ਚਰਨਜੀਤ ਚੰਨੀ ਦੀ ਐਂਟਰੀ, ਚੰਨੀ ਨੂੰ ਮਿਲੀ ਬਾਕੀਆਂ ਦੇ ਮੁਕਾਬਲੇ ਜ਼ਿਆਦਾ ਤਵੱਜੋ | Navjot Sidhu
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਆਪਣੀ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕਰਦੇ ਹੋਏ ਉਸ ਵਿੱਚੋਂ ਨਵਜੋਤ ਸਿੰਘ ਸਿੱਧੂ ਨੂੰ ਕਲੀਨ ਬੋਲਡ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਵਿੱਚ ਥਾਂ ਨਹੀਂ ਮਿਲੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਸੂਬਾ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰਾਂ ਦੀ ਸੂਚੀ ’ਚ ਵੀ ਸ਼ਾਮਲ ਸਨ ਕਾਂਗਰਸ ਵਰਕਿੰਗ ਕਮੇਟੀ ’ਚ ਨਾ ਸਿਰਫ ਨਵਜੋਤ ਸਿੰਘ ਸਿੱਧੂ ਨੂੰ ਥਾਂ ਨਹੀਂ ਮਿਲੀ, ਸਗੋਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਵੀ ਨਾਂ ਇਸ ਸੂਚੀ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ। (Navjot Sidhu)
ਬਾਜਵਾ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਵਿੱਚ ਗਿਣੇ ਜਾਂਦੇ ਹਨ ਪਰ ਕੌਮੀ ਕਾਂਗਰਸ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਆਪਣੀ ਵਰਕਿੰਗ ਕਮੇਟੀ ਦਾ ਮੈਂਬਰ ਨਹੀਂ ਬਣਾਇਆ ਗਿਆ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਹਾਲਾਂਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਕਾਂਗਰਸ ਆਗੂਆਂ ਵੱਲੋਂ ਬਹੁਤੀ ਤਵੱਜੋ ਨਹੀਂ ਦਿੱਤੀ ਜਾ ਰਹੀ ਸੀ ਪਰ ਕਾਂਗਰਸ ਹਾਈ ਕਮਾਨ ਦੇ ਇਸ ਸੰਦੇਸ਼ ਨੂੰ ਹੁਣ ਪੰਜਾਬ ਕਾਂਗਰਸ ਵੀ ਗੰਭੀਰਤਾ ਨਾਲ ਲਏਗੀ, ਕਿਉਂਕਿ ਕਾਂਗਰਸ ਵਰਕਿੰਗ ਕਮੇਟੀ ਵਿੱਚ ਚਰਨਜੀਤ ਸਿੰਘ ਚੰਨੀ ਦੇ ਸ਼ਾਮਲ ਹੋਣ ਨਾਲ ਹੀ ਉਨ੍ਹਾਂ ਦੀ ਕਾਂਗਰਸ ਹਾਈ ਕਮਾਨ ਕੋਲ ਪਹਿਲਾਂ ਨਾਲੋਂ ਪਹੁੰਚ ਵਧ ਗਈ ਹੈ।
ਪੰਜਾਬ ’ਚੋਂ ਚਾਰ ਕਾਂਗਰਸੀ ਆਗੂਆਂ ਨੂੰ ਮਿਲੀ ਥਾਂ
ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਬਤੌਰ ਰਾਜਸਥਾਨ ਕਾਂਗਰਸ ਇੰਚਾਰਜ਼ ਤੇ ਪਾਰਟੀ ਜਨਰਲ ਸਕੱਤਰ ਦੇ ਰੂਪ ਵਿੱਚ ਸੀਡਬਲਿਊਸੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਈ ਕਮਾਨ ਵੱਲੋਂ ਜਾਰੀ ਕੀਤੀ ਗਈ 84 ਮੈਂਬਰ ਕਾਂਗਰਸ ਵਰਕਿੰਗ ਕਮੇਟੀ ਵਿੱਚ ਪੰਜਾਬ ਵਿੱਚੋਂ 4 ਕਾਂਗਰਸੀ ਲੀਡਰਾਂ ਨੂੰ ਸ਼ਾਮਲ ਕੀਤਾ ਗਿਆ ਹੈ।