ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਵਿਧਾਇਕ ਪੁੱਜੇ ਰਾਜਪਾਲ ਕੋਲ, ਤਿੰਨੇ ਬਿੱਲਾਂ ‘ਤੇ ਦਸਤਖ਼ਤ ਕਰਨ ਦੀ ਕੀਤੀ ਮੰਗ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਇੱਕ ਸੁਰ ਵਿੱਚ ਤਿੰਨ ਖੇਤੀਬਾੜੀ ਕਾਨੂੰਨ ਅਤੇ ਕੇਂਦਰੀ ਕਾਨੂੰਨਾ ਖ਼ਿਲਾਫ਼ ਮਤਾ ਪਾਸ ਕਰਨ ਤੋਂ ਬਾਅਦ ਭਾਜਪਾ ਨੂੰ ਛੱਡ ਸਾਰੀ ਪਾਰਟੀਆਂ ਦੇ ਵਿਧਾਇਕ ਰਾਜਪਾਲ ਦਰਬਾਰ ਵਿੱਚ ਪੁੱਜੇ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਤਿੰਨੇ ਬਿੱਲਾਂ ਨੂੰ ਪਾਸ ਕਰਨ ਦੀ ਮੰਗ ਕੀਤੀ ਗਈ। ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਵੀ ਇਸ ਸਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਭਾਜਪਾ ਦੇ 2 ਵਿਧਾਇਕਾਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਸਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀਵਾਰ ਇੰਜ ਹੋਇਆ ਹੈ, ਜਦੋਂ ਸਾਰੀਆ ਪਾਰਟੀਆਂ ਦੇ ਵਿਧਾਇਕ ਇਕੱਠੇ ਹੋ ਕੇ ਰਾਜਪਾਲ ਕੋਲ ਬਿੱਲ ਪਾਸ ਕਰਵਾਉਣ ਲਈ ਪੁੱਜੇ ਹੋਣ।
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੋਧ ਬਿੱਲਾਂ ‘ਤੇ ਰਾਜਪਾਲ ਵੀ.ਪੀ.ਐਸ. ਬਦਨੌਰ ਵੱਲੋਂ ਹਸਤਾਖਰ ਨਹੀਂ ਕੀਤੇ ਜਾਂਦੇ ਤਾਂ ਉਨਾਂ ਦੀ ਸਰਕਾਰ ਕਾਨੂੰਨੀ ਚਾਰਾਜੋਈ ਕਰਨ ਲਈ ਵੀ ਪੂਰੀ ਤਰਾਂ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਭਾਰਤ ਦੇ ਰਾਸ਼ਟਰਪਤੀ ਕੋਲੋਂ 2 ਤੇ 5 ਨਵੰਬਰ ਦੇ ਦਰਮਿਆਨ ਸਮਾਂ ਮੰਗਿਆ ਹੈ ਅਤੇ ਪੰਜਾਬ ਦੇ ਸਾਰੇ ਵਿਧਾਇਕ ਰਲ ਕੇ ਰਾਸ਼ਟਰਪਤੀ ਕੋਲ ਜਾਣਗੇ ਤਾਂ ਜੋ ਸੂਬੇ ਦੇ ਹਿੱਤ ਵਿੱਚ ਉਨਾਂ ਦਾ ਦਖਲ ਮੰਗਿਆ ਜਾ ਸਕੇ।ਸਾਰੀਆਂ ਪਾਰਟੀਆਂ ਵੱਲੋਂ ਮਤੇ ਅਤੇ ਬਿੱਲਾਂ ਨੂੰ ਹਿਮਾਇਤ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੂੰ ਇਹ ਸੁਨੇਹਾ ਪਹੁੰਚੇਗਾ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਾਰਾ ਪੰਜਾਬ ਪੂਰੀ ਤਰਾਂ ਇਕਜੁਟ ਹੈ।
ਮੁੱਖ ਮੰਤਰੀ, ਰਾਜਪਾਲ ਵੀ.ਪੀ.ਐਸ. ਬਦਨੌਰ ਨੂੰ ਮਤਿਆਂ ਅਤੇ ਸੂਬਾਈ ਬਿੱਲਾਂ, ਜੋ ਕਿ ਵਿਧਾਨ ਸਭਾ ਵੱਲੋਂ ਪਹਿਲਾਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਸਨ, ਦੀਆਂ ਕਾਪੀਆਂ ਸੌਂਪਣ ਤੋਂ ਬਾਅਦ ਪੰਜਾਬ ਰਾਜ ਭਵਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਰਾਜਪਾਲ ਨਾਲ 20 ਮਿੰਟ ਤੱਕ ਚੱਲੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਲ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਹੋਰ ਵਿਧਾਇਕ ਮੌਜੂਦ ਸਨ। ਸਦਨ ਵਿੱਚ ਭਾਜਪਾ ਦੇ ਦੋਵੇਂ ਵਿਧਾਇਕਾਂ ਦੀ ਗੈਰ-ਹਾਜ਼ਰੀ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਇਨਾਂ ਨੂੰ ਕਿਸਾਨਾਂ ਨਾਲ ਕੋਈ ਪਿਆਰ ਨਹੀਂ ਅਤੇ ਨਾ ਹੀ ਕੋਈ ਫਿਕਰ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.