273 ਵਾਹਨਾਂ ਦੇ ਕੱਟੇ ਚਲਾਨ, 18 ਵਾਹਨ ਕੀਤੇ ਜ਼ਬਤ: ਜ਼ਿਲ੍ਹਾ ਪੁਲਿਸ ਮੁੱਖੀ ਸ਼ੁਭਮ ਅਗਰਵਾਲ | Punjab Traffic Challan
Punjab Traffic Challan: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਦੁਪਹਿਰ 12 ਵਜੇ ਤੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਤੇ 12 ਨਾਕੇ ਲਗਾਏ ਗਏ। ਇਸ ਦੌਰਾਨ 650 ਤੋਂ ਵੱਧ ਵਾਹਨ ਚੈੱਕ ਕੀਤੇ ਗਏ ਤੇ 273 ਵਾਹਨਾਂ ਦੇ ਚਲਾਨ ਕੱਟੇ ਗਏ। ਇਸੇ ਦੌਰਾਨ 18 ਵਾਹਨ ਜ਼ਬਤ ਵੀ ਕੀਤੇ ਗਏ। ਇਸ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ, ਜਿਸ ਸਬੰਧੀ ਅਗਲੇਰੀ ਪੜਤਾਲ ਜਾਰੀ ਹੈ।
ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜੋਤੀ ਸਰੂਪ ਮੋੜ ਵਿਖੇ ਪੁਲਿਸ ਵੱਲੋਂ ਲਾਏ ਨਾਕੇ ਦੀ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਐੱਸਐੱਸਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਦੋ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨਿਰੰਤਰ ਜਾਰੀ ਰਹੇਗੀ
ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮੱਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸਪੀ (ਜਾਂਚ) ਰਾਕੇਸ਼ ਯਾਦਵ, ਡੀਐੱਸਪੀ ਸੁਖ਼ਨਾਜ਼ ਸਿੰਘ ਤੇ ਹਰਤੇਸ਼ ਕੌਸ਼ਿਕ ਵੀ ਮੌਜੂਦ ਸਨ। Punjab Traffic Challan