Ministers: ਐਕਸ਼ਨ ’ਚ ਆਏ ਨਰਿੰਦਰ ਮੋਦੀ ਸਰਕਾਰ ਦੇ ਮੰਤਰੀ, ਫੈਸਲੇ ਸ਼ੁਰੂ

Ministers

ਵਿਭਾਗਾਂ ਦੇ ਕੰਮਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ | Ministers

ਨਵੀਂ ਦਿੱਲੀ (ਏਜੰਸੀ)। Ministers : ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਮੋਦੀ ਸਰਕਾਰ ਦੇ ਮੰਤਰੀਆਂ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ ਅਤੇ ਹਰਕਤ ਵਿੱਚ ਆ ਗਏ। ਇਨ੍ਹਾਂ ਮੰਤਰੀਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਬਿਜਲੀ, ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ, ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੁਪੇਂਦਰ ਯਾਦਵ, ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰੀ ਸਰਬਾਨੰਦ ਸੋਨੋਵਾਲ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ, ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ, ਆਯੁਸ਼ ਮੰਤਰਾਲੇ (ਸੁਤੰਤਰ ਚਾਰਜ) ਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ’ਚ ਰਾਜ ਮੰਤਰੀ ਪ੍ਰਤਾਪਰਾਓ ਗਣਪਤਰਾਓ ਜਾਧਵ ਅਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਐਲ ਮੁਰੂਗਨ ਮੌਜ਼ੂਦ ਸਨ। ਇਨ੍ਹਾਂ ਮੰਤਰੀਆਂ ਨੇ ਅਹੁਦਾ ਸੰਭਾਲਦੇ ਹੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ਦੀਆਂ ਯੋਜਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚਾਰਜ ਸੰਭਾਲਣ ਲਈ ਨੌਰਥ ਬਲਾਕ ਪਹੁੰਚਣ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਬੰਡੀ ਸੰਜੇ ਕੁਮਾਰ ਨੇ ਸੁਆਗਤ ਕੀਤਾ। ਆਪਣੇ ਪਹਿਲੇ ਕਾਰਜਕਾਲ ’ਚ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ, ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਵੰਡਣ, ਬ੍ਰਿਟਿਸ਼ ਕਾਲ ਦੌਰਾਨ ਲਾਗੂ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਬਦਲਣ ਅਤੇ ਨਾਗਰਿਕਤਾ ਸੋਧ ਕਾਨੂੰਨ ਵਰਗੇ ਅਹਿਮ ਫੈਸਲੇ ਲਏ।

ਅਹੁਦਾ ਸੰਭਾਲਦੇ ਹੀ ਮੀਟਿੰਗਾਂ ਦਾ ਦੌਰ ਸ਼ੁਰੂ

ਜਗਤ ਪ੍ਰਕਾਸ਼ ਨੱਡਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਮੰਤਰਾਲੇ ਨੇ ਨਿਰਮਾਣ ਭਵਨ ਸਥਿਤ ਦਫ਼ਤਰ ’ਚ ਸਕੱਤਰ ਅਪੂਰਵ ਚੰਦਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਨੱਡਾ ਦਾ ਸੁਆਗਤ ਕੀਤਾ। ਮੰਤਰਾਲੇ ਵਿੱਚ ਰਾਜ ਮੰਤਰੀ ਅਨੁਪ੍ਰਿਆ ਪਟੇਲ ਅਤੇ ਪ੍ਰਤਾਪਰਾਓ ਗਣਪਤਰਾਓ ਜਾਧਵ ਵੀ ਇਸ ਮੌਕੇ ਮੌਜ਼ੂਦ ਸਨ। ਇਸ ਤੋਂ ਬਾਅਦ ਨੱਡਾ ਨੇ ਸ਼੍ਰਮਸ਼ਕਤੀ ਭਵਨ ਵਿਖੇ ਰਸਾਇਣ ਅਤੇ ਖਾਦ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ। ਇਸ ਤੋਂ ਪਹਿਲਾਂ ਸ਼੍ਰੀਮਤੀ ਪਟੇਲ ਅਤੇ ਜਾਧਵ ਨੇ ਆਪਣੇ ਦਫਤਰਾਂ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨੱਡਾ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Also Read : ਇਸ ਹਲਕੇ ਦੀ ਜ਼ਿਮਨੀ ਚੋਣ ਲਈ ਦਾਅਵੇਦਾਰੀਆਂ ਸ਼ੁਰੂ

ਕੇਂਦਰੀ ਬਿਜਲੀ, ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਬਿਜਲੀ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਮਿਸਾਲ ਗਰਮੀ ਦੇ ਦੌਰਾਨ ਦੇਸ਼ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਬਾਰੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ।

ਅਹੁਦਾ ਸੰਭਾਲਣ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਦੇਸ਼ ਵਾਸੀਆਂ ਨੇ ਚੋਣਾਂ ਰਾਹੀਂ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਤੈਅ ਕਰ ਲਈ ਹੈ ਅਤੇ ਸੰਸਦੀ ਕਾਰਜ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਵਿਰੋਧੀ ਧਿਰ ਨੂੰ ਨਾਲ ਲੈ ਕੇ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ।

ਮੇਘਵਾਲ ਨੇ ਕੀਤੇ ‘ਕੌਮੀ ਮੁਕੱਦਮੇਬਾਜ਼ੀ ਨੀਤੀ’ ’ਤੇ ਦਸਤਖਤ

ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਨੇ ਮੰਗਲਵਾਰ ਨੂੰ ਇੱਥੇ ਅਹੁਦਾ ਸੰਭਾਲ ਲਿਆ ਅਤੇ ਪਹਿਲੇ ਦਸਤਾਵੇਜ਼ ਵਜੋਂ ‘ਕੌਮੀ ਮੁਕੱਦਮੇਬਾਜ਼ੀ ਨੀਤੀ’ ’ਤੇ ਦਸਤਖਤ ਕੀਤੇ। ਦੁਪਹਿਰ 12 ਵਜੇ ਦੇ ਕਰੀਬ ਸ਼ਾਸਤਰੀ ਭਵਨ ਸਥਿਤ ਕਾਨੂੰਨ ਅਤੇ ਨਿਆਂ ਮੰਤਰਾਲੇ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੇਘਵਾਲ ਨੇ ਕੰਮ ਦੀ ਸ਼ੁਰੂਆਤ ਦਾ ਐਲਾਨ ਕਰਦੇ ਹੋਏ ਨੈਸ਼ਨਲ ਲਿਟੀਗੇਸ਼ਨ ਪਾਲਿਸੀ ਦੇ ਦਸਤਾਵੇਜ਼ ’ਤੇ ਦਸਤਖਤ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ੋਰ ‘ਇਜ ਆਫ ਲਿਵਿੰਗ’ ਭਾਵ ਜੀਵਨ ਦੀ ਸਰਲਤਾ ’ਤੇ ਹੈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਕਾਨੂੰਨ ਮੰਤਰਾਲੇ ਨੇ 1500 ਤੋਂ ਵੱਧ ਪੁਰਾਣੇ ਅਪ੍ਰਸੰਗਿਕ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਭਵਿੱਖ ਵਿੱਚ ਅਜਿਹੇ ਹੋਰ ਕਾਨੂੰਨਾਂ ਨੂੰ ਹਟਾ ਦਿੱਤਾ ਜਾਵੇਗਾ।