‘ਨਾਗਰਿਕਤਾ ਸੋਧ ਬਿੱਲ’ ਖ਼ਿਲਾਫ਼ ਵਧਦਾ ਜਾ ਰਿਹੈ ਲੋਕ ਰੋਹ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐਨਆਰਸੀ) ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਧਰਨਾ ਦੇਣ ਲੱਗੇ ਸਨ ਤਾਂ ਉਨ੍ਹਾਂ ਨੂੰ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਮੇਤ ਅਨੇਕਾਂ ਬੁੱਧੀਜੀਵੀਆਂ, ਧਰਮ ਨਿਰਪੱਖ ਅਤੇ ਜਮਹੂਰੀਅਤ ਪਸੰਦ ਆਗੂਆਂ ਤੇ ਸਮਾਜਿਕ ਕਾਰਕੁੰਨਾਂ ਨੂੰ ਦਿੱਲੀ ਪੁਲਿਸ ਨੇ ਤਾਨਾਸ਼ਾਹ ਢੰਗ ਨਾਲ ਜ਼ੋਰ ਜਬਦਰਸਤੀ ਗ੍ਰਿਫ਼ਤਾਰ ਕਰ ਲਿਆ। ਡਾ. ਗਾਂਧੀ ਨੇ ਗੱਲ ਕਰਦਿਆਂ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਅਤੇ ਆਪਸੀ ਭਾਈਚਾਰੇ, ਧਾਰਮਿਕ ਵਿਤਕਰੇ ਅਤੇ ਫਿਰਕੂ ਅਧਾਰ ‘ਤੇ ਸਮਾਜ ਨੂੰ ਫੁੱਟ, ਨਫਰਤ ਅਤੇ ਹਿੰਸਾ ਵੱਲ ਧੱਕਦਾ ਹੋਇਆ ਦੇਸ਼ ਵਿਚ ਫਾਸ਼ੀਵਾਦੀ ਮਾਹੌਲ ਪੈਦਾ ਕਰ ਰਿਹਾ ਹੈ।
ਮੋਦੀ ਸਰਕਾਰ ਦੀਆਂ ਫਿਰਕੂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਡਾਕਟਰ ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ ਅਤੇ ਨਾਗਰਿਕਤਾ ਕਾਨੂੰਨ ਵਰਗੇ ਫਿਰਕੂ ਮੁੱਦਿਆਂ ਰਾਹੀਂ ਦੇਸ਼ ਵਿੱਚ ਡਰ ਅਤੇ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਸਮੁੱਚੀਆਂ ਇਨਕਲਾਬੀ ਜ਼ਮਹੂਰੀ ਤੇ ਲੋਕ ਪੱਖੀ ਸ਼ਕਤੀਆਂ ਅਤੇ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਇਸ ਫ਼ਾਸੀਵਾਦੀ ਕਾਨੂੰਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਇਸ ਦੇ ਵਿਰੋਧ ਵਿੱਚ ਵਿਸ਼ਾਲ ਲਾਮਬੰਦੀ ਤੇ ਜਨਤਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਆਰਥਿਕ ਮੰਦਹਾਲੀ, ਬੇਰੁਜ਼ਗਾਰੀ, ਵਧ ਰਿਹਾ ਸਰਕਾਰੀ ਕਰਜ਼ਾ, ਬੈਂਕਾਂ ਦਾ ਕੰਗਾਲ ਹੋਣਾ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਕਾਰੇ ਕਰ ਰਹੀ ਹੈ ਜਿਹੜਾ ਕਿ ਬਹੁਤ ਸ਼ਰਮਨਾਕ ਹੈ।
ਸੀਵਾਈਐਸਐਸ ਨੇ ਬਿੱਲ ਵਿਰੁੱਧ ਕੀਤਾ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ : ਸਥਾਨਕ ਟਿੱਬੀ ਸਾਹਿਬ ਰੋਡ ਸਥਿੱਤ ਪੰਜਾਬ ‘ਵਰਸਿਟੀ ਦੇ ਰਿਜ਼ਨਲ ਸੈਂਟਰ ਦੇ ਵਿਦਿਆਰਥੀਆਂ ਵੱਲੋਂ ਸੀਵਾਈਐਸਐਸ (ਆਪ ਵਿਦਿਆਰਥੀ ਵਿੰਗ) ਦੀ ਪ੍ਰਧਾਨ ਅਨੂੰ ਸਭਰਵਾਲ ਦੀ ਅਗਵਾਈ ਹੇਠ ਬਿੱਲ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੀਵਾਈਐਸਐਸ ਪ੍ਰਧਾਨ ਅਨੂੰ ਸਭਰਵਾਲ ਨੇ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵੱਲੋਂ ਸੰਵਿਧਾਨ ਨੂੰ ਛਿੱਕੇ ਟੰਗ ਕੇ ਜੋ ਨਾਗਰਿਕਤਾ ਸੋਧ ਬਿੱਲ ਬਣਾਇਆ ਗਿਆ, ਜਿਸ ‘ਚ ਮੁਸਲਮਾਨ ਭਾਈਚਾਰੇ ਨਾਲ ਬੇਗਾਨਿਆਂ ਵਾਲਾ ਸਲੂਕ ਕੀਤਾ ਗਿਆ ਹੈ, ਜਿਸਦਾ ਸਮੁੱਚਾ ਵਿਦਿਆਰਥੀ ਵਰਗ ਵਿਰੋਧ ਕਰ ਰਿਹਾ ਹੈ। ਇਸ ਤੋਂ ਇਲਾਵਾ ਇਸੇ ਬਿੱਲ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਜੋ ਪੁਲਿਸ ਵੱਲੋਂ ਡਾਂਗਾਂ ਤੇ ਗੋਲੀਆਂ ਚਲਾਈਆਂ ਗਈਆਂ ਹਨ, ਉਸਦੀ ਸੀਵਾਈਐਸਐਸ ਵੱਲੋਂ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਜਾਂਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਇਸ ਬਿੱਲ ਨੂੰ ਦੁਬਾਰਾ ਸੋਧਿਆ ਜਾਵੇ।
‘ਭਾਰਤੀ ਕਮਿਊਨਿਸਟ ਪਾਰਟੀ’ ਤੇ ‘ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ’ ਵੱਲੋਂ ਰੋਸ
ਭਜਨ ਸਮਾਘ/ਸ੍ਰੀ ਮੁਕਤਸਰ ਸਾਹਿਬ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ‘ਨਾਗਰਿਕਤਾ ਸੋਧ ਬਿੱਲ’ ਖ਼ਿਲਾਫ਼ ‘ਭਾਰਤੀ ਕਮਿਊਨਿਸਟ ਪਾਰਟੀ’ ਤੇ ‘ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ’ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਮੂਹਰੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦੋਵਾਂ ਪਾਰਟੀਆਂ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜਗਜੀਤ ਸਿੰਘ ਜੱਸੇਆਣਾ ਤੇ ਕਰਵਾਣ ਸਿੰਘ ਦੂਹੇਵਾਲਾ ਨੇ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਹ ਬਿੱਲ ਇੱਕ ਫਿਰਕੇ ਦੇ ਲੋਕਾਂ ਨੂੰ ਧਰਮ ਅਧਾਰਿਤ ਵੰਡ ਵੱਲ ਇਸ਼ਾਰਾ ਕਰਦਾ ਹੈ ਜੋ ਭਾਰਤ ਦੇ ਸੰਘੀ ਢਾਂਚੇ ਨੂੰ ਖ਼ਤਰਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਫਿਰਕੂ ਏਜੰਡੇ ਨੂੰ ਭਾਰਤ ਅੰਦਰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਘੱਟ-ਗਿਣਤੀ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੋਦੀ ਸਰਕਾਰ ਵੱਲੋਂ ਕਸ਼ਮੀਰ ਵਿੱਚ ਧਾਰਾ 370 ਤੇ 35 ਏ ਨੂੰ ਖਤਮ ਕਰਕੇ ਕਸ਼ਮੀਰੀ ਲੋਕਾਂ ਨਾਲ ਭਾਰੀ ਧ੍ਰੋਹ ਕਮਾਇਆ ਹੈ। ਕਸ਼ਮੀਰੀ ਲੋਕਾਂ ਨੂੰ ਸਾਢੇ ਚਾਰ ਮਹੀਨਿਆਂ ਤੋਂ ਘਰਾਂ ਤੇ ਜੇਲ੍ਹਾਂ ਵਿੱਚ ਬੰਦ ਕਰਕੇ ਲੋਕਾਂ ‘ਤੇ ਜ਼ਬਰ ਜ਼ੁਲਮ ਢਾਹਿਆ ਜਾ ਰਿਹਾ ਹੈ ਤੇ ਭਾਰਤੀ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਡੀ ਰਾਜਾ ਤੇ ਸੀਤਾ ਰਾਮ ਯੇਚੁਰੀ ਨੂੰ ਗ੍ਰਿਫ਼ਤਾਰ
ਆਗੂਆਂ ਕਿਹਾ ਕਿ ਭਾਰਤ ਦੀਆਂ ਸਮੂਹ ਖੱਬੇਪੱਖੀ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਦੇ ਯਤਨ ਕੀਤੇ ਜਾਣਗੇ। ਇਸ ਦੌਰਾਨ ਕਾਮਰੇਡ ਡੀ ਰਾਜਾ ਤੇ ਕਾਮਰੇਡ ਸੀਤਾ ਰਾਮ ਯੇਚੁਰੀ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਜ਼ੋਰਦਾਰ ਨਿੰਦਾ ਕੀਤੀ ਗਈ। ਅੰਤ ‘ਚ ਸਥਾਨਕ ਡੀਸੀ ਦਫਤਰ ਸਾਹਮਣੇ ਮਨਰੇਗਾ ਮਜ਼ਦੂਰਾਂ ਵੱਲੋਂ ਲਗਾਤਾਰ ਚੱਲ ਰਹੇ ਧਰਨੇ ਦਾ ਵੀ ਜ਼ੋਰਦਾਰ ਸਮੱਰਥਨ ਕੀਤਾ ਗਿਆ। ਇਸ ਮੌਕੇ ਕਾਮਰੇਡ ਗੁਰਮੇਲ ਸਿੰਘ ਦੋਦਾ, ਸੁਖਜੀਤ ਸਿੰਘ ਕਾਉਣੀ, ਹਰਜੀਤ ਸਿੰਘ ਮਦਰੱਸਾ, ਜਸਵਿੰਦਰ ਸਿੰਘ ਸੰਗੂਧੌਣ, ਅੰਮ੍ਰਿਤਪਾਲ ਸਿੰਘ ਗੂੜੀ ਸੰਘਰ, ਕਰਮ ਸਿੰਘ ਮਦਰੱਸਾ ਤੇ ਹਰਪਾਲ ਸਿੰਘ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।