ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾਈ ਰੈਲੀ ਅੱਜ
ਫਰੀਦਕੋਟ (ਸੁਭਾਸ਼ ਸ਼ਰਮਾ)। ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੇ ਖਿਲਾਫ਼ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 13 ਨਵੰਬਰ ਨੂੰ ਬਠਿੰਡਾ ਵਿਖੇ ਸੂਬਾਈ ਰੋਸ ਰੈਲੀ ਅਤੇ ਬਠਿੰਡਾ ਸ਼ਹਿਰ ਦੇ ਗਲੀਆਂ ਤੇ ਬਾਜ਼ਾਰਾਂ ਵਿੱਚ ਮੁਜ਼ਾਹਰਾ ਕਰਨ ਦਾ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਸ ਐਕਸ਼ਨ ਦੀਆਂ ਤਿਆਰੀਆਂ ਸਬੰਧੀ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ, ਸੋਮ ਨਾਥ ਅਰੋੜਾ ਵਿੱਤ ਸਕੱਤਰ ਪੰਜਾਬ ਪੈਨਸ਼ਨਰਜ਼ ਯੂਨੀਅਨ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਸੂਬਾਈ ਆਗੂ ਪ੍ਰੇਮ ਚਾਵਲਾ, ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਆਗੂ ਨਛੱਤਰ ਸਿੰਘ ਭਾਣਾ, ਇਕਬਾਲ ਸਿੰਘ ਰਣ ਸਿੰਘ ਵਾਲਾ ਤੇ ਰਮੇਸ਼ ਢੈਪਈ, ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਸਕਿਓਰਿਟੀ ਗਾਰਡ ਮੁਲਾਜ਼ਮਾਂ ਦੇ ਆਗੂ ਸੁਖਵਿੰਦਰ ਸਿੰਘ ਤੇ ਸ਼ਿਵਨਾਥ ਦਰਦੀ, ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਵੱਲੋਂ ਇਸ ਰੈਲੀ ਨੂੰ ਸਫਲ ਬਣਾਉਣ ਲਈ ਪ੍ਰਚਾਰ ਮੁਹਿੰਮ ਤੇਜ਼ ਕੀਤੀ ਹੋਈ ਹੈ।
ਆਗੂਆਂ ਨੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦੀ 17 ਫ਼ੀਸਦੀ ਤੋਂ 28 ਫ਼ੀਸਦੀ ਦੀ ਦਰ ਨਾਲ ਮਹੀਨਾ ਨਵੰਬਰ 2021 ਤੋਂ ਜਾਰੀ ਕੀਤੀ ਗਈ। ਕਿਸ਼ਤ ਜੁਲਾਈ 2021 ਤੋਂ ਨਾ ਦੇਕੇ ਡੀ ਏ ਨੂੰ ਕੇਂਦਰੀ ਪੈਟਰਨ ਨਾਲੋਂ ਤੋੜਨ ਦੀ ਕੋਝੀ ਸਾਜ਼ਿਸ਼ ਕੀਤੀ ਹੈ।
ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਕਾਰਨ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਆਸ਼ਾ ਵਰਕਰ, ਮਿਡ ਡੇ ਮੀਲ ਵਰਕਰ, ਆਂਗਨਵਾੜੀ ਵਰਕਰ ਤੇ ਹੈਲਪਰਾਂ ਨੂੰ ਰੈਗੂਲਰ ਕਰਨਾ ਤਾਂ ਦੂਰ ਦੀ ਗੱਲ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਤੇ ਲਗਾਤਾਰ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ , ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧੀਆਂ ਗਈਆਂ ਤਨਖਾਹਾਂ , ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦੀਆਂ ਸੋਧੀਆਂ ਦਰਾਂ ਅਨੁਸਾਰ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਬਣਦਾ ਬਕਾਇਆ ਵੀ ਅਸਿੱਧੇ ਢੰਗ ਨਾਲ ਹੜੱਪ ਕਰ ਲਿਆ ਗਿਆ ਹੈ। ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਵੀ ਖੋਰਾ ਲਗਾਇਆ ਜਾ ਰਿਹਾ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇਂਦਰੀ ਪੈਟਰਨ ਅਨੁਸਾਰ 1 ਜਨਵਰੀ 2016 ਤੋਂ ਬਣਦਾ ਮਹਿੰਗਾਈ ਭੱਤਾ 125 ਫ਼ੀਸਦੀ ਮਰਜ਼ ਕੀਤਾ ਜਾਵੇ, ਜਨਵਰੀ 2017 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿੱਤੀ ਗਈ ਅੰਤ੍ਰਿਮ ਰਿਲੀਫ ਦੀ ਕਿਸ਼ਤ ਨੂੰ ਤਨਖਾਹ ਫਿਕਸ਼ੇਸ਼ਣ ਸਮੇਂ ਨਾਲ ਜੋੜਿਆ ਜਾਵੇ ਅਤੇ 1 ਜਨਵਰੀ 2016 ਤੋਂ 30 ਜੂਨ 2021 ਤੱਕ ਸੋਧੀਆ ਤਨਖਾਹਾਂ, ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ।
ਇਸ ਦੌਰਾਨ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਦਰਜਾ ਚਾਰ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਾਂਝੇ ਤੌਰ ‘ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਭੁੱਖ ਹਡ਼ਤਾਲ ਰੱਖੀ ਗਈ। ਆਗੂਆਂ ਨੇ ਦੱਸਿਆ ਕਿ ਪੰਜਾਬ ਯੂਟੀ ਮੁਲਾਜ਼ਮ ‘ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 13 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਆਸ਼ਾ ਵਰਕਰਜ਼ ਦਰਜਾ ਚਾਰ ਕਰਮਚਾਰੀ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ