ਪੰਜਾਬ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ: ਹਰਪਾਲ ਸਿੰਘ ਚੀਮਾ

Harpal Singh Cheema Sachkahoon

ਸੰਗਰੂਰ ਪੁੱਜਣ ’ਤੇ ਚੀਮਾ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’

(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਪੰਜਾਬ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਬਿਨ੍ਹਾਂ ਕੋਈ ਨਵਾਂ ਟੈਕਸ ਲਗਾਇਆਂ ਪਹਿਲਾਂ ਤੋਂ ਲੱਗ ਰਹੇ ਟੈਕਸਾਂ ਰਾਹੀਂ ਹੀ ਸੂਬੇ ਦੇ ਘਟਦੇ ਮਾਲੀਏ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਸੰਗਰੂਰ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਸੂਬੇ ਵਿੱਚ ਫਜ਼ੂਲ ਖਰਚੀ ਨੂੰ ਰੋਕਿਆ ਜਾਵੇਗਾ ਉਥੇ ਹੀ ਟੈਕਸ ਚੋਰੀ ਨੂੰ ਵੀ ਸਖ਼ਤੀ ਨਾਲ ਠੱਲ ਪਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ ਅਤੇ ਸਾਰਾ ਪੈਸਾ ਯੋਗ ਪ੍ਰਣਾਲੀ ਰਾਹੀਂ ਲੋਕਾਂ ਦੀ ਭਲਾਈ ਹਿੱਤ ਖਰਚ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਲਈ 37 ਹਜ਼ਾਰ 120 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਤਿੰਨ ਮਹੀਨਿਆਂ ਬਾਅਦ ਅਗਲਾ ਬਜਟ ਪੇਸ਼ ਕੀਤਾ ਜਾਵੇਗਾ ਜਿਸ ਦੀ ਤਿਆਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਬਜਟ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰਾ ਉਤਰੇਗਾ ਅਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਸੌ ਫੀਸਦੀ ਪੂਰਾ ਕੀਤਾ ਜਾਵੇਗਾ ਅਤੇ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਆਉਂਦੇ ਤਿੰਨ ਮਹੀਨਿਆਂ ਅੰਦਰ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗ ਜਾਣਗੇ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਅੰਤਿਮ ਸਮੇਂ ਵਿੱਚ ਜੋ ਗਰਾਂਟਾਂ ਜਾਰੀ ਕੀਤੀਆਂ ਸਨ ਉਸ ਵਿੱਚ ਵੱਡੀਆਂ ਖਾਮੀਆਂ ਹਨ, ਜਿਸ ਕਰਕੇ ਗ੍ਰਾਂਟਾਂ ਨੂੰ ਰੋਕ ਕੇ ਖਾਮੀਆਂ ਨੂੰ ਦੂਰ ਕਰਕੇ ਸਕੀਮਾਂ ਨੂੰ ਨਵੇਂ ਸਿਰਿਉਂ ਸਹੀ ਢੰਗ ਨਾਲ ਲਾਗੂ ਕਰਕੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਰੇਤ, ਸ਼ਰਾਬ, ਟਰਾਂਸਪੋਰਟ ਆਦਿ ਦਾ ਮਾਫੀਆ ਖ਼ਤਮ ਕਰਕੇ ਆਮਦਨ ਦੇ ਨਵੇਂ ਸਰੋਤ ਪੈਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰੋਜੈਕਟ ’ਤੇ 500 ਕਰੋੜ ਰੁਪਏ ਖਰਚ ਹੋਣਾ ਸੀ ਉਸ ’ਤੇ ਹਜਾਰ ਬਾਰਾਂ ਸੌ ਕਰੋੜ ਰੁਪਏ ਖਰਚ ਹੋ ਰਹੇ ਸਨ ਅਤੇ ਓਹੀ ਖਰਚਾ ਹੁਣ 500 ਕਰੋੜ ਰੁਪਏ ਉੱਤੇ ਲਿਆਂਦਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਟੈਕਸ, ਐਕਸਾਈਜ਼, ਫਾਇਨਾਂਸ ਆਦਿ ਵਿਭਾਗ ਵੱਖ ਵੱਖ ਮੰਤਰੀਆਂ ਕੋਲ ਹੁੰਦੇ ਸਨ ਅਤੇ ਆਪਸੀ ਤਾਲਮੇਲ ਨਾ ਬੈਠਣ ਕਾਰਨ ਨਾ ਤਾਂ ਸਮੇਂ ਸਿਰ ਮੀਟਿੰਗਾਂ ਹੁੰਦੀਆਂ ਸਨ ਅਤੇ ਨਾ ਹੀ ਸਕੀਮਾਂ ਸਫ਼ਲਤਾ ਨਾਲ ਪ੍ਰਵਾਨ ਚੜਦੀਆਂ ਸਨ ਪਰ ਹੁਣ ਪਹਿਲੀ ਵਾਰ ਹੋਇਆ ਕਿ ਇੱਕ ਮੰਤਰੀ ਨੂੰ ਇਹ ਮਹਿਕਮੇ ਮਿਲੇੇ ਹਨ ਜਿਸ ਨਾਲ ਟੈਕਸ ਦੀ ਕੁਲੈਕਸ਼ਨ, ਕਿਥੋਂ ਰੈਵੇਨਿਊ ਇਕੱਤਰ ਹੋਣਾ ਹੈ, ਐਕਸਾਈਜ਼ ਪਾਲਸੀ ਆਦਿ ਬਾਰੇ ਇੱਕ ਜਗਾ ’ਤੇ ਮੀਟਿੰਗ ਹੋਵੇਗੀ ਜਿਸ ਨਾਲ ਯੋਜਨਾਵਾਂ ਪ੍ਰਭਾਵੀ ਢੰਗ ਨਾਲ ਲਾਗੂ ਕਰਕੇ ਟੈਕਸ ਦੀ ਚੋਰੀ ਨੂੰ ਸਖਤੀ ਨਾਲ ਰੋਕਿਆ ਜਾ ਸਕੇਗਾ। ਉਨਾਂ ਕਿਹਾ ਕਿ ਲੋਕ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ ਅਤੇ ਜਦੋਂ ਮਾਫ਼ੀਏ ਖਤਮ ਹੋ ਗਏ ਅਤੇ ਖਜਾਨੇ ਨੂੰ ਖੋਰਾ ਲੱਗਣਾ ਖਤਮ ਹੋਣ ਨਾਲ ਖ਼ਜ਼ਾਨਾ ਭਰੇਗਾ ਅਤੇ ਖਜ਼ਾਨੇ ਨੂੰ ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਐਸ.ਐਸ.ਪੀ ਸਵਪਨ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ