ਮੋਹਾਲੀ (ਐੱਮ ਕੇ ਸ਼ਾਇਨਾ)। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ( Sadhu Singh Dharamsot) ਕਸੂਤੇ ਫਸ ਚੁੱਕੇ ਹਨ। ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਵਿਜੀਲੈਂਸ ਵੱਲੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।
ਸਾਧੂ ਸਿੰਘ ਧਰਮਸੋਤ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਕੀਤਾ ਗਿਆ ਗ੍ਰਿਫਤਾਰ
ਦੱਸ ਦੇਈਏ ਕਿ ਬੀਤੇ ਕਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ( Sadhu Singh Dharamsot) ਨੂੰ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਹੋਰ ਵੇਰਵਿਆਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਸੀ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਅਤੇ ਅੱਜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵੱਲੋਂ ਉਹਨਾਂ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।