ਸੰਸਦ ਦਾ ਸੈਸ਼ਨ 29 ਨਵੰਬਰ ਤੋਂ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜ ਦਿਨ ਪਹਿਲਾਂ (19 ਨਵੰਬਰ) ਗੁਰੂ ਪਰਬ ਦੇ ਦਿਨ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਕਾਨੂੰਨ ਨੂੰ ਵਾਪਸ ਲੈਣ ਦਾ ਪ੍ਰਸਤਾਵ ਦੋਵਾਂ ਸਦਨਾਂ ‘ਚ ਪਾਸ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਦੇ ਨਾਂਅ ਆਪਣੇ ਸੰਬੋਧਨ ‘ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਚੰਗੀ ਨੀਅਤ ਨਾਲ ਇਹ ਕਾਨੂੰਨ ਲਿਆਂਦਾ ਸੀ ਪਰ ਅਸੀਂ ਕੁਝ ਕਿਸਾਨਾਂ ਨੂੰ ਮਨਾਉਣ ‘ਚ ਅਸਫਲ ਰਹੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਲੇ ਸੰਸਦ ਸੈਸ਼ਨ ਵਿੱਚ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਹਿਰਾਂ ਮੁਤਾਬਕ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਪ੍ਰਕਿਰਿਆ 3 ਤੋਂ 5 ਦਿਨਾਂ ‘ਚ ਪੂਰੀ ਹੋ ਸਕਦੀ ਹੈ। ਸੰਸਦ ਦਾ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਣਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ