ਮੇਰੇ ਪਰਿਵਾਰ ਜਾਂ ਕਿਸੇ ਮੁਲਾਜ਼ਮ ਦੀ ਰੇਤ ਵਪਾਰ ਵਿੱਚ ਕੋਈ ਹਿੱਸੇਦਾਰੀ ਨਹੀਂ-ਰਾਣਾ ਗੁਰਜੀਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ Rana Gurjit ਨੇ ਅੱਜ ਇੱਥੇ ਮੀਡੀਆ ਦੇ ਇਕ ਹਿੱਸੇ ਵਿਚ ਛਪੀ ਖਬਰ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਕੰਪਨੀ – ਰਾਣਾ ਸ਼ੂਗਰ ਲਿਮਰਟਡ ਦੀ ਰੇਤ ਉਦਯੋਗ ਵਿੱਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਵਿੱਤੀ ਜਾਂ ਹੋਰ ਕਿਸੇ ਕਿਸਮ ਦੀ ਕੋਈ ਹਿੱਸੇਦਾਰੀ ਨਹੀਂ ਹੈ। ਕੰਪਨੀ ਦੇ ਦੋ ਮੁਲਾਜ਼ਮਾਂ ਵੱਲੋਂ ਰੇਤੇ ਦੀਆਂ ਖੱਡਾਂ ਦੀ ਸਫਲਤਾਪੂਰਵਕ ਬੋਲੀ ਦੇਣ ਬਾਰੇ ਮੀਡੀਆ ਦੇ ਇਕ ਹਿੱਸੇ ਵਿੱਚ ਛਪੀ ਰਿਪੋਰਟ ਨੂੰ ਗਲਤ ਕਰਾਰ ਦਿੰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਉਕਤ ਦੋਵੇਂ ਮੁਲਾਜ਼ਮ ਬਹੁਤ ਪਹਿਲਾਂ ਹੀ ਉਨ੍ਹਾਂ ਦੀ ਕੰਪਨੀ ‘ਚੋਂ ਨੌਕਰੀ ਛੱਡ ਗਏ ਸਨ ਜਿਸ ਸਬੰਧੀ ਰਿਕਾਰਡ ਉਨ੍ਹਾਂ ਦੀ ਕੰਪਨੀ ਵਿੱਚ ਦੇਖਿਆ ਜਾ ਸਕਦਾ ਹੈ।

ਉਨ੍ਹਾਂ Rana Gurjit ਕਿਹਾ ਕਿ ਭਾਵੇਂ ਉਹ ਬੀਤੇ ਦੋ ਦਹਾਕਿਆਂ ਤੋਂ ਆਪਣੀ ਕੰਪਨੀ ਦੇ ਦਿਨ ਪ੍ਰਤੀ ਦਿਨ ਦੇ ਕੰਮਕਾਜ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਨਹੀਂ ਹੋ ਸਕੇ ਪਰ ਫਿਰ ਵੀ ਉਹ ਇਹ ਗੱਲ ਪੂਰੇ ਭਰੋਸੇ ਨਾਲ ਕਹਿ ਸਕਦੇ ਹਨ ਕਿ ਉਨ੍ਹਾਂ ਦੀਆਂ ਕੰਪਨੀਆਂ ਵਿਚ ਕੰਮ ਕਰਨ ਵਾਲੇ ਉਨ੍ਹਾਂ ਦੇ ਕਿਸੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਪੰਜਾਬ ਦੇ ਰੇਤ ਉਦਯੋਗ ਵਿੱਚ ਕਿਸੇ ਵੀ ਤਰ੍ਹਾਂ ਦਾ ਹਿੱਤ ਨਹੀ ਜੁੜਿਆ ਹੋਇਆ।

ਕੈਬਨਿਟ ਮੰਤਰੀ ਨੇ ਕਿਹਾ ਹਜ਼ਾਰਾਂ ਲੋਕ ਉਨ੍ਹਾਂ ਕੰਪਨੀ ਵਿੱਚ ਕੰਮ ਕਰਕੇ ਗਏ ਹਨ ਅਤੇ ਸਮੇਂ-ਸਮੇਂ ‘ਤੇ ਉਹ ਨੌਕਰੀਆਂ ਛੱਡਦੇ ਰਹੇ ਹਨ ਪਰ ਨੌਕਰੀ ਛੱਡਣ ਤੋਂ ਬਾਅਦ ਕੀਤੀ ਗਈ ਕਿਸੇ ਵੀ ਗੱਲ ਲਈ ਮੈਨੂੰ ਜ਼ਿੰਮੇਵਾਰ ਠਹਿਰਾਉਣਾ ਕਿਸੇ ਵੀ ਤਰ੍ਹਾਂ ਵਾਜਬ ਨਹੀ ਜਾਪਦਾ। ਆਪਣੇ ਵਪਾਰ ਦਾ ਸਾਲਾਨਾ ਕਾਰੋਬਾਰ ਹਜ਼ਾਰਾਂ ਕਰੋੜ ਰੁਪਏ ਤੋਂ ਵੱਧ ਹੋਣ ਦਾ ਜ਼ਿਕਰ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਜਦੋਂ ਪਹਿਲਾਂ ਹੀ ਸੈਂਕੜੇ ਕਰੋੜ ਰੁਪਏ ਦਾ ਕਾਰੋਬਾਰ ਹੋਵੇ ਤਾਂ ਕੁਝ ਕਰੋੜ ਰੁਪਏ ਦੇ ਵਪਾਰ ਵਿੱਚ ਸ਼ਾਮਲ ਹੋਣ ਦੀ ਕੋਈ ਤੁੱਕ ਹੀ ਨਹੀਂ ਬਣਦੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ