ਕਿਹਾ, ਸਾਹਿਤਕਾਰਾਂ ਨੇ ਸਮੇਂ-ਸਮੇਂ ’ਤੇ ਕਲਮ ਰਾਹੀਂ ਸਮਾਜਿਕ ਕੁਰੀਤੀਆਂ ਵਿਰੁੱਧ ਕੀਤੀ ਆਵਾਜ਼ ਬੁਲੰਦ
- ਕਲਮ ਦੀ ਤਾਕਤ ਤਲਵਾਰ ਨਾਲੋਂ ਜ਼ਿਆਦਾ ਧਾਰਦਾਰ : ਡਾ. ਬਲਬੀਰ ਸਿੰਘ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਤਹਿਤ ਮੁੱਖ ਦਫ਼ਤਰ ਵਿਖੇ ਨਾਵਲਕਾਰ ਨਾਨਕ ਸਿੰਘ (Novelist Nanak Singh) ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ ਇਸ ਸਮਾਗਮ ’ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਨੇ ਕੀਤੀ।
ਸਾਨੂੰ ਆਪਣੀ ਮਾਂ ਬੋਲੀ ’ਤੇ ਮਾਣ ਹੋਣਾ ਚਾਹੀਦਾ ਹੈ
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਹਿਤ ਨੂੰ ਸਮਾਜ ਨਾਲ ਜੋੜਕੇ ਕਲਾਤਮਕ ਤਰੀਕੇ ਨਾਲ ਸਿਰਜਿਆ ਜਾਣਾ ਚਾਹੀਦਾ ਹੈ, ਜਿਸ ਨਾਲ ਸਾਹਿਤ ’ਤੇ ਪਾਠਕਾਂ ਦੀ ਭਰੋਸੇਯੋਗਤਾ ਬਣੀ ਰਹਿੰਦੀ ਹੈ ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ’ਤੇ ਮਾਣ ਹੋਣਾ ਚਾਹੀਦਾ ਹੈ ਅਤੇ ਦੁਨੀਆ ਦੇ ਭਾਵੇਂ ਕਿਸੇ ਵੀ ਕੋਨੇ ’ਚ ਚਲੇ ਜਾਈਏ ਪਰ ਇਸ ਨੂੰ ਤਿਆਗਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸਾਹਿਤਕਾਰਾਂ ਨੇ ਸਮੇਂ-ਸਮੇਂ ’ਤੇ ਸਮਾਜਿਕ ਕੁਰੀਤੀਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਤੇ ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ ਵਿੱਚ ਤਾਂ ਪੰਜਾਬ ਦੀ ਅੱਧੀ ਸਦੀ ਦਾ ਬਿਰਤਾਂਤ ਮੌਜੂਦ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ‘ਪੰਜਾਬ ਦੀਆਂ ਲੋਕ ਗਾਥਾਵਾਂ’ ਲੜੀ ਦੀਆਂ ਤਿੰਨ ਪੁਸਤਕਾਂ ਵੀ ਰਿਲੀਜ਼ ਕੀਤੀਆਂ।
ਕਲਮ ਦੀ ਤਾਕਤ ਤਲਵਾਰ ਨਾਲੋਂ ਜ਼ਿਆਦਾ ਧਾਰਦਾਰ
ਵਿਧਾਇਕ ਡਾ. ਬਲਵੀਰ ਸਿੰਘ ਨੇ ਕਿਹਾ ਕਿ ਨਾਵਲਕਾਰ ਨਾਨਕ ਸਿੰਘ ਨੂੰ ਯਾਦ ਕਰਨਾ ਆਪਣੇ ਸਾਹਿਤ ਤੇ ਬੋਲੀ ਦਾ ਸਤਿਕਾਰ ਹੈ। ਉਨ੍ਹਾਂ ਦੇ ਨਾਵਲਾਂ ਨੂੰ ਪੜ੍ਹਕੇ ਅਸੀਂ ਸਹਿਜੇ ਹੀ ਪੁਰਾਣੀਆਂ ਘਟਨਾਵਾਂ ਨਾਲ ਜੁੜ ਜਾਂਦੇ ਹਾਂ ਉਨ੍ਹਾਂ ਨਾਨਕ ਸਿੰਘ ਦੇ ਦੇਸ਼ ਦੀ ਅਜ਼ਾਦੀ ਦੇ ਅੰਦੋਲਨ ’ਚ ਆਪਣੀਆਂ ਕਿ੍ਰਤਾਂ ਰਾਹੀਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਨਾਲੋਂ ਜ਼ਿਆਦਾ ਧਾਰਦਾਰ ਹੈ।
ਡਾ. ਸੁਰਜੀਤ ਸਿੰਘ ਭੱਟੀ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਭਾਸ਼ਾ ਵਿਭਾਗ ਨੂੰ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਪੰਜਾਬ ਭਰ ’ਚ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ।
ਡਾ. ਹਰਸਿਮਰਨ ਸਿੰਘ ਰੰਧਾਵਾ ਨੇ ਕਿਹਾ ਕਿ ਨਾਨਕ ਸਿੰਘ ਉਨ੍ਹਾਂ ਨਾਵਲਕਾਰਾਂ ’ਚ ਸ਼ਾਮਲ ਹੈ ਜਿਨ੍ਹਾਂ ਨੇ ਪੰਜਾਬੀ ਨਾਵਲ ਦੀ ਪਹਿਚਾਣ ਬਣਾਈ ਇਸ ਮੌਕੇ ਸੰਯੁਕਤ ਡਾਇਰੈਕਟਰ ਵੀਰਵਾਲ ਕੌਰ, ਜ਼ਿਲ੍ਹਾ ਭਾਸ਼ਾ ਅਫਸਰ ਚੰਦਨਦੀਪ, ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਪ੍ਰੋ. ਬਲਵਿੰਦਰਜੀਤ ਕੌਰ ਭੱਟੀ, ਸਾਹਿਤਕਾਰ ਧਰਮ ਕੰਮੇਆਣਾ, ਡਾ. ਜੋਗਾ ਸਿੰਘ, ਦਰਸ਼ਨ ਬੁੱਟਰ, ਸੁਖਵਿੰਦਰ ਸੇਖੋਂ ਆਦਿ ਮੌਜੂਦ ਸਨ।
ਨਾਨਕ ਸਿੰਘ ਨੇ ਆਪਣੇ ਨਾਵਲਾਂ ’ਚ ਭਾਵੁਕ ਇਨਸਾਨ ਦੀ ਤਸਵੀਰ ਪੇਸ਼ ਕੀਤੀ
ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਨਾਨਕ ਸਿੰਘ ਨੇ ਆਪਣੇ ਨਾਵਲਾਂ ’ਚ ਇੱਕ ਭਾਵੁਕ ਇਨਸਾਨ ਦੀ ਤਸਵੀਰ ਪੇਸ਼ ਕੀਤੀ ਹੈ ਉਨ੍ਹਾਂ ਦੇ ਨਾਵਲਾਂ ’ਚ ਨਿਆਂ, ਤਰਸ ਤੇ ਹਮਦਰਦੀ ਦੇ ਭਾਵ ਸਪੱਸ਼ਟ ਰੂਪ ‘ਚ ਨਜ਼ਰ ਆਉਂਦੇ ਹਨ ਉਹ ਸਦਾ ਸਮਕਾਲੀ ਪ੍ਰਸਥਿਤੀਆਂ ਨੂੰ ਨਾਲ ਲੈ ਕੇ ਚੱਲੇ ਤਾਂ ਹੀ ਉਨ੍ਹਾਂ ਨੂੰ ਹਰ ਵਰਗ ਦੇ ਪਾਠਕ ਨੇ ਪ੍ਰਵਾਨ ਕੀਤਾ ਉਨ੍ਹਾਂ ਕਿਹਾ ਕਿ ਅਜੋਕੇ ਦੌਰ ਦੇ ਮਕਬੂਲ ਮੰਨੇ ਜਾਣ ਵਾਲੇ ਨਾਵਲਕਾਰ ਚੇਤਨ ਭਗਤ ਤੋਂ ਨਾਨਕ ਸਿੰਘ ਕਿਤੇ ਅੱਗੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ