ਭਗਵੰਤ ਮਾਨ ਸਰਕਾਰ ਦੇ ਰਾਜ ‘ਚ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ, ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ: ਸ਼ਰਮਾ (Ashwani Sharma)
- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਅਸ਼ਵਨੀ ਸ਼ਰਮਾ ਨੇ ਕੀਤੀ ਸਖ਼ਤ ਨਿਖੇਧੀ
(ਅਸ਼ਵਨੀ ਚਾਵਲਾ), ਚੰਡੀਗੜ੍ਹ। ਆਪਣੀ ਭੜਕਾਊ ਗਾਇਕੀ ਕਰਕੇ ਸੁਰਖੀਆਂ ‘ਚ ਰਹਿਣ ਵਾਲੇ ਅਤੇ ਕਾਂਗਰਸ ਵੱਲੋਂ ਚੋਣ ਲੜਨ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਸ਼ਰੇਆਮ ਕਤਲ ਕੀਤੇ ਜਾਣ ਦੀ ਅਣਸੁਖਾਵੀਂ ਘਟਨਾ ਦੀ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ‘ਚ ਕਾਨੂਨ ਵਿਵਸਥਾ ਖਤਮ ਹੋ ਗਈ ਹੈ।
ਅੱਜ ਆਮ ਜਨਤਾ ਜਾਂ ਇੱਥੇ ਦਾ ਕੋਈ ਵੱਡਾ ਨੇਤਾ ਸੁਰੱਖਿਅਤ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹਟਾਈ ਸੀ। ਸ਼ਰਮਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਸੰਭਾਲੀ ਜਾਂਦੀ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 50 ਤੋਂ ਵੱਧ ਕਤਲ ਹੋ ਚੁੱਕੇ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਅਪਰਾਧੀ ਸ਼ਰੇਆਮ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੇ ਨੱਕ ਹੇਠ ਕਤਲ, ਲੁੱਟ-ਖੋਹ ਅਤੇ ਫਿਰੌਤੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪਰ ਪੰਜਾਬ ‘ਚ ਬਦਲਾਅ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਭਗਵੰਤ ਮਾਨ ਤੇ ਕੇਜਰੀਵਾਲ ਸਮੇਤ ‘ਆਪ’ ਦੇ ਸਾਰੇ ਆਗੂ ਬਦਲਾਅ ਦੇ ਸਵਾਲ ‘ਤੇ ਗਾਇਬ ਹੋ ਜਾਂਦੇ ਹਨ। ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਇਹੀ ਬਦਲਾਅ ਹੈ? ਜਿੱਥੇ ਕੋਈ ਵੀ ਸੁਰੱਖਿਅਤ ਨਹੀਂ ਹੈ!
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ