ਖੁਸ਼ਖਬਰੀ ! ਘਰ-ਘਰ ਆਟਾ ਕਣਕ ਪਹੁੰਚਾਉਣ ਲਈ ਬਣ ਗਈ ਨਵੀਂ ਪ੍ਰਣਾਲੀ

New Atta Dal Scheme

ਐੱਨਐੱਫਐੱਸਏ ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ | New Atta Dal Scheme

ਚੰਡੀਗੜ੍ਹ (ਅਸ਼ਵਨੀ ਚਾਵਲਾ)। ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ (New Atta Dal Scheme) ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ ਖੁਰਾਕ ਸੁਰੱਖਿਆ ਐਕਟ (ਐੱਨਐੱਫਐੱਸਏ) ਅਧੀਨ ਮਾਡਲ ਫੇਅਰ ਪ੍ਰਾਈਸ ਸ਼ਾਪਸ ਦੇ ਸੰਕਲਪ ਦੀ ਸ਼ੁਰੂਆਤ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਲਾਭਪਾਤਰੀਆਂ ਦੇ ਘਰਾਂ ਵਿੱਚ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਦੀ ਵੰਡ ਲਈ ਸੋਧੀ ਹੋਈ ਵਿਧੀ ਨੂੰ ਵੀ ਪ੍ਰਵਾਨਗੀ ਦਿੱਤੀ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ ਵਿੱਚ, ਰਾਸ਼ਨ ਡਿੱਪੂਆਂ ਤੋਂ ਜਾਂ ਰਾਸ਼ਨ ਡਿੱਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ ਵਿੱਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ ਉਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ, ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ ’ਤੇ ਖ਼ਰਾਬ ਮੌਸਮ ਦੇ ਹਾਲਾਤ ਵਿੱਚ ਲੰਬੀਆਂ ਲਾਈਨਾਂ ਵਿੱਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ ਵਿਸ਼ੇਸ਼ ਗਰਦੌਰੀ ਕਰਵਾਉਣ ਦੀ ਮਨਜ਼ੂਰੀ | New Atta Dal Scheme

ਆਟਾ ਤੇ ਕਣਕ ਦੇਣ ਸਮੇਂ ਸਾਰੀਆਂ ਲੋੜੀਦੀਆਂ ਸ਼ਰਤਾਂ ਜਿਵੇਂ ਕਿ ਬਾਇਓ ਮੀਟਿਰਿਕ ਪੜਤਾਲ, ਲਾਭਪਾਤਰੀ ਨੂੰ ਪਿ੍ਰੰਟ ਕੀਤੀ ਵਜ਼ਨ ਰਸੀਦ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨੀਆਂ ਯਕੀਨੀ ਬਣਾਈਆਂ ਜਾਣਗੀਆਂ। ਹੋਮ ਡਿਲੀਵਰੀ ਸੇਵਾ, ਮਾਡਲ ਫੇਅਰ ਪ੍ਰਾਈਸ ਸ਼ਾਪ ਦੀ ਧਾਰਨਾ ਨੂੰ ਪੇਸ਼ ਕਰੇਗੀ, ਜੋ ਰਾਜ ਦੀ ਸਿਖਰਲੀ ਸਹਿਕਾਰੀ ਸਭਾ ‘ਦਿ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ’ ਵੱਲੋਂ ਚਲਾਈਆਂ ਜਾਣਗੀਆਂ ਕਿਉਂਕਿ ਇਹ ਮੋਹਰੀ ਸਹਿਕਾਰੀ ਅਦਾਰਾ ਹੋਣ ਦੇ ਨਾਲ-ਨਾਲ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਤਰਜੀਹ ਦਿੱਤੀ ਜਾਣੀ ਬਣਦੀ ਹੈ। ਪੰਜਾਬ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮੀਟਿਡ ਵੱਲੋਂ ਚਲਾਏ ਜਾ ਰਹੇ ਮਾਡਲ ਫੇਅਰ ਪ੍ਰਾਈਸ ਸ਼ਾਪਸ ਵੱਲੋਂ ਲਾਭਪਾਤਰੀਆਂ ਦੇ ਘਰ ਤੱਕ ਪੈਕ ਕੀਤੀ ਕਣਕ/ਪੈਕ ਕੀਤੇ ਆਟੇ ਦੀ ਸਪਲਾਈ ਕਰਨ ਲਈ ਸਮਾਰਟ ਟਰਾਂਸਪੋਰਟ ਸੇਵਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।

ਪੰਜਾਬ ਕੈਬਨਿਟ ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦੌਰੀ ਕਰਵਾਉਣ ਦੀ ਸਹਿਮਤੀ ਦੇ ਦਿੱਤੀ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਚਲੀ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਿਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦੌਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ। ਕੈਬਨਿਟ ਨੇ ਸਾਕਾ ਨੀਲਾ ਤਾਰਾ ਸਮੇਂ ਪ੍ਰਭਾਵਿਤ 76 ਧਰਮੀ ਫੌਜੀਆਂ ਦਾ ਮਹੀਨਾਵਾਰ ਗੁਜ਼ਾਰਾ ਭੱਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ।

ਖਪਤਕਾਰਾਂ ਨੂੰ ਘੱਟ ਦਰਾਂ ਉਤੇ ਰੇਤੇ ਤੇ ਬੱਜਰੀ ਮੁਹੱਈਆ ਕਰਨ ਲਈ ਕਰੱਸ਼ਰ ਨੀਤੀ 2023 ਨੂੰ ਹਰੀ ਝੰਡੀ

ਖਪਤਕਾਰਾਂ ਨੂੰ ਸਸਤੀਆਂ ਦਰਾਂ ਉੱਤੇ ਰੇਤਾ ਤੇ ਬੱਜਰੀ ਮੁਹੱਈਆ ਕਰਨ ਅਤੇ ਇਸ ਦੀ ਸਪਲਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕੈਬਨਿਟ ਨੇ ਪੰਜਾਬ ਕਰੱਸ਼ਰ ਨੀਤੀ 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਤਹਿਤ ਕਰੱਸ਼ਰ ਯੂਨਿਟਾਂ ਦੀਆਂ ਦੋ ਮੁੱਖ ਸ਼੍ਰੇਣੀਆਂ ਕਮਰਸ਼ੀਅਲ ਕਰੱਸ਼ਰ ਯੂਨਿਟ (ਸੀਸੀਯੂ) ਅਤੇ ਪਬਲਿਕ ਕਰੱਸ਼ਰ ਯੂਨਿਟ (ਪੀਸੀਯੂ) ਹੋਣਗੀਆਂ। ਸਕਰੀਨਿੰਗ-ਕਮ-ਵਾਸ਼ਿੰਗ ਪਲਾਂਟ ਵੀ ਕਰੱਸ਼ਰ ਯੂਨਿਟ ਦੀ ਸ਼ੇ੍ਰਣੀ ਵਿੱਚ ਆਉਣਗੇ। ਪਬਲਿਕ ਕਰੱਸ਼ਰ ਯੂਨਿਟ (ਪੀਸੀਯੂ) ਇੱਕ ਰਜਿਸਟਰਡ ਕਰੱਸ਼ਰ ਯੂਨਿਟ ਹੋਵੇਗਾ, ਜੋ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ ਤਹਿਤ ਨਿਰਧਾਰਤ ਇਕ ਟਰਾਂਸਪੇਰੈਂਸੀ ਈ-ਟੈਂਡਰਿੰਗ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ ਅਤੇ ਕਰੱਸ਼ਰ ਯੂਨਿਟ ਵੱਲੋਂ ਦਰਸਾਏ ਘੱਟੋ-ਘੱਟ ਖਣਿਜ ਮੁੱਲ (ਲੋਡਿੰਗ ਖ਼ਰਚਿਆਂ ਸਮੇਤ ਅਤੇ ਕਰੱਸ਼ਰ ਵਿਕਰੀ ਮੁੱਲ ਤੋਂ ਵੱਧ ਨਹੀਂ) ਉਤੇ ਆਧਾਰਿਤ ਹੋਵੇਗਾ।

ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਹੋਣਗੀਆਂ ਸੋਧਾਂ

ਪੰਜਾਬ ਮੰਤਰੀ ਮੰਡਲ ਨੇ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਸੂਬੇ ਵਿੱਚ ਮਾਈਨਰ ਮਿਨਰਲਜ਼ ਦੀ ਸਪਲਾਈ ਵਧਾਉਣ ਲਈ ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਟੀਚਿੰਗ ਫੈਕਲਟੀ ਦੀਆਂ 39 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ

ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮਿ੍ਰਤਸਰ ਤੇ ਪਟਿਆਲਾ ਦੇ ਨੌਂ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ।

ਇਹ ਵੀ ਪੜ੍ਹੋ : ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ: ਪ੍ਰਧਾਨ ਮੰਤਰੀ

ਸੀਐੱਮ ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ) ਅਤੇ 200 ਟਰੇਨਰ (ਯੋਗਾ) ਭਰਤੀ ਕਰਨ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਪੰਜਾਬ, ਹੁਸ਼ਿਆਰਪੁਰ ਦੀ ਸਰਪ੍ਰਸਤੀ ਹੇਠ ਸੀਐੱਮ ਦੀ ਯੋਗਸ਼ਾਲਾ ਪ੍ਰਾਜੈਕਟ ਲਈ 14 ਹੋਰ ਸੁਪਰਵਾਈਜ਼ਰ (ਯੋਗਾ), 200 ਹੋਰ ਟਰੇਨਰ (ਯੋਗਾ) ਦੀ ਉੱਕਾ-ਪੁੱਕਾ (ਕਨਸੌਲੀਡੇਟਿਡ) ਤਨਖ਼ਾਹ ਉਪਰ ਅਤੇ ਆਊਟਸੋਰਸ ਏਜੰਸੀ ਰਾਹੀਂ ਡੀਸੀ ਦਰਾਂ ਉਤੇ ਇੱਕ ਵੀਡੀਓਗ੍ਰਾਫ਼ਰ-ਕਮ-ਫੋਟੋਗ੍ਰਾਫ਼ਰ ਤੇ ਚਾਰ ਡੇਟਾ ਐਂਟਰੀ ਆਪ੍ਰੇਟਰਾਂ ਦੀ ਭਰਤੀ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ।