ਅਗਲੇ ਹਫ਼ਤੇ ਮੁਖਤਾਰ ਅੰਸਾਰੀ ਹੋ ਜਾਵੇਗਾ ਯੂਪੀ ਹਵਾਲੇ, ਪੁੱਜੇ ਸੁਪਰੀਮ ਕੋਰਟ ਦੇ ਆਦੇਸ਼

ਉੱਤਰ ਪ੍ਰਦੇਸ਼ ਦੀ ਅਦਾਲਤ ਵੱਲੋਂ ਜਾਰੀ ਕੀਤੇ ਜਾਣਗੇ ਅਗਲੇ ਆਦੇਸ਼, ਪੁਲਿਸ ਪੁੱਜੇਗੀ ਪੰਜਾਬ ਲੈਣ

ਚੰਡੀਗੜ, (ਅਸ਼ਵਨੀ ਚਾਵਲਾ (ਸੱਚ ਕਹੂੰ))। ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਜੇਲ੍ਹ ਵਿੱਚ ਉੱਤਰ ਪ੍ਰਦੇਸ਼ ਦੇ ਬਾਹੂਬਲੀ ਅਤੇ ਗੈਂਗਸਟਰ ਮੁਖਤਾਰ ਅੰਸਾਰੀ ਅਗਲੇ ਹਫ਼ਤੇ ਉੱਤਰ ਪ੍ਰਦੇਸ਼ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ, ਕਿਉਂਕਿ ਸੁਪਰੀਮ ਕੋਰਟ ਦੇ ਆਦੇਸ਼ ਉੱਤਰ ਪ੍ਰਦੇਸ਼ ਦੀ ਪ੍ਰਯਾਗਰਾਜ ਅਦਾਲਤ ਵਿੱਚ ਪੁੱਜ ਗਏ ਹਨ ਅਤੇ ਕਿਸੇ ਵੀ ਸਮੇਂ ਉਕਤ ਅਦਾਲਤ ਦੇ ਆਦੇਸ਼ਾਂ ’ਤੇ ਯੂ.ਪੀ. ਪੁਲਿਸ ਮੁਖਤਾਰ ਅੰਸਾਰੀ ਨੂੰ ਲੈਣ ਲਈ ਆ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਮੁਖਤਾਰ ਅੰਸਾਰੀ ਨੂੰ ਪੰਜਾਬ ਵਿੱਚ ਰੋਕ ਨਹੀਂ ਸਕੇਗੀ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।

ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਪਿਛਲੇ ਡੇਢ ਸਾਲ ਤੋਂ ਹੀ ਪੰਜਾਬ ਅਤੇ ਉੱਤਰ ਪ੍ਰਦੇਸ਼ ਸਰਕਾਰ ਵਿੱਚ ਵਿਵਾਦ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ਸਰਕਾਰ ਮੁਖਤਾਰ ਅੰਸਾਰੀ ਨੂੰ ਵਾਪਸ ਆਪਣੇ ਸੂਬੇ ਵਿੱਚ ਲੈ ਕੇ ਜਾਣਾ ਚਾਹੁੰਦੀ ਹੈ ਤਾਂ ਕਿ ਉਸ ਦੇ ਖ਼ਿਲਾਫ਼ ਚੱਲ ਰਹੇ ਮਾਮਲਿਆਂ ਦੀ ਕਾਰਵਾਈ ਨੂੰ ਮੁਕੰਮਲ ਕੀਤਾ ਜਾ ਸਕੇ, ਜਦੋਂ ਕਿ ਪੰਜਾਬ ਸਰਕਾਰ ਮੁਖਤਾਰ ਅੰਸਾਰੀ ਨੂੰ ਵਾਪਸ ਨਹੀਂ ਭੇਜ ਰਹੀ ਹੈ, ਕਿਉਂਕਿ ਪੰਜਾਬ ਵਿੱਚ ਵੀ ਉਸ ਖ਼ਿਲਾਫ਼ ਇੱਕ ਮਾਮਲੇ ਵਿੱਚ ਟਰਾਇਲ ਚੱਲ ਰਿਹਾ ਹੈ।

ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ, ਜਿੱਥੇ ਕਿ ਆਪਣਾ ਪੱਖ ਰੱਖਣ ਲਈ ਪੰਜਾਬ ਸਰਕਾਰ ਨੇ ਵੀ ਵੱਡੇ ਤੋਂ ਵੱਡੇ ਵਕੀਲ ਕੀਤੇ ਸਨ ਪਰ ਸੁਪਰੀਮ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਖ਼ਿਲਾਫ਼ ਹੀ ਆਇਆ ਸੀ।

ਜਿਸ ਤੋਂ ਬਾਅਦ ਇਹ ਸਾਫ਼ ਹੋ ਗਿਆ ਸੀ ਕਿ ਮੁਖਤਾਰ ਅੰਸਾਰੀ ਨੂੰ ਅਗਲੇ 14-15 ਦਿਨਾਂ ਵਿੱਚ ਉੱਤਰ ਪ੍ਰਦੇਸ਼ ਭੇਜਣਾ ਪਵੇਗਾ ਪਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਲਿਖਤੀ ਕਾਪੀ ਦਾ ਇੰਤਜ਼ਾਰ ਪੰਜਾਬ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕੀਤਾ ਜਾ ਰਿਹਾ ਸੀ। ਹੁਣ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਕਾਪੀ ਪ੍ਰਯਾਗਰਾਜ ਜਿਲ੍ਹਾ ਸੈਸ਼ਨ ਜੱਜ ਰਾਹੀਂ ਐਮ.ਪੀ. ਅਤੇ ਐਮ.ਐਲ.ਏ. ਅਦਾਲਤ ਕੋਲ ਪੁੱਜ ਗਈ ਹੈ। ਜਿਸ ’ਤੇ ਉਕਤ ਅਦਾਲਤ ਵੱਲੋਂ ਆਦੇਸ਼ ਜਾਰੀ ਕਰਦੇ ਹੋਏ ਉੱਤਰ ਪ੍ਰਦੇਸ਼ ਪੁਲਿਸ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਨਾਲ ਪੰਜਾਬ ਵਿੱਚ ਭੇਜਿਆ ਜਾ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.