ਮੋਹਾਲੀ ਬਲਾਸਟ: 80 ਮੀਟਰ ਦੂਰ ਤੋਂ ਹਮਲਾ, ਸ਼ੱਕੀ ਕਾਰ ਵੀ ਦੇਖੀ, ਅੱਤਵਾਦੀ ਹਮਲੇ ਦਾ ਖਦਸ਼ਾ

Mohali Blast Sachkahoon

ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼: ਭਗਵੰਤ ਮਾਨ

ਮੋਹਾਲੀ ‘ਚ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ‘ਤੇ ਧਮਾਕਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੇ ਇੰਟੈਲੀਜੈਂਸ ਬਿਊਰੋ ਦੇ ਮੋਹਾਲੀ ਹੈੱਡਕੁਆਰਟਰ ‘ਤੇ ਸੋਮਵਾਰ ਸ਼ਾਮ ਨੂੰ ਧਮਾਕਾ ਹੋਇਆ। ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਰਾਕੇਟ ਗ੍ਰਨੇਡ ਦਾਗਿਆ ਗਿਆ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਪਰ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਰਿਪੋਰਟ ਦੇ ਅਨੁਸਾਰ, ਦੋ ਸ਼ੱਕੀ ਹਮਲਾ ਕਰਨ ਲਈ ਇੱਕ ਕਾਰ ਵਿੱਚ ਆਏ ਸਨ ਅਤੇ ਖੁਫੀਆ ਦਫਤਰ ਦੀ ਇਮਾਰਤ ਤੋਂ ਲਗਭਗ 80 ਮੀਟਰ ਦੀ ਦੂਰੀ ਤੋਂ ਆਰਪੀਜੀ ਲਾਂਚ ਕੀਤੀ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕਿਹਾ, ‘ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੁਲਿਸ ਨੇ ਕੀ ਕਿਹਾ

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 8.45 ਵਜੇ ਵਾਪਰੀ। ਸੀਨੀਅਰ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਾਕੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਪੁਲਿਸ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਨੇ ਜਾਂਚ ਲਈ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਵਿੱਚ ਧਮਾਕੇ ਦੀ ਖ਼ਬਰ ਸੁਣ ਕੇ ਸਦਮੇ ਵਿੱਚ ਹਨ। ਸਾਬਕਾ ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਇਹ ਭਿਆਨਕ ਹਮਲਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕੈਪਟਨ ਸਿੰਘ ਨੇ ਮੁੱਖ ਮੰਤਰੀ ਸ੍ਰੀ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਾਨੂੰਨੀ ਸਜ਼ਾ ਦਿਵਾਉਣਾ ਯਕੀਨੀ ਬਣਾਇਆ ਜਾਵੇ।

ਸੂਬੇ ‘ਚ ਸ਼ਾਂਤੀ ਬਹਾਲ ਕਰਨਾ ਕੇਂਦਰ ਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ-ਮਨੀਸ਼ ਤਿਵਾੜੀ

ਮੋਹਾਲੀ ਧਮਾਕੇ ‘ਤੇ ਗੱਲ ਕਰਦੇ ਹੋਏ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਹਮਲਾ ਬਹੁਤ ਚਿੰਤਾਜਨਕ ਹੈ। ਸੂਬੇ ਵਿੱਚ ਸ਼ਾਂਤੀ ਬਹਾਲ ਕਰਨਾ ਕੇਂਦਰ ਅਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਵਿਗੜਦੇ ਹਨ ਤਾਂ ਇਸ ਦਾ ਸਿੱਧਾ ਅਸਰ ਭਾਰਤ ‘ਤੇ ਪਵੇਗਾ।

ਐਨਆਈਏ ਦੀ ਟੀਮ ਜਾਵੇਗੀ ਮੋਹਾਲੀ

ਮੋਹਾਲੀ ਬਲਾਸਟ ਮਾਮਲੇ ‘ਚ ਐਨਆਈਏ ਦੀ ਟੀਮ ਅੱਜ ਧਮਾਕੇ ਵਾਲੀ ਜਗ੍ਹਾ ਦਾ ਦੌਰਾ ਕਰੇਗੀ।

ਕਾਇਰ ਲੋਕਾਂ ਦੀ ਕਾਰਵਾਈ – ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ਨੂੰ ਕਾਇਰ ਲੋਕਾਂ ਦੀ ਕਾਰਵਾਈ ਦੱਸਿਆ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਮੋਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾਪੂਰਨ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ