Budget 2023 : ਮੋਦੀ ਸਰਕਾਰ ਨੇ ਪੰਜਾਬ ਵਿਰੋਧੀ ਬਜਟ ਪੇਸ਼ ਕੀਤਾ : ਮੁੱਖ ਮੰਤਰੀ

Bhagwant Maan

Budget 2023 : ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰਾਂ ਅਣਗੌਲਿਆ ਕਰਕੇ ਦੇਸ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ

  • ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ
  • ਮੁੱਖ ਮੁੱਦਿਆਂ ‘ਤੇ ਸੂਬੇ ਨੂੰ ਨਜਰਅੰਦਾਜ ਕਰਕੇ ਅੱਗ ਨਾਲ ਖੇਡਣ ਤੋਂ ਗੁਰੇਜ ਕਰਨ ਤੋਂ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸਾਹੀਣ ਕੇਂਦਰੀ ਬਜਟ (Budget 2023) ਪੇਸ ਕਰਨ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ, “ਇਹ ਕਿੰਨੀ ਸਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਆਪਣੀ ਸੌੜੀ ਮਾਨਸਿਕਤਾ ਦੇ ਚੱਲਦਿਆਂ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਜਿਸ ਨਾਲ ਬਹਾਦਰ ਅਤੇ ਮਿਹਨਤਕਸ ਪੰਜਾਬੀਆਂ ਵੱਲੋਂ ਆਜਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਦਿੱਤੀਆਂ ਅਣਗਿਣਤ ਕੁਰਬਾਨੀਆਂ ਦੀ ਤੌਹੀਨ ਕੀਤੀ ਗਈ।“

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਜਾਣ ਕੇ ਦੁੱਖ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਪੂਰੀ ਤਰਾਂ ਵਿਸਾਰ ਦਿੱਤਾ ਗਿਆ ਅਤੇ ਕੇਂਦਰੀ ਬਜਟ ਵਿੱਚ ਸੂਬੇ ਨੂੰ ਕਿਤੇ ਵੀ ਸ਼ਾਮਲ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿੱਚ ਸੂਬੇ ਦੀ ਝਾਕੀ ਨੂੰ ਪਰੇਡ ਤੋਂ ਬਾਹਰ ਰੱਖਣ ਤੋਂ ਬਾਅਦ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਯੋਗਦਾਨ ਨੂੰ ਜਾਣਬੁੱਝ ਕੇ ਅੱਖੋਂ ਪਰੋਖੇ ਕਰਨ ਲਈ ਕੀਤੀ ਗਈ ਦੂਜੀ ਕੋਸ਼ਿਸ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਭਾਜਪਾ ਪੰਜਾਬ ਨਾਲ ਅਜਿਹਾ ਮਤਰੇਈ ਮਾਂ ਵਾਲਾ ਸਲੂਕ ਕਿਉਂ ਕਰ ਰਹੀ ਹੈ।

ਬੀਐੱਸਐੱਫ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਕੇਂਦਰ ਪਾਸੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਉਨਾਂ ਨੇ ਬੀ ਐੱਸ ਐੱਫ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਕੇਂਦਰ ਪਾਸੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨਾਂ ਕਿਹਾ ਕਿ ਇਹ ਫੰਡ ਸਰਹੱਦ ਪਾਰੋਂ ਖਾਸ ਕਰਕੇ ਹਾਈਟੈਕ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਜਰੂਰੀ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਮੰਗ ਨੂੰ ਠੰਡੇ ਬਸਤੇ ਵਿੱਚ ਪਾ ਕੇ ਇਸ ਲਈ ਬਜਟ ਅਲਾਟ ਨਹੀਂ ਕੀਤਾ ਜਿਸ ਨਾਲ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰਾਂ ਖਤਰੇ ਵਿੱਚ ਪਾਇਆ ਜਾ ਰਿਹਾ ਹੈ।

ਇਸੇ ਤਰਾਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪ੍ਰੀ-ਬਜਟ ਮੀਟਿੰਗਾਂ ਦੌਰਾਨ ਲੋਕਾਂ ਦੀ ਸਹੂਲਤ ਲਈ ਅੰਮਿ੍ਰਤਸਰ ਅਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਮਾਤਰਮ ਰੇਲ ਗੱਡੀਆਂ ਸੁਰੂ ਕਰਨ ਦੀ ਲੋੜ ਬਾਰੇ ਵੀ ਗੱਲ ਕੀਤੀ ਸੀ। ਉਨਾਂ ਕਿਹਾ ਕਿ ਸਿੱਖਾਂ ਦੇ ਪੰਜਾਂ ਤਖਤਾਂ ਨੂੰ ਰੇਲ ਮਾਰਗ ਰਾਹੀਂ ਜੋੜਨ ਦੇ ਵਿਚਾਰ ਦੇ ਨਾਲ-ਨਾਲ ਇਸ ਮੰਗ ਨੂੰ ਵੀ ਪੂਰੀ ਤਰਾਂ ਨਜਰਅੰਦਾਜ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਧਾਰਮਿਕ ਸਰਕਟ ਨਾਲ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਯਾਤਰੀਆਂ ਦੀ ਸਹੂਲਤ ਹੋਵੇਗੀ।

ਬਜਟ ਨੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਾ ਕਰ ਦਿੱਤਾ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਵੀ ਅਫਸੋਸ ਜਤਾਇਆ ਕਿ ਬਜਟ ਨੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਾ ਕਰ ਦਿੱਤਾ।ਉਨਾਂ ਕਿਹਾ ਕਿ ਇਹ ਮੌਜੂਦਾ ਮੋਦੀ ਸਰਕਾਰ ਦਾ ਆਖਰੀ ਬਜਟ ਹੈ ਪਰ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕੁਝ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਵੀ ਭੱਜ ਰਹੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। Budget 2023

ਮੁੱਖ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਸੂਬੇ ਵੱਲੋਂ ਬਰਾਬਰ ਗਰਾਂਟ ਦੇਣ ਦੀ ਪੈਰਵੀ ਕਰ ਰਹੇ ਹਨ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੁਝ ਨਹੀਂ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਕੇਂਦਰੀ ਵਿੱਤ ਮੰਤਰੀ ਨੇ ਨਵੇਂ ਨਰਸਿੰਗ ਕਾਲਜ ਖੋਲੇ ਜਾਣ ਦਾ ਅਸਪਸਟ ਜਿਹਾ ਐਲਾਨ ਕੀਤਾ ਹੈ ਪਰ ਇਸ ਲਈ ਵੀ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ।

ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਨੁਸੂਚਿਤ ਜਨਜਾਤੀਆਂ ਨੂੰ ਬਜਟ ਵਿੱਚ ਵੱਖ-ਵੱਖ ਸਹੂਲਤਾਂ ਦੀ ਪੇਸਕਸ਼ ਕੀਤੀ ਗਈ ਪਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਭਾਈਚਾਰਿਆਂ ਨੂੰ ਪੂਰੀ ਤਰਾਂ ਨਜਰਅੰਦਾਜ਼ ਕੀਤਾ ਗਿਆ। ਉਨਾਂ ਕਿਹਾ ਕਿ ਸਕਰਿਪਟ ਅਧਾਰਿਤ ਬਜਟ ਪੂਰੀ ਤਰਾਂ ਦਿਸਾਹੀਣ ਅਤੇ ਪਿਛਾਂਹਖਿੱਚੂ ਹੈ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿੱਚ ਆਮ ਆਦਮੀ ਲਈ ਦੂਰਅੰਦੇਸੀ ਦੀ ਘਾਟ ਝਲਕਦੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਮੁੱਖ ਮੁੱਦਿਆਂ ‘ਤੇ ਸੂਬੇ ਨੂੰ ਨਜਰਅੰਦਾਜ਼ ਕਰਕੇ ਅੱਗ ਨਾਲ ਖੇਡਣ ਤੋਂ ਰੋਕਣ ਲਈ ਸੁਚੇਤ ਕੀਤਾ। ਉਨਾਂ ਕਿਹਾ ਕਿ ਪੰਜਾਬ ਤੋਂ ਬਿਨਾਂ ਭਾਰਤ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਕਰਨ ਦੀ ਕੋਸ਼ਿਸ ਨੂੰ ਹਰਗਿਜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਦੇਸ ਦੀ ਖੜਗਭੁਜਾ ਅਤੇ ਅੰਨਦਾਤਾ ਹੈ ਅਤੇ ਮੁਲਕ ਪ੍ਰਤੀ ਇਸ ਦੇ ਯੋਗਦਾਨ ਨੂੰ ਕਦੇ ਵੀ ਘਟਾਇਆ ਨਹੀਂ ਜਾ ਸਕਦਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।