ਮਨਪ੍ਰੀਤ ਬਾਦਲ ਨੇ ਦੁਹਰਾਇਆ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ

Manpreet Badal, Finance Minister, Debt Repayable, Farmers

ਕਿਹਾ : ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ

ਸੁਖਜੀਤ ਮਾਨ, ਮਾਨਸਾ: ਚਿੱਟੀ ਮੱਖੀ ਦੇ ਸਤਾਏ ਕਿਸਾਨਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਸਿਲਸਿਲੇ ਦੌਰਾਨ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਸਾਨਾਂ ਨੂੰ ਧਰਵਾਸ ਦਿੰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਮੁੜ ਪੈਰਾਂ ਸਿਰ ਖੜ੍ਹਾ ਕੀਤਾ ਜਾਵੇਗਾ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਵਿੱਤ ਮੰਤਰੀ ਮਾਨਸਾ ਵਿਖੇ ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਉਪਰੰਤ ਹਾਜ਼ਰੀਨ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 5 ਏਕੜ ਤੱਕ ਜ਼ਮੀਨ ਵਾਲੇ ਛੋਟੇ ਤੇ ਦਰਮਿਆਨੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਕਾਰੋਬਾਰੀਆਂ ਦਾ ਪਹੀਆ ਇੱਕ ਵਾਰ ਫਿਰ ਤੇਜ਼ ਕੀਤਾ ਜਾਵੇਗਾ।

ਬੇਰੁਜ਼ਗਾਰੀ ਦੇ ਖਾਤਮੇ ਦੀ ਗੱਲ ਵੀ ਆਖੀ

ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ 5 ਸਾਲਾਂ ਲਈ ਕਿਸੇ ਮੰਤਵ ਲਈ ਚੁਣਿਆ ਹੈ ਅਤੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇਗਾ। ਸਰਕਾਰ ਦਾ ਸਭ ਤੋਂ ਪਹਿਲਾ ਤੇ ਵੱਡਾ ਕੰਮ ਸੂਬੇ ਅੰਦਰ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਹੈ। ਬੇਰੁਜ਼ਗਾਰੀ ਭਾਵੇਂ ਪੜ੍ਹਿਆਂ-ਲਿਖਿਆਂ ਦੀ ਹੈ ਜਾਂ ਅਨ੍ਹਪੜ੍ਹਾਂ ਦੀ, ਹਰੇਕ ਵਿਅਕਤੀ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦ ਪਈਆਂ ਉਦਯੋਗਿਕ ਇਕਾਈਆਂ ਨੂੰ ਮੁੜ ਚਾਲੂ ਕਰਕੇ ਪੰਜਾਬ ਦੀ ਆਰਥਿਕ ਸਥਿਤੀ ਵਿਚ ਸੁਧਾਰ ਲਿਆਂਦਾ ਜਾਵੇਗਾ।

ਚੌਥੇ ਸਾਲ ਪੰਜਾਬ ਬਣੇਗਾ ਸਰਪਲਸ ਬਜਟ ਵਾਲਾ ਸੂਬਾ

ਮਨਪ੍ਰੀਤ ਬਾਦਲ ਨੇ ਕਿਹਾ ਕਿ ਜਿਹੜਾ ਬਜਟ ਹੁਣ ਘਾਟੇ ਵਿਚ ਚੱਲ ਰਿਹਾ ਹੈ ਉਸਨੂੰ ਸਰਪਲੱਸ ਕਰਕੇ ਚੌਥੇ ਸਾਲ ਵਿਚ ਪੰਜਾਬ ਨੂੰ ਸਰਪੱਲਸ ਬਜਟ ਵਾਲਾ ਸੂਬਾ ਬਣਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਮੁਕੰਮਲ ਤੌਰ’ਤੇ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਿਆਂ ‘ਤੇ ਵੀ ਪੂਰਨ ਤੌਰ ‘ਤੇ ਨਕੇਲ ਕੱਸੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।