Sidhu Moosewala: 1550 ਦਿਨ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਇਨਸਾਫ਼ ਲਈ ਲੜ ਰਹੇ, ਪੰਜਾਬ ਪੁਲਿਸ ’ਤੇ ਚੁੱਕੇ ਸਵਾਲ
29 ਮਈ 2022 ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 1550 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ਰਾਹੀਂ ਪੰਜਾਬ ਪੁਲਿਸ ਤੇ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਲਕੌਰ ਸਿੰਘ ਦਾ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਨਾਲ ਜੁੜੇ ਵਿੱਤੀ ਧੋਖਾਧੜੀ ਤੇ ਕਥਿਤ ਬੇਨਿਯਮੀਆਂ ਦੇ ਮਾਮਲੇ +ਚ ਐੱਫਆਈਆਰ ਦਰਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਦਾਅਵਾ ਹੈ ਕਿ ਮਾਮਲੇ ’ਚ ਨਾਮਜ਼ਦ ਮੁਲਜ਼ਮ ਵੱਡੇ ਜਨਤਕ ਸਮਾਗਮਾਂ ’ਚ ਖੁੱਲ੍ਹੇਆਮ ਘੁੰਮ ਰਹੇ ਹਨ, ਜਦਕਿ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਬਲਕੌਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਸਿੱਧਾ ਸਵਾਲ ਕੀਤਾ ਕਿ 11 ਫਰਵਰੀ 2026 ਨੂੰ ਦਰਜ ਹੋਈ ਐੱਫਆਈਆਰ ਤੋਂ ਬਾਅਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਮੁਲਜ਼ਮ ਪੰਜਾਬ ਤੋਂ ਬਾਹਰ ਹਨ ਤਾਂ ਉਨ੍ਹਾਂ ਖਿਲਫ ਲੁੱਕਆਊਟ ਸਰਕੁਲਰ ਜਾਰੀ ਕਰਕੇ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ। Mansa News
ਬਲਕੌਰ ਸਿੰਘ ਨੇ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਨੂੰ ਘੇਰਦਿਆਂ ਸਵਾਲ ਕੀਤਾ ਕਿ ਕੀ ਮਾਮਲੇ ਦੇ ਮੁਲਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਸਿਆਸੀ ਸਰਪ੍ਰਸਤੀ ਹਾਸਲ ਹੈ। ਉਨ੍ਹਾਂ ਕਿਹਾ ਕਿ ਇੱਕ ਆਮ ਪਰਿਵਾਰ ਨੂੰ ਆਪਣੇ ਹੱਕਾਂ ਤੇ ਆਪਣੇ ਮਰਹੂਮ ਪੁੱਤਰ ਦੀ ਮਿਹਨਤ ਦੀ ਕਮਾਈ ਦੇ ਇਨਸਾਫ਼ ਲਈ ਸੜਕਾਂ ’ਤੇ ਆਉਣ ਤੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਸਰਕਾਰ ਤੋਂ ਕੋਈ ਸਿਆਸੀ ਅਹਿਸਾਨ ਨਹੀਂ ਚਾਹੀਦਾ। ਉਨ੍ਹਾਂ ਦੀ ਮੰਗ ਸਿਰਫ਼ ਇਹ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦ ਕਾਨੂੰਨ ਦੇ ਕਟਹਿਰੇ ’ਚ ਲਿਆਉਣ ਦੀ ਮੰਗ ਕੀਤੀ। ਬਲਕੌਰ ਸਿੰਘ ਨੇ ਆਪਣੇ ਸੰਦੇਸ਼ ਦੇ ਅੰਤ ’ਚ ਸਿੱਧੂ ਮੂਸੇਵਾਲਾ ਦੇ ਦੇਸ਼-ਵਿਦੇਸ਼ ’ਚ ਮੌਜੂਦ ਪ੍ਰਸ਼ੰਸਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਫੈਨਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਸਾਂਝਾ ਕਰਨ ਅਤੇ ਪੰਜਾਬ ਪੁਲਿਸ ਤੇ ਸਬੰਧਤ ਅਧਿਕਾਰੀਆਂ ਨੂੰ ਟੈਗ ਕਰਕੇ ਮਾਮਲੇ ਦੀ ਉਚਿਤ ਜਾਂਚ ਅਤੇ ਇਨਸਾਫ਼ ਦੀ ਮੰਗ ਉਠਾਉਣ।
ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ