ਅਕਾਲ ਡਿਗਰੀ ਕਾਲਜ ’ਚ ਫੰਡਾਂ ਦੀ ਹੋਈ ਵੱਡੇ ਪੱਧਰ ’ਤੇ ਘਪਲੇਬਾਜ਼ੀ : ਹਰਪਾਲ ਸਿੰਘ ਚੀਮਾ

Harpal Singh Cheema Sachkahoon

‘ਸਰਕਾਰ ਦੀ ਪੜਤਾਲੀਆ ਕਮੇਟੀ ਦੀ ਰਿਪੋਰਟ ਵਿੱਚ ਹੋਇਆ ਖੁਲਾਸਾ’

 ਪੰਜਾਬ ਸਰਕਾਰ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਏ’

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੀ ਮੈਨੇਜਮੈਂਟ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਇਸ ਸਬੰਧੀ ਪੜਤਾਲੀਆ ਰਿਪੋਰਟ ’ਚ ਵੀ ਸਪੱਸ਼ਟ ਹੋ ਗਿਆ ਹੈ ਕਿ ਵੱਡੇ ਪੱਧਰ ’ਤੇ ਕਥਿਤ ਘਪਲੇਬਾਜ਼ੀ ਕੀਤੀ ਗਈ ਹੈ ਜਿਸ ਪਿਛੋਂ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਬੰਧੀ ਕਥਿਤ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਵੇ।

ਸੰਗਰੂਰ ਦੇ ਇੱਕ ਨਿੱਜੀ ਹੋਟਲ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ: ਚੀਮਾ ਨੇ ਕਿਹਾ ਕਿ ਸੰਗਰੂਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਕੁੜੀਆਂ ਦੀ ਸਿੱਖਿਆ ’ਚ ਮੋਹਰੀ ਰੋਲ ਨਿਭਾਉਣ ਵਾਲੇ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਨੂੰ ਬੰਦ ਕਰਨ ਅਤੇ ਇਸ ਦੇ ਵਿੱਚ ਫੰਡਾਂ ਦੀ ਦੁਰਵਰਤੋਂ ਕਰਨ ਬਾਰੇ ਗੱਲਾਂ ਸਾਹਮਣੇ ਆਈਆਂ ਸਨ ਅਤੇ ਇਸ ਸਬੰਧੀ ਖ਼ਬਰਾਂ ਨਸਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਜਾਂਚ ਪੜਤਾਲ ਲਈ ਇੱਕ ਪੜਤਾਲੀਆ ਕਮੇਟੀ ਵਿੱਚ ਅਮਨਦੀਪ ਸਿੰਘ ਬਰਾੜ ਪੁਲਿਸ ਕਪਤਾਨ ਮਾਲੇਰਕੋਟਲਾ, ਸਿਮਰਤ ਕੌਰ ਪਿ੍ਰੰਸੀਪਲ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਅਰਵਿੰਦ ਗੋਇਲ ਡਿਪਟੀ ਡਾਇਰੈਕਟਰ ਸਥਾਨਕ ਲੇਖਾ ਫੰਡ ਪੰਜਾਬ ਅਤੇ ਚਰਨਜੀਤ ਸੌਨਿਕ ਡਿਪਟੀ ਡਾਇਰੈਕਟਰ ਸਥਾਨਕ ਲੇਖਾ ਪੰਡ ਪੰਜਾਬ ਆਦਿ ਦੇ ਆਧਾਰ ਤੇ ਇੱਕ ਕਮੇਟੀ ਗਠਿਤ ਕੀਤੀ ਗਈ।

ਚੀਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਪੜਤਾਲੀਆ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਸੰਗਰੂਰ ਦੀ ਗਵਰਨਿੰਗ ਬਾਡੀ/ਕੌਂਸਲਰ ਵੱਲੋਂ ਰਜਿਸਟਰੇਸ਼ਨ ਸਮੇਂ ਫਾਇਲ ਕੀਤੇ ਐਮਓਯੂ ਅਤੇ ਰੂਲ ਰੈਗੂਲੇਸ਼ਨ ਵਿੱਚ ਕੀਤੀਆਂ ਗਈਆਂ ਸੋਧਾਂ ਦੇ ਮਤੇ ਪੇਸ਼ ਨਾ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਕਾਪੀਆਂ ਰਜਿਸਟਰਾਰ ਫਰਮਸ ਅਤੇ ਸੁਸਾਇਟੀ ਜਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਨਾ ਭੇਜੇ ਜਾਣ ਸਦਕਾ ਅਤੇ ਨਿਯਮਾਂ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਨਾ ਕੀਤੇ ਜਾਣ ਸਦਕਾ ਵਿਚਾਰਨਯੋਗ ਨਹੀਂ ਹੈ।

ਚੀਮਾ ਨੇ ਦੱਸਿਆ ਕਿ ਰਿਪੋਰਟ ਵਿੱਚ ਮੈਨੇਜਮੈਂਟ ਫੰਡ ਵਿੱਚ ਕੀਤੇ ਗਏ ਖਰਚੇ ਅਤੇ ਰਕਮਾਂ ਦੇ ਤਬਾਦਲੇ ਆਦਿ ਸਬੰਧੀ ਕਿਸੇ ਵੀ ਤਰ੍ਹਾਂ ਦਾ ਮਤਾ ਨਹੀਂ ਪਾਇਆ ਗਿਆ ਸੀ। ਰਿਪੋਰਟ ਵਿੱਚ ਇਹ ਕਿਹਾ ਗਿਆ ਕਿ ਇਨ੍ਹਾਂ ਰਕਮਾਂ ਨੂੰ ਅਕਾਲ ਡਿਗਰੀ ਕਾਲਜ ਤੋਂ ਇਲਾਵਾ ਪਿ੍ਰੰਸੀਪਲ ਤਹਿਤ ਤਿਆਰ ਨਹੀਂ ਕੀਤਾ ਗਿਆ ਜਿਸ ਕਾਰਨ ਇਹ ਕਾਰਵਾਈ ਫੰਡਾਂ ਦੀ ਦੁਰਵਰਤੋਂ ਵਿੱਚ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨੇ ਸਪੱਸ਼ਟ ਕਿਹਾ ਕਿ ਕਾਲਜ ਦੀ ਗਵਰਨਿੰਗ ਬਾਡੀ/ਕੌਂਸਲ ਵੱਲੋਂ ਫੰਡਾਂ ਦੀ ਦੁਵਰਤੋਂ ਸਾਹਮਣੇ ਆਈ ਹੈ।

ਚੀਮਾ ਨੇ ਕਿਹਾ ਕਿ ਇਸ ਰਿਪੋਰਟ ਦੇ ਆਧਾਰ ਤੇ ਪੰਜਾਬ ਸਰਕਾਰ ਨੂੰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਦਿਨੇਸ਼ ਬਾਂਸਲ ਸੀਨੀਅਰ ਆਗੂ ਆਮ ਆਦਮੀ ਪਾਰਟੀ ਸੰਗਰੂਰ, ਚਰਨਜੀਤ ਸਿੰਘ ਚੰਨੀ, ਅਵਤਾਰ ਸਿੰਘ ਮੰਗਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਆਗੂ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ