1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ | Budget Session of Parliament
ਨਵੀਂ ਦਿੱਲੀ (ਏਜੰਸੀ)। ਇਸ ਵਾਰ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 9 ਫਰਵਰੀ ਤੱਕ ਚੱਲੇਗਾ। ਸੂਤਰਾਂ ਮੁਤਾਬਕ ਇਸ ਦੌਰਾਨ 1 ਫਰਵਰੀ ਨੂੰ ਆਮ ਬਜਟ ਵੀ ਪੇਸ਼ ਕੀਤਾ ਜਾਵੇਗਾ। ਇਹ ਅੰਤਰਿਮ ਬਜਟ ਹੋਵੇਗਾ। ਮੋਦੀ ਸਰਕਾਰ ਦੇ ਮੌਜ਼ੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। (Budget Session of Parliament)
ਤੁਹਾਨੂੰ ਦੱਸ ਦੇਈਏ ਕਿ ਇਹ 17ਵੀਂ ਲੋਕ ਸਭਾ ਦਾ ਆਖਰੀ ਸੰਸਦ ਸੈਸ਼ਨ ਵੀ ਹੋਵੇਗਾ। ਇਸ ਵਾਰ ਬਜਟ ਆਮ ਚੋਣਾਂ ਤੋਂ ਠੀਕ ਪਹਿਲਾਂ ਪੇਸ਼ ਕੀਤਾ ਜਾਣਾ ਹੈ। ਅਜਿਹੇ ’ਚ ਸੂਤਰਾਂ ਮੁਤਾਬਕ ਇਸ ਵਾਰ ਕੇਂਦਰ ਸਰਕਾਰ ਵੱਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵੀ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਭਾਰੀ ਹੰਗਾਮਾ ਹੋਇਆ ਸੀ। ਇਸ ਦੌਰਾਨ ਸੰਸਦ ਦੇ ਦੋਵਾਂ ਸਦਨਾਂ ਵਿਚਾਲੇ ਕਈ ਮਹੱਤਵਪੂਰਨ ਬਿੱਲਾਂ ’ਤੇ ਚਰਚਾ ਹੋਈ ਅਤੇ ਕਈ ਮਹੱਤਵਪੂਰਨ ਕਾਨੂੰਨ ਵੀ ਪਾਸ ਕੀਤੇ ਗਏ।
Also Read : ਪਸ਼ੂਪਾਲਣ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
ਵਿਰੋਧੀ ਧਿਰ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਦੀ ਸੁਰੱਖਿਆ ਵਿੱਚ ਹੋਈ ਉਲੰਘਣਾ ਬਾਰੇ ਵੀ ਕੇਂਦਰ ਤੋਂ ਜਵਾਬ ਮੰਗ ਰਹੀ ਸੀ। ਵਿਰੋਧੀ ਪਾਰਟੀਆਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦੀ ਸੁਰੱਖਿਆ ਵਿੱਚ ਹੋਈ ਉਲੰਘਣਾ ਬਾਰੇ ਸਦਨ ਵਿੱਚ ਬਿਆਨ ਦੇਣ। ਜਦੋਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਸਦਨ ਵਿੱਚ ਅਹਿਮ ਮੁੱਦਿਆਂ ’ਤੇ ਚਰਚਾ ਕਰਨ ਤੋਂ ਬਚ ਰਹੀ ਹੈ।
140 ਤੋਂ ਵੱਧ ਸੰਸਦ ਮੈਂਬਰਾਂ ਨੂੰ ਕਰ ਦਿੱਤਾ ਗਿਆ ਸੀ ਮੁਅੱਤਲ
ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਦੇ ਦੋਵਾਂ ਸਦਨਾਂ ਤੋਂ 140 ਤੋਂ ਵੱਧ ਸੰਸਦ ਮੈਂਬਰਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਨੂੰ ਅਨੁਸ਼ਾਸਨੀ ਕਾਰਵਾਈ ਦੇ ਹਿੱਸੇ ਵਜੋਂ ਮੁਅੱਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਵਿਰੋਧੀ ਪਾਰਟੀਆਂ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ਸਬੰਧੀ ਹੰਗਾਮਾ ਕੀਤਾ ਅਤੇ ਸੰਸਦ ਭਵਨ ਤੱਕ ਰੋਸ ਮਾਰਚ ਵੀ ਕੱਢਿਆ।