ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਦੀ ਕੀਤੀ ਜਾਵੇਗੀ ਤਫਤੀਸ਼ : ਜ਼ਿਲ੍ਹਾ ਪੁਲਿਸ ਮੁਖੀ
Police Search Operation: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਮਾਲੇਰਕੋਟਲਾ ਪੁਲਿਸ ਵੱਲੋਂ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀ ਹਦਾਇਤ ‘ਤੇ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਗਿਆ। ਐੱਸ.ਐੱਸ.ਪੀ. ਮਾਲੇਰਕੋਟਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਰਚ ਅਭਿਆਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਬ-ਮਾਲੇਰਕੋਟਲਾ, ਸਬ ਡਵੀਜ਼ਨ ਅਮਰਗੜ੍ਹ ਸਬ ਡਵੀਜ਼ਨ ਅਹਿਮਦਗੜ੍ਹ ਵਿੱਚ ਕੀਤਾ ਗਿਆ, ਜਿਸ ਵਿੱਚ ਸ਼ੱਕੀ ਥਾਵਾਂ ‘ਤੇ ਛਾਪੇ ਮਾਰੇ ਗਏ, ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦੀ ਵੀ ਹੋਈ।
ਐੱਸ.ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਗੈਰਕਾਨੂੰਨੀ ਕੰਮਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਜਾਂਚ ਕਰਕੇ ਉਹਨਾਂ ਦੀਆਂ ਜਾਇਦਾਦਾਂ ਦੀ ਤਸਦੀਕ ਕਰਵਾਈ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: Weather Forecast: ਦਸ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚੇਤਾਵਨੀ
ਮਾਲੇਰਕੋਟਲਾ ਪੁਲਿਸ ਲੋਕਾਂ ਨੂੰ ਵੀ ਅਪੀਲ ਕਰ ਰਹੀ ਹੈ ਕਿ ਜੇਕਰ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਰੱਖਦੇ ਹਨ, ਤਾਂ ਤੁਰੰਤ ਮਾਲੇਰਕੋਟਲਾ ਪੁਲਿਸ ਦੇ ਐਂਟੀ ਡਰੱਗ ਹੈਲਪਲਾਇਨ ਨੰਬਰ ਵੱਟਸ ਐਪ ਨੰਬਰ 91155-18150 ’ਤੇ ਜਾਣਕਾਰੀ ਸਾਂਝੀ ਕਰਨ ਤੇ ਇਸਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ ਤਾਂ ਜੋ ਨਸ਼ੇ ਵਿਰੁੱਧ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।