ਮਨਪ੍ਰੀਤ ਬਾਦਲ ਵੱਲੋਂ ਮਾਲੇਰਕੋਟਲਾ ਨੂੰ ਜਿ਼ਲ੍ਹਾ ਬਣਾਉਣ ਦਾ ਭਰੋਸਾ

Manpreet Badal, Promises, Malerkotla District, top news
?

ਮਾਲੇਰਕੋਟਲਾ ਈਦਗਾਹ ਲਈ ਡੇਢ ਕਰੋੜ ਰੁਪਏ ਦਾ ਐਲਾਨ

ਗੁਰਤੇਜ ਜੋਸ਼ੀ, ਮਲੇਰਕੋਟਲਾ: ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਮੌਕੇ ਈਦਗਾਹ ਮਲੇਰਕੋਟਲਾ ਵਿਖੇ ਮੁਸਲਿਮ ਭਾਈਚਾਰੇ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ ਗਈ ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਪਹੁੰਚੇ ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਵਿੱਚ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਮਾੜੀਆਂ ਤਾਕਤਾਂ ਨੂੰ ਕਿਸੇ ਕੀਮਤ ‘ਤੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਈਦਗਾਹ ਵਿਖੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੈਗੰਬਰ ਦੇ ਆਉਣ ਨਾਲ ਦੁਨੀਆਂ ਦੇ ਸਾਰੇ ਰੰਗ ਪੂਰੇ ਹੋ ਗਏ ਜਿਨ੍ਹਾਂ ਤੋਂ ਸਮੁੱਚੀ ਦੁਨੀਆਂ ਨੂੰ ਆਪਸੀ ਭਾਈਚਾਰੇ, ਮਿਲਵਰਤਨ ਅਤੇ ਅਮਨ ਸ਼ਾਂਤੀ ਦਾ ਸੰਦੇਸ਼ ਮਿਲਿਆ। ਉਨ੍ਹਾਂ ਨੇ ਈਦਗਾਹ ‘ਚ ਇਕੱਤਰ ਹੋਏ ਭਾਈਚਾਰੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿੱਤੀ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਵੀ ਆਪਣੀਆਂ ਖੁਸ਼ੀਆਂ ਵਿੱਚ ਸ਼ਾਮਲ ਕਰਨ ਲਈ ਯਤਨਸ਼ੀਲ ਰਿਹਾ ਜਾਵੇ। ਮਨਪ੍ਰੀਤ ਸਿੰਘ ਬਾਦਲ ਨੇ ਈਦਗਾਹ ਲਈ ਪੰਜਾਬ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਹਿਲੇ ਬਜਟ ਵਿੱਚ ਮੁਸਲਿਮ ਭਾਈਚਾਰੇ ਲਈ ਵੱਡੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਮਲੇਰਕੋਟਲਾ ਵਿਖੇ ਉਰਦੂ ਅਕਾਦਮੀ ਲਈ 3 ਕਰੋੜ ਰੁਪਏ, ਪੰਜਾਬ ਵਿੱਚ ਕਬਰਿਸਤਾਨਾਂ ਲਈ 10 ਕਰੋੜ ਰੁਪਏ ਅਤੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਸ਼ਾਮਲ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਖੁਦ ਭਾਵੇਂ ਇੱਕ ਵਕਤ ਦੀ ਰੋਟੀ ਘੱਟ ਖਾ ਲਈ ਜਾਵੇ ਪਰ ਆਪਣੇ ਬੱਚਿਆਂ ਨੂੰ ਉਚੇਰੀ ਵਿਦਿਆ ਜ਼ਰੂਰ ਮੁਹੱਈਆ ਕਰਵਾਈ ਜਾਵੇ।

ਨਵਜੋਤ ਸਿੰਘ ਸਿੱਧੂ ਨੇ ਵੀ ਸਮਾਰੋਹ ‘ਚ ਕੀਤੀ ਸ਼ਮੂਲੀਅਤ

ਇਸ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਈਦਗਾਹ ਲਈ ਆਪਣੇ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਉਥੇ ਹੀ ਕਾਂਗਰਸ ਸਰਕਾਰ ਵੱਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਵੀ ਜ਼ਰੂਰ ਪੂਰਾ ਕੀਤਾ ਜਾਵੇਗਾ।
ਇਸ ਦੌਰਾਨ ਲੋਕ ਨਿਰਮਾਣ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਵਿੱਚ ਮੁਸਲਿਮ ਭਾਈਚਾਰੇ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਲਈ ਧੰਨਵਾਦ ਕੀਤਾ।

ਮਾਲੇਰਕੋਟਲਾ ਦੇ ਲੋਕਾਂ ਨੂੰ ਫਿਰ ਮਿਲਿਆ ਸਿਰਫ ਭਰੋਸਾ

ਮਾਲੇਰਕੋਟਲਾ ਵਾਸੀਆਂ ਨੂੰ ਅੱਜ ਇਸ ਸ਼ੁੱਭ ਮੌਕੇ ਤੇ ਮਾਲੇਰਕੋਟਲਾ ਸ਼ਹਿਰ ਨਾਲ ਕੀਤੇ ਵਾਅਦੇ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਬਣਾਉਣ  ਦੇ ਐਲਾਨ ਹੋਣ ਦੀ ਇੱਕ ਵੱਡੀ ਉਮੀਦ ਸੀ, ਜੋ ਸਿਰਫ ਭਰੋਸੇ ਦੇ ਵਿੱਚ ਹੀ ਰੁਲ ਗਈ ਜਿਸ ਕਾਰਨ ਸ਼ਹਿਰ ਵਾਸੀ ਨਿਰਾਸ਼ ਹੀ ਨਜਰ ਆਏ। ਇਹ ਵੀ ਪਤਾ ਲੱਗਿਆ ਹੈ ਕਿ ਕੁਝ ਦਿਨਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਲੇਰਕੋਟਲਾ ਆਉਣਗੇ ਅਤੇ ਖੁਦ ਆਪ ਇਨਾਂ ਵਾਅਦਿਆ ਦਾ ਐਲਾਨ ਕਰਨਗੇ।