
ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ : ਵਿਧਾਇਕ ਰਾਏ
Sirhind News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਾਲਾਤਾਂ ’ਤੇ ਪੂਰੀ ਨਜ਼ਰ ਰੱਖੀ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੀਆਂ ਬਰਸਾਤਾਂ ਦੇ ਕਾਰਨ ਲਗਭਗ ਹਰ ਪਾਸੇ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ, ਪ੍ਰੰਤੂ ਅਜਿਹੇ ਵਿੱਚ ਸਾਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਪੁਰਾਣੀਆਂ ਵੀਡੀਓਜ ਭੇਜ ਕੇ ਉਨ੍ਹਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਠੀਕ ਹੈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਸਰਹਿੰਦ ਚੋਅ ’ਚ ਪਾਣੀ ਦਾ ਵਹਾਅ ਬਿਲਕੁਲ ਸਹੀ ਚੱਲ ਰਿਹਾ ਹੈ। ਮੌਸ਼ਮ ਵਿਭਾਗ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਜਿਹੇ ਵਿੱਚ ਸਾਨੂੰ ਸਤਰਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹਿੰਦ ਚੋਅ ਦੇ ਨਾਲ ਜਿੰਨੇ ਵੀ ਪਿੰਡ ਲੱਗਦੇ ਹਨ, ਉਥੋਂ ਦੀਆਂ ਪੰਚਾਇਤਾਂ ਪਿੰਡਾਂ ਦੀਆਂ ਕਮੇਟੀਆਂ ਬਣਾ ਕੇ ਚੋਅ ਦੀ ਸਥਿਤੀ ਉੱਤੇ ਨਜ਼ਰ ਰੱਖਣ ਤਾਂ ਜੋ ਪਿੰਡ ਵਾਸੀਆਂ ਦੀ ਸਹੂਲਤ ਲਈ ਅਗਾਊ ਪ੍ਰਬੰਧ ਕੀਤੇ ਜਾ ਸਕਣ।
ਇਹ ਵੀ ਪੜ੍ਹੋ: Punjab and Haryana: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਹਰਿਆਣਾ ਦੀ ਹੱਲਾਸ਼ੇਰੀ, ਮੁੱਖ ਮੰਤਰੀ ਨੇ ਕਿਹਾ…
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜਾਂ ਦੀ ਸਥਿਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਖੁਦ ਹੜ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਡਿਊਟੀ ਨਿਭਾ ਰਹੇ ਹਨ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਰਣਵੀਰ ਬਹਿਲੋਲਪੁਰ, ਬਿੱਟਾ ਲਟੌਰ, ਸਨੀ ਚੋਪੜਾ ਆਦਿ ਵੀ ਹਾਜ਼ਰ ਸਨ।