ਸੂਬਾ ਭਰ ’ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ
- ਲੋਕਾਂ ਨੂੰ ਆਲ੍ਹਾ ਦਰਜੇ ਦਾ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹੋਣਗੇ ਯਤਨ: ਭਗਵੰਤ ਮਾਨ
(ਜਸਵੰਤ ਰਾਏ/ਰਘਬੀਰ ਸਿੰਘ) ਜਗਰਾਓਂ (ਲੁਧਿਆਣਾ)। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ’ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ (Mother-child Hospital) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪੰਜ ਸਾਲਾਂ ’ਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ’ਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਲਈ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਸੂਬੇ ’ਚ ਵਧੀਆ ਸਿਹਤ ਸਹੂਲਤਾਂ ਮਿਲ ਸਕਣ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਛੇਤੀ ਹੀ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ’ਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ ਮੈਡੀਕਲ ਸਿੱਖਿਆ ਦੇ ਕੇਂਦਰ ਵਿੱਚ ਬਦਲ ਜਾਵੇਗਾ।
ਆਉਣ ਵਾਲੇ ਦਿਨਾਂ ’ਚ ਸੂਬੇ ਭਰ ’ਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ
ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਨਵਾਂ ਬਣਿਆ ਜੱਚਾ-ਬੱਚਾ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸੂਬੇ ਭਰ ’ਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ। ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਅਸ਼ੋਕ ਪ੍ਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ ਤੇ ਜੀਵਨ ਸਿੰਘ ਸੰਗੋਵਾਲ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ