ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਵਿੱਚ ਪਡ਼੍ਹਦੇ ਵਿਦਿਆਰਥੀਆਂ ਦੇ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਗਿਆਨ ਪਰਖ ਮੁਕਾਬਲੇ 6 ਅਗਸਤ ਨੂੰ
- ਮੁਕਾਬਲਿਆਂ ਦੇ ਸੰਚਾਲਨ ਲਈ ਬਣਾਏ ਗਏ 9 ਪ੍ਰੀਖਿਆ ਕੇਂਦਰ
ਕੋਟਕਪੂਰਾ , (ਸੁਭਾਸ਼ ਸ਼ਰਮਾ)। ‘ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਸ਼ੋਕ ਕੌਸ਼ਲ , ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋਡ਼ਾ ਤੇ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਹੈ ਕਿ ਆਜ਼ਾਦੀ ਸੰਗਰਾਮ ਦੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਨ 31 ਜੁਲਾਈ ਨੂੰ ਹੈ , ਪਰ ਇਸ ਦਿਨ ਐਤਵਾਰ ਦੀ ਛੁੱਟੀ ਹੋਣ ਕਰਕੇ ਇਹ ਸ਼ਹੀਦੀ ਦਿਨ 30 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਮਨਾਇਆ ਜਾ ਰਿਹਾ ਹੈ।
ਸੁਸਾਇਟੀ ਦੇ ਮੈਂਬਰ ਅਤੇ ਸਕੂਲ ਦੇ ਪ੍ਰਿੰਸੀਪਲ ਨਵਦੀਪ ਸ਼ਰਮ , ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਂ ਦੇ ਵਿੱਦਿਅਕ ਸੈਸ਼ਨ 2021 -22 ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਇਸ ਸਮਾਗਮ ਦੇ ਮੁੱਖ ਮਹਿਮਾਨ ਪਿੰਡ ਵਾਸੀ ਸ ਬਲਵਿੰਦਰ ਸਿੰਘ ਬਰਾੜ, ਸੇਵਾ ਮੁਕਤ ਮੁੱਖ ਅਧਿਆਪਕ ਅਤੇ ਵਿਸ਼ੇਸ਼ ਮਹਿਮਾਨ ਪੈਨਸ਼ਨਰ ਆਗੂ ਗੇਜ ਰਾਮ ਭੌਰਾ ਹੋਣਗੇ। ਸੇਵਾ ਮੁਕਤ ਤਹਿਸੀਲਦਾਰ ਰਾਜਿੰਦਰ ਸਿੰਘ ਸਰਾ, ਮਨਦੀਪ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ ਥਾਂਦੇਵਾਲਾ, ਤਰਸੇਮ ਨਰੂਲਾ, ਇਕਬਾਲ ਸਿੰਘ ਮੰਘੇੜਾ ਅਤੇ ਗੁਰਚਰਨ ਸਿੰਘ ਮਾਨ ਵੀ ਇਸ ਸਨਮਾਨ ਸਮਾਰੋਹ ਸਮੇਂ ਹਾਜ਼ਰ ਹੋਣਗੇ।
ਸੁਸਾਇਟੀ ਦੇ ਆਗੂਆਂ ਨੇ ਅੱਗੇ ਦੱਸਿਆ ਕਿ ਸ੍ਰੀ ਸ਼ਿਵ ਰਾਜ ਕਪੂਰ ਜ਼ਿਲ੍ਹਾ ਸਿੱਖਿਆ ਅਫਸਰ ( ਸੈਕੰਡਰੀ ਸਿੱਖਿਆ )ਅਤੇ ਸ੍ਰੀ ਪ੍ਰਦੀਪ ਦਿਓਡ਼ਾ ਡਿਪਟੀ ਡੀ. ਈ .ਓ. ( ਸੈ.ਸਿ. ) ਫ਼ਰੀਦਕੋਟ ਦੇ ਸਹਿਯੋਗ ਨਾਲ ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ , ਹਾਈ ਅਤੇ ਮਿਡਲ ਸਕੂਲ ਵਿੱਚ ਅੱਠਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਦਾ ਜੂਨੀਅਰ ਗਰੁੱਪ ਬਣਾ ਕੇ ਅਤੇ ਇਸੇ ਤਰ੍ਹਾਂ 10 +1 ਅਤੇ 10+2 ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸੀਨੀਅਰ ਗਰੁੱਪ ਬਣਾ ਕੇ 6 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਜ਼ਿਲ੍ਹਾ ਫ਼ਰੀਦਕੋਟ ਦੇ 9 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾ ਕੇ ਗਿਆਨ ਪਰਖ ਮੁਕਾਬਲਾ ਕਰਵਾਇਆ ਜਾ ਰਿਹਾ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਤਹਿਸੀਲ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚੋਂ ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਪਹਿਲਾ , ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ, ਸਰਟੀਫਿਕੇਟ , ਦੇਸ਼ ਭਗਤਾਂ ਦੇ ਜੀਵਨ ਨਾਲ ਸੰਬੰਧਤ ਕਿਤਾਬ ਅਤੇ ਕ੍ਰਮਵਾਰ 1100 ਰੁਪਏ , 700 ਰੁਪਏ ਅਤੇ 500 ਰੁਪਏ ਦੇ ਨਗਦ ਇਨਾਮ ਵੀ ਦਿੱਤੇ ਜਾਣਗੇ । ਸਨਮਾਨ ਸਮਾਰੋਹ ਦੀ ਮਿਤੀ ਅਤੇ ਸਥਾਨ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ । ਆਗੂਆਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ , ਹਾਈ ਅਤੇ ਮਿਡਲ ਸਕੂਲਾਂ ਦੇ ਮੁਖੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦੇ ਹੋਏ ਅਪੀਲ ਕੀਤੀ ਕਿ ਆਪਣੇ ਆਪਣੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੀ ਇਸ ਗਿਆਨ ਪਰਖ ਮੁਕਾਬਲੇ ਵਿੱਚ ਸ਼ਮੂਲੀਅਤ ਕਰਵਾਉਣ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ