ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮਾਰੋਹ 2011-2016
- ਅੰਤਮ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਕਰੇਗੀ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਆਖਰ ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਪੰਜ ਸਾਲਾਂ ਤੋਂ ਲਟਕੇ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੇਣ ਲਈ ਤਿਆਰੀ ਕਰ ਲਈ ਹੈ ਇਸ ਸਬੰਧੀ 60 ਖਿਡਾਰੀਆਂ ਦੇ ਨਾਂਅ ਦੀ ਸਿਫਾਰਸ਼ ਕੀਤੀ ਗਈ ਹੈ। ਇਹ ਖੁਲਾਸਾ ਅੱਜ ਇੱਥੇ ਪੰਜਾਬ ਭਵਨ ਵਿੱਚ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ‘ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ’ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਐਵਾਰਡ ਦੇਣ ਸਬੰਧੀ ਸਾਲ 2011-2016 ਦਾ ਬੈਕਲਾਗ ਜਲਦੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਸਣੇ 60 ਤੋਂ ਵੱਧ ਖਿਡਾਰੀਆਂ ਦੇ ਨਾਂਅ ਦੀ ਸਿਫ਼ਾਰਸ਼ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਕੀਤੀ ਗਈ ਹੈ। ਇਹ ਨਾਂਅ ਛੇਤੀ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਨੂੰ ਭੇਜੇ ਜਾਣਗੇ, ਜੋ ਇਸ ਸਬੰਧੀ ਅੰਤਿਮ ਫੈਸਲਾ ਲਵੇਗੀ।
ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਿਤ ਜਿਨ੍ਹਾਂ ਖਿਡਾਰੀਆਂ ਨੂੰ 2011, 2012, 2013, 2014 ਤੇ 2015 ਵਿੱਚ ਪਦਮ ਸ੍ਰੀ, ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ ‘ਤੇ ਯੋਗ ਹੋਣਗੇ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਸਮਾਰੋਹ ਵਿੱਚ ਜਲਦੀ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਪੰਜਾਬ ਦੇ 800 ਤਗਮਾ ਜੇਤੂਆਂ ਨੂੰ ਵੀ ਮੁਹਾਲੀ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ 15 ਨਵੰਬਰ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ।