ਅਤੀ ਆਧੁਨਿਕ ਸਹੂਲਤਾਂ ਨਾਲ ਲੈਸ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ

Patiala Hospital News
ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਅੰਦਰ ਸਿਹਤ ਕ੍ਰਾਂਤੀ ਦੇ ਅੱਜ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। (Patiala Hospital News)

ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਭਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸਲਾਘਾ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉੱਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। (Patiala Hospital News)

ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਦੇ ਪੱਥਰ ਵਜੋਂ ਕੰਮ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 59 ਲੱਖ ਤੋਂ ਵੱਧ ਮਰੀਜ਼ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ 550 ਕਰੋੜ ਰੁਪਏ ਦਾ ਸਿਹਤਮੰਦ ਮਿਸ਼ਨ ਪੰਜਾਬ ਸ਼ੁਰੂ ਕੀਤਾ ਗਿਆ ਹੈ ਅਤੇ ਸਿਹਤਮੰਦ ਮਿਸ਼ਨ ਪੰਜਾਬ ਤਹਿਤ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਵਾਂ ਰੂਪ ਮਿਲੇਗਾ।

ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ (Patiala Hospital News)

ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ ’ਤੇ ਕਲਿੱਕ ਕਰਨ ’ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ।

Patiala Hospital News
ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

ਇਹ ਵੀ ਪੜ੍ਹੋ : ਅੱਗ ਲੱਗਣ ਨਾਲ 45-50 ਝੁੱਗੀਆਂ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਗੱਲਬਾਤ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ’ਤੇ ਪੂਰੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਾਈਵੇਟ ਹਸਪਤਾਲਾਂ ਨਾਲੋਂ ਕਿਤੇ ਵੱਧ ਹਨ। ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਮੌਜੂਦ ਉਨ੍ਹਾਂ ਦੇ ਵਾਰਸਾਂ ਨੇ ਵੀ ਮੁੱਖ ਮੰਤਰੀ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਵੱਡਾ ਉਪਰਾਲਾ ਸਿੱਧ ਹੋਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।