ਨਹੀਂ ਮਿਲੇਗੀ ਇੱਕ ਤੋਂ ਵੱਧ ਵਿਧਾਇਕਾਂ ਨੂੰ ਪੈਨਸ਼ਨ, ਸਰਕਾਰ ਵੱਲੋਂ ਆਰਡੀਨੈਂਸ ਜਾਰੀ

Pension

ਹੁਣ ਹਰ ਸਾਬਕਾ ਵਿਧਾਇਕ ਨੂੰ ਮਿਲੇਗੀ ਮਹਿੰਗਾਈ ਭੱਤੇ ਅਤੇ 60 ਹਜ਼ਾਰ ਰੁਪਏ ਪੈਨਸ਼ਨ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਖ਼ਰਕਾਰ ਭਗਵੰਤ ਮਾਨ ਦੀ ਸਰਕਾਰ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ (MLA Pension) ਨੂੰ ਲਾਗੂ ਕਰਨ ਲਈ ਆਰਡੀਨੈਂਸ ਜਾਰੀ ਕਰ ਦਿੱਤਾ ਗਿਆ ਹੈ। ਹੁਣ ਤੋਂ ਬਾਅਦ ਪੰਜਾਬ ਭਰ ਵਿੱਚ ਸਾਬਕਾ ਵਿਧਾਇਕਾਂ ਨੂੰ ਇੱਕ ਹੀ ਪੈਨਸ਼ਨ ਮਿਲੇਗੀ ਭਾਵੇਂ ਉਹ ਕਿੰਨੇ ਵਾਰੀ ਹੀ ਕਿਉਂ ਨਾ ਪੰਜਾਬ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਹੋਵੇ। ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ‘ਦਿ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ ਰੈਗੂਲੇਸ਼ਨ) ਐਕਟ, 1977’ ਦੀ ਧਾਰਾ 3(1) ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਮੌਜੂਦਾ ਉਪਬੰਧ ਅਨੁਸਾਰ ਪਹਿਲੀ ਟਰਮ ਲਈ 15000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਅਤੇ ਬਾਅਦ ਵਾਲੀ ਹਰੇਕ ਟਰਮ ਲਈ 10000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ‘ਤੇ ਲਾਗੂ ਹੁੰਦਾ ਹੈ) ਦੀ ਥਾਂ ਸਿਰਫ਼ ਇੱਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ ਅਤੇ ਮਹਿੰਗਾਈ ਭੱਤਾ (ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਤੇ ਲਾਗੂ ਹੁੰਦਾ ਹੈ) ਦਿੱਤੀ ਜਾਵੇਗੀ। ਨਵੇਂ ਫ਼ਾਰਮੂਲੇ ਅਨੁਸਾਰ ਬੇਸਿਕ 60 ਹਜ਼ਾਰ ਰੁਪਏ ਪੈਨਸ਼ਨ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਚਲ ਰਹੇ 28 ਫੀਸਦੀ ਡੀ.ਏ. ਅਨੁਸਾਰ 16 ਹਜ਼ਾਰ 800 ਰੁਪਏ ਵੀ ਮਿਲੇਗਾ। ਇਸ ਹਿਸਾਬ ਨਾਲ ਹਰ ਸਾਬਕਾ ਵਿਧਾਇਕ ਨੂੰ 76 ਹਜ਼ਾਰ 800 ਰੁਪਏ ਪੈਨਸ਼ਨ ਮਿਲੇਗੀ। ਇਸ ਸੋਧ ਹੋਣ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਭਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ