ਸਿਹਤ ਮੰਤਰੀ ਚੇਤਨ ਸਿੰਘ ਜੌੜਮਾਜਰਾ ਵੀ ਰਹੇ ਮੌਜੂਦ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਥਾਪੇ ਗਏ ਪਟਿਆਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘਚੰਦ ਸ਼ੇਰਮਾਜਰਾ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਸ਼ੇਸ ਤੌਰ ’ਤੇ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਪੁੱਜੇ। ਇਸ ਮੌਕੇ ਜੌੜਾਮਾਜਰਾ ਨੇ ਸ਼ੇਰਮਾਜਰਾ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਨ੍ਹਾਂ ਵੱਲੋਂ ਸ਼ੁਰੂ ਤੋਂ ਹੀ ਪਾਰਟੀ ਲਈ ਦਿਨ-ਰਾਤ ਇੱਕ ਕੀਤਾ ਗਿਆ।
ਇਸ ਕਰਕੇ ਪਾਰਟੀ ਅਤੇ ਸਰਕਾਰ ਦੀ ਮਜ਼ਬੂਤੀ ਲਈ ਵਰਕਰਾਂ ਦੀ ਮਜਬੂਤੀ ਵੀ ਅਤਿ ਜਰੂਰੀ ਪਹਿਲੂ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਸ਼ੇਰਮਾਜਰਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸ਼ਹਿਰ ਅੰਦਰ ਵਿਕਾਸ ਕਾਰਜ਼ਾਂ ਸਮੇਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਸਰਕਾਰ ਦੀ ਪਹਿਲ ਹੈ ਕਿ ਹਰ ਇੱਕ ਨਾਗਰਿਕ ਨੂੰ ਕਿਸੇ ਵੀ ਵਿਭਾਗ ਵਿੱਚ ਖੱਜਲ-ਖੁਆਰੀ ਨਾ ਸਹਿਣੀ ਪਵੇ। ‘ਆਪ’ ਸਰਕਾਰ ਵੀ ਇਨ੍ਹਾਂ ਦੀ ਪਦ ਚਿੰਨ੍ਹਾਂ ’ਤੇ ਚੱਲਦਿਆਂ ਪਾਰਟੀ ਵਰਕਰਾਂ ਨੂੰ ਬਣਦੀਆਂ ਨੁਮਾਇੰਦਗੀਆਂ ਦੇ ਰਹੀ ਹੈ ਤੇ ਅਗਲੇ ਦਿਨਾਂ ’ਚ ਹੋਰ ਅਦਾਰਿਆਂ ਦੀਆਂ ਚੇਅਰਮੈਨੀਆਂ, ਡਾਇਰੈਕਟਰੀਆਂ ਤੇ ਮੈਂਬਰੀਆਂ ਸਮੇਤ ਹੋਰ ਨੁਮਾਇੰਦਗੀਆਂ ਵੀ ਐਲਾਨੀਆਂ ਜਾਣਗੀਆਂ।
ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਇਸ ’ਤੇ ਖ੍ਹਰਾ ਉੱਤਰੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੌਰਾਨ ਨਾਭਾ ਦੇ ਵਿਧਾਇਕ ਦੇਵ ਮਾਨ, ਡੇਰਾ ਬੱਸੀ ਤੋਂ ਵਿਧਾਇਕ ਕੁਲਜੀਤ ਰੰਧਾਵਾ, ਆਪ ਆਗੂ ਜਰਨੈਲ ਮੰਨੂ, ਅੰਗੇਰਜ ਸਿੰਘ ਰਾਮਗੜ੍ਹ, ਚੰਦ ਸਿੰਘ ਬੰਗੜ ਸਮੇਤ ਵੱਡੀ ਗਿਣਤੀ ਵਿੱਚ ਆਪ ਵਰਕਰ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ