੱਚੋਂ, ਇਕੱਠੇ ਕੀਤੇ ਦਾਣਿਆਂ ਦੀ ਗਿਣਤੀ ਨਾਲ ਕਰੋ। ਇੱਕ ਵਰਗ ਮੀਟਰ ਪਿਛੇ ਸੌ ਦਾਣਿਆਂ ਦਾ ਮਤਲਬ ਇਕ ਹੈਕਟਰ ਪਿੱਛੇ ਲਗਭਗ 40 ਕਿਲੋ ਕਣਕ ਦਾ ਨੁਕਸਾਨ ਹੁੰਦਾ ਹੈ।
ਝੋਨੇ ਦੀ ਕਟਾਈ ਵਿੱਚ ਦਾਣਿਆਂ ਦਾ ਨੁਕਸਾਨ ਕਿਵੇਂ ਘਟਾਇਆ ਜਾਵੇ
ਦਾਣਿਆਂ ਦਾ ਨੁਕਸਾਨ ਅਤੇ ਕੰਬਾਈਨਾਂ ਦੇ ਨੁਕਸ ਸੈਟਿੰਗ ਰਾਹੀਂ ਦੂਰ ਕੀਤੇ ਜਾਂਦੇ ਹਨ। ਕੰਬਾਈਨ ਨਾਲ ਸਹੀ ਅਤੇ ਸੁਰੱਖਿਅਤ ਕੰਮ ਕਰਨ ਲਈ ਹੇਠਾਂ ਲਿਖੇ ਨੁਕਤੇ ਧਿਆਨ ਵਿੱਚ ਰੱਖਣੇ ਬਹੁਤ ਜਰੂਰੀ ਹਨ:
ਟਾਇਰਾਂ ਦਾ ਦਬਾਅ ਚੈਕ ਕਰਕੇ ਮਿਥੇ ਹੋਏ ਅੰਕੜੇ ਮੁਤਾਬਕ ਹਵਾ ਭਰਨੀ ਚਾਹੀਦੀ ਹੈ। ਆਮ ਤੌਰ ਤੇ ਇਹ ਦਬਾਅ ਅਗਲੇ ਟਾਇਰਾਂ ਵਿੱਚ ਇੱਕ ਅਤੇ ਪਿਛਲੇ ਵਿੱਚ ਦੋ ਕਿਲੋਗ੍ਰਾਮ ਪ੍ਰਤੀ ਵਰਗ ਸੈਂਟੀਮੀਟਰ ਦੇ ਹਿਸਾਬ ਨਾਲ ਹੁੰਦਾ ਹੈ।
- ਬੈਰਿੰਗ ਅਤੇ ਚੱਲਣ ਵਾਲੇ ਹਿੱਸਿਆਂ ਨੂੰ ਰੋਜ਼ਾਨਾ ਗਰੀਸ ਜਾਂ ਤੇਲ ਦੇਣਾ ਚਾਹੀਦਾ ਹੈ।
- ਮਸ਼ੀਨ ਮਿਥੀ ਹੋਈ ਰਫ਼ਤਾਰ ਤੇ ਚਲਾਓ
- ਟੂਲ ਬਾਕਸ ਵਿੱਚ ਨਟ, ਬੋਲਟ, ਬੈਰਿੰਗ, ਬਲੇਡ ਗਾਰਡ ਆਦਿ ਰੱਖਣੇ ਚਾਹੀਦੇ ਹਨ ਤਾਂ ਜੋ ਲੋੜ ਪੈਣ ’ਤੇ ਵਰਤੇ ਜਾ ਸਕਣ।
- ਡਿੱਗੀ ਫ਼ਸਲ ਚੁੱਕਣ ਵਾਸਤੇ ਕੰਬਾਈਨ, ਫ਼ਸਲ ਡਿੱਗਣ ਦੀ ਉਲਟ ਦਿਸ਼ਾ ਵਿੱਚ ਚਲਾਉਣੀ ਚਾਹੀਦੀ ਹੈ।
- ਝੋਨੇ ਦੀ ਕਟਾਈ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਹੀ ਕੀਤੀ ਜਾਵੇ।
- ਝੋਨੇ ਦੀ ਗਹਾਈ ਵੇਲੇ ਰਹਿੰਦ-ਖੂੰਹਦ ਵਿੱਚ ਦਾਣਿਆਂ ਦੀ ਮਾਤਰਾ ਇੱਕ ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਜਰੂਰਤ ਮੁਤਾਬਕ ਪੱਖੇ ਦੀ ਹਵਾ ਘਟਾਓ।
ਜੇ ਦਾਣਿਆਂ ਦੀ ਟੁੱਟ-ਭੱਜ ਦੋ ਫੀਸਦੀ ਤੋਂ ਵੱਧ ਹੋਵੇ ਤਾਂ ਸਲੰਡਰ ਕਨਕੇਵ ਦੀ ਵਿੱਥ ਵਧਾਓ ਜਾਂ ਸਲੰਡਰ ਦੀ ਰਫ਼ਤਾਰ ਘਟਾਓ। ਜੇ ਅਣਗਾਹੇ ਦਾਣਿਆਂ ਦੀ ਗਿਣਤੀ ਇੱਕ ਫੀਸਦੀ ਤੋਂ ਵੱਧ ਹੋਵੇ ਤਾਂ ਸਲੰਡਰ ਕਨਕੇਵ ਵਿੱਥ ਨੂੰ ਘੱਟ ਕਰੋ। ਜੇ ਕੰਬਾਈਨ ਰੁਕਦੀ ਹੋਵੇ ਤਾਂ ਕੰਬਾਈਨ ਦੀ ਰਫ਼ਤਾਰ ਘਟਾਓ।
ਕੰਬਾਈਨ ਚਲਾਉਣ ਲੱਗਿਆਂ ਜ਼ਰੂਰੀ ਸਾਵਧਾਨੀਆਂ
- ਕੰਬਾਈਨ ਡਰਾਈਵਰ ਨੂੰ ਕੰਮ ਸਮੇਂ ਢਿੱਲੇ ਕੱਪੜੇ ਨਹੀਂ ਪਾਉਣੇ ਚਾਹੀਦੇ।
- ਚੱਲਦੇ ਪਟੇ ਜਾਂ ਬੈਲਟ ਉਪਰੋਂ ਨਹੀਂ ਲੰਘਣਾ ਚਾਹੀਦਾ।
- ਚੱਲਦੀ ਕੰਬਾਈਨ ’ਤੇ ਚੜ੍ਹਨਾ ਜਾਂ ਉਤਰਨਾ ਨਹੀਂ ਚਾਹੀਦਾ।
- ਕੰਬਾਈਨ ਉਤੇ ਸੁਰੱਖਿਅਤ ਸ਼ੀਲਡਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
- ਝੋਨੇ ਦੀ ਕਟਾਈ ਸਮੇਂ ਫ਼ਸਲ ਦੀ ਨਮੀ 22 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ ਨਹੀਂ ਤਾਂ ਅੱਗ ਵੀ ਲੱਗ ਸਕਦੀ ਹੈ।
- ਕਟਰਬਾਰ ਦੇ ਬਲੇਡ ਘਸੇ ਹੋਏ ਜਾਂ ਖਰਾਬ ਨਹੀਂ ਹੋਣੇ ਚਾਹੀਦੇ ਹਨ।
ਕੰਬਾਈਨ ਨੂੰ ਮੱਕੀ ਦੀ ਗਹਾਈ ਵਾਸਤੇ ਵਰਤਣ ਲਈ ਕੁਝ ਤਬਦੀਲੀਆਂ
ਕਟਰਬਾਰ ਨੂੰ ਪਾਵਰ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਰੀਲ ਨੂੰ ਮਸ਼ੀਨ ਤੋਂ ਉਤਾਰ ਦਿਓ ਤਾਂ ਕਿ ਮੱਕੀ ਦੀਆਂ ਛੱਲੀਆਂ ਪਾਉਣ ਵਾਸਤੇ ਆਸਾਨੀ ਹੋ ਸਕੇ। ਇਹ ਤਬਦੀਲੀ ਬੈਲਟ ਨੂੰ ਉਤਾਰ ਕੇ ਕੁੱਝ ਨੱਟ ਬੋਲਟਾਂ ਨੂੰ ਖੋਲ੍ਹ ਕੇ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਇਸ ਤਰ੍ਹਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਮੱਕੀ ਦੀਆਂ ਛੱਲੀਆਂ ਆਗਰ ਤੋਂ ਕੁਝ ਫ਼ਾਸਲੇ ’ਤੇ ਰਹਿਣ ਅਤੇ ਇਹ ਛੱਲੀਆਂ ਅਗਰ ਉੱਪਰ ਆਪਣੀ ਗੁਰੂਤਾ ਸ਼ਕਤੀ ਨਾਲ ਡਿੱਗਣੀਆਂ ਚਾਹੀਦੀਆਂ ਹਨ। ਇਸ ਤਰ੍ਹਾਂ ਕਰਨ ਨਾਲ ਕਾਮੇ ਸੁਰੱਖਿਅਤ ਰਹਿ ਸਕਦੇ ਹਨ। ਫੀਡਿੰਗ ਪਲੇਟਫਾਰਮ ਜ਼ਮੀਨ ਤੋਂ ਇਕ ਫੁੱਟ ਉੱਚਾ ਹੋਣਾ ਚਾਹੀਦਾ ਹੈ ਤਾਂ ਕਿ ਫੀਡਿੰਗ ਸਹੀ ਢੰਗ ਨਾਲ ਹੋ ਸਕੇ।
ਰਾਸਪਬਾਰ ਸਿਲੰਡਰ ਜੋ ਕਿ ਕਣਕ ਦੀ ਗਹਾਈ ਦੇ ਥਰੈਸ਼ਰ ਲਈ ਵਰਤਿਆ ਜਾਂਦਾ ਹੈ ਉਹੀ ਅਸੀਂ ਮੱਕੀ ਦੀ ਗਹਾਈ ਵਾਸਤੇ ਵਰਤ ਸਕਦੇ ਹਾਂ। ਫਰਕ ਸਿਰਫ਼ ਇੰਨਾ ਹੈ ਕਿ ਇਸਦੇ ਚੱਕਰ 500-600 ਪ੍ਰਤੀ ਮਿੰਟ ਹੋਣੇ ਚਾਹੀਦੇ ਹਨ ਜਦ ਕਿ ਕਣਕ ਵਿੱਚ ਇਹ 900 ਚੱਕਰ ਪ੍ਰਤੀ ਮਿੰਟ ਹੁੰਦੇ ਹਨ। ਇਹ ਤਬਦੀਲੀ ਬੜੀ ਆਸਾਨੀ ਨਾਲ ਇਕ 12 ਇੰਚ ਦੀ ਪੁਲੀ ਸਿਲੰਡਰ ਸ਼ਾਫਟ ਉੱਤੇ 6 ਇੰਚ ਦੀ ਪੁਲੀ ਡਰਾਈਵ ਸ਼ਾਫਟ ਉੱਪਰ ਚਾੜ੍ਹ ਕੇ ਕਰ ਸਕਦੇ ਹਾਂ।
- ਸਿਲੰਡਰ-ਕਨਕੇਵ ਫ਼ਾਸਲਾ ਮੱਕੀ ਲਈ ਲਗਭਗ ਇੱਕ ਇੰਚ ਹੋਣਾ ਚਾਹੀਦਾ ਹੈ ਇਹ ਤਬਦੀਲੀ ਕਨਕੇਵ ਸ਼ਾਫਟ ਨੂੰ ਕਿਸੇ ਇਕ ਅਖੀਰਲੀ ਨੋਚ ਉੱਚੇ ਰੱਖ ਕੇ ਕੀਤਾ ਜਾ ਸਕਦਾ ਹੈ।
- ਕੰਬਾਈਨ ਵਿੱਚ ਲੱਗੀ ਜਾਲੀ ਨੂੰ ਬਦਲ ਕੇ ਇਸ ਦੀ ਜਗ੍ਹਾ ਖੁੱਲ੍ਹੇ ਸੁਰਾਖਾਂ ਵਾਲੀ (ਲਗਭਗ 1/2 ਇੰਚ ਸਾਈਜ਼) ਜਾਲੀ ਲਗਾ ਦਿਓ।
- ਜੇਕਰ ਮਸ਼ੀਨ ਦੇ ਦਾਣਿਆਂ ਵਾਲਾ ਟੈਂਕ ਲੱਗਾ ਹੋਇਆ ਹੋਵੇ ਤਾਂ ਦਾਣੇ ਚੈਂਬਰ ਤੋਂ ਹੀ ਇਕੱਠੇ ਕਰ ਸਕਦੇ ਹਾਂ ਜਿਸ ਨਾਲ ਦਾਣਿਆਂ ਦਾ ਨੁਕਸਾਨ ਘੱਟ ਹੋਵੇਗ।
- ਸਟਰਾਅ ਵਾਕਰ ਉੱਪਰ ਇਕ ਹੋਰ ਪਰਦਾ ਲਗਾ ਦੇਣਾ ਚਾਹੀਦਾ ਹੈ ਤਾਂ ਕਿ ਦਾਣਿਆਂ ਦਾ ਨੁਕਸਾਨ ਨਾ ਹੋਵੇ।
- ਥਰੈਸ਼ਰਾਂ ਦੀ ਅਸਰਦਾਇਕ ਵਰਤੋਂ
ਇਸ ਵੇਲੇ ਪੰਜਾਬ ਵਿੱਚ ਤਕਰੀਬਨ 3,00,000 ਥਰੈਸ਼ਰ ਕਣਕ ਦੀ ਗਹਾਈ ਲਈ ਵਰਤੇ ਜਾਂਦੇ ਹਨ। ਇਨ੍ਹਾਂ ਥਰੈਸ਼ਰਾਂ ਦੀ ਆਰਥਿਕ ਤੌਰ ’ਤੇ ਅਤੇ ਪੂਰੀ ਵਰਤੋਂ ਕਰਨ ਲਈ ਹੇਠ ਲਿਖੇ ਨੁਕਤੇ ਧਿਆਨ ਵਿੱਚ ਰੱਖੋ:
ਕਿਸਾਨ ਦੇ ਥਰੈਸ਼ਰ ਖ਼ਰੀਦਣ ਵੇਲੇ ਫ਼ੈਸਲਾ ਇਨ੍ਹਾਂ ਗੱਲਾਂ ’ਤੇ ਨਿਰਭਰ ਹੋਣਾ ਚਾਹੀਦਾ ਹੈ:
- ਫ਼ਸਲ ਦੀ ਗਹਾਈ ਪ੍ਰਤੀ ਹਾਰਸ ਪਾਵਰ ਪ੍ਰਤੀ ਘੰਟਾ।
- ਥਰੈਸ਼ਰ ਦੀ ਰਫ਼ਤਾਰ ਜਿਹੜੀ ਨਿਰਮਾਤਾ ਵਾਲੇ ਵੱਲੋਂ ਸਿਫ਼ਾਰਸ਼ ਕੀਤੀ ਹੋਵੇ।
- ਥਰੈਸ਼ਰ ਚਲਾਉਣ ਲਈ ਪਾਵਰ ਦੀ ਲੋੜ।
ਇਹ ਜਾਣਕਾਰੀ ਥਰੈਸ਼ਰ ਬਣਾਉਣ ਵਾਲੇ ਤੋਂ ਲਓ ਅਤੇ ਫਾਰਮ ਮਸ਼ੀਨਰੀ ਟੈਸਟਿੰਗ ਸੈਂਟਰ, ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਟੈਸਟ ਰਿਪੋਰਟ, ਜੇ ਹੋਵੇ, ਨਾਲ ਮਿਲਾ ਲਓ।
ਉਪਰੋਕਤ ਜਾਣਕਾਰੀ ਨਾਲ ਕਿਸਾਨ ਆਪਣੇ ਥਰੈਸ਼ਰ ਦੀ ਸੰਜਮੀ ਅਤੇ ਪੂਰੀ ਤਰ੍ਹਾਂ ਵਰਤੋਂ ਕਰ ਸਕਦਾ ਹੈ। ਜੇਕਰ ਥਰੈਸ਼ਰ ਵਰਤਣ ਵੇਲੇ ਹੇਠ ਦਿੱਤੀਆਂ ਗੱਲਾਂ ’ਤੇ ਅਸਰ ਕੀਤਾ ਜਾਵੇ:
- ਥਰੈਸ਼ਰ ਨੂੰ ਪੱਧਰਾ ਲੈਵਲ ਵਿੱਚ ਰੱਖੋ।
- ਥਰੈਸ਼ਰ ਲਈ ਲੋੜੀਂਦੀ ਪਾਵਰ ਹੋਣੀ ਚਾਹੀਦੀ ਹੈ। ਇਹ ਨਾ ਹੋਵੇ ਕਿ ਪਾਵਰ ਘੱਟ ਹੋਵੇ।
- ਥਰੈਸ਼ਰ ਨੂੰ ਸਿਫ਼ਾਰਸ਼ ਕੀਤੀ ਰਫ਼ਤਾਰ ’ਤੇ ਚਲਾਉ ਅਤੇ ਫ਼ਸਲ ਦੀ ਕਿਸਮ, ਸਿੱਲ੍ਹ ਅਤੇ ਦਾਣਿਆਂ ਦੀ ਸਫ਼ਾਈ ਦੇ ਹਿਸਾਬ ਨਾਲ ਉਸ ਨੂੰ ਸੈੱਟ ਕਰ ਲਓ।
ਧੰਨਵਾਦ ਸਹਿਤ,
ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ