ਮੋਦੀ ਸਰਕਾਰ ਨੇ ਸਰਹੱਦੀ ਲੋਕਾਂ ਨੂੰ ਜੰਗ ਵਿੱਚ ਝੋਕਣ ਦੀ ਕੋਸ਼ਿਸ਼ ਕੀਤੀ: ਔਜਲਾ
ਅੰਮ੍ਰਿਤਸਰ,ਰਾਜਨ ਮਾਨ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਸਰਹੱਦੀ ਖੇਤਰ ਦੇ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਜੰਗ ਵਿੱਚ ਝੋਕਣ ਦੀ ਕੋਸ਼ਿਸ਼ ਕੀਤੀ ਸੀ ਅਤੇ ਇਹਨਾਂ ਲੋਕਾਂ ਦੀ ਸਾਰ ਨਹੀਂ ਲਈ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਔਜਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਰਹੱਦੀ ਖੇਤਰ ਦੇ ਲੋਕਾਂ ਲਈ ਕੋਈ ਵਿਸ਼ੇਸ਼ ਪੈਕਜ਼ ਨਹੀਂ ਐਲਾਨਿਆ।
ਉਹਨਾਂ ਕਿਹਾ ਕਿ ਹੁਣ ਮੋਦੀ ਸਰਕਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਖਾਸ ਕਰਕੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਚੁਣਾਵੀਂ ਪਰਿੰਦੇ 23 ਮਈ ਨੂੰ ਖਾਲੀ ਹੱਥ ਉਡਾਰੀ ਮਾਰ ਜਾਣਗੇ। ਸ੍ਰੀ ਔਜਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਤੋਂ ਹਾਰੀ ਹੋਈ ਲੜਾਈ ਲੜ ਰਹੀ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਸਮਰਥਕ ਅਖਵਾਉਣ ਵਾਲੀ ਗਠਜੋੜ ਸਰਕਾਰ ਦੇ ਰਾਜ ਸਮੇਂ ਸੂਬੇ ਵਿੱਚ ਗੁੰਡਾਗਰਦੀ ਦਾ ਰਾਜ ਰਹਿਣ ਕਾਰਨ ਅੰਮ੍ਰਿਤਸਰ ਵਾਸੀਆਂ ਦੀਆਂ ਜਮੀਨਾਂ ਤੇ ਜਾਇਦਾਦਾਂ ਤੇ ਕਬਜੇ ਕੀਤੇ। ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਸਭ ਤੋਂ ਵੱਡੀ ਅਨਾਜ ਖਰੀਦ ਏਜੰਸੀ ਐਫ.ਸੀ.ਆਈ. ਨੂੰ ਖਤਮ ਕਰਕੇ ਕਿਸਾਨਾਂ ਦੀ ਫਸਲ ਕਣਕ ਦੀ ਖਰੀਦ ਕਰਨ ਤੋਂ ਹੱਥ ਖੜੇ ਕਰ ਦਿਤੇ ਗਏ ਪਰ ਅਫਸੋਸ ਕਿ ਕੇਂਦਰੀ ਮੰਤਰੀ ਦੀ ਕੁਰਸੀ ਨੂੰ ਬਚਾਉਣ ਲਈ ਅਕਾਲੀ ਦਲ ਦੇ ਸੰਸਦ ਮੈਂਬਰ ਤੇ ਕੈਬਨਿਟ ਮੰਤਰੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਹਾਅ ਦਾ ਨਾਅਰਾ ਨਹੀਂ ਮਾਰਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।