ਔਰਤਾਂ ਨੂੰ 1000 ਰੁਪਏ ਮਹੀਨਾ ਰਾਸ਼ੀ ਦੇਣ ਦੀ ਗਰੰਟੀ ਛੇਤੀ ਕੀਤੀ ਜਾਵੇਗੀ ਪੂਰੀ : ਵਿਧਾਇਕ ਕੁਲਵੰਤ ਸਿੰਘ

Aapki Sarkar Aapke Dwar

ਆਪ ਦੀ ਸਰਕਾਰ ਆਪ ਦੇ ਦੁਆਰ’’ ਪ੍ਰੋਗਰਾਮ ਤਹਿਤ ਪਿੰਡ ਪੱਤੋਂ ਵਿਖੇ ਕੈਂਪ

  •  ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖੋ-ਵੱਖ ਅਧਿਕਾਰੀਆਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਮੋਹਾਲੀ (ਐੱਮ ਕੇ ਸ਼ਾਇਨਾ)। ਪੰੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੇ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ (Aapki Sarkar Aapke Dwar ) ਪ੍ਰੋਗਰਾਮ ਤਹਿਤ ਪਿੰਡ ਪੱਤੋਂ ਵਿਖੇ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਲਾਏ ਕੈਂਪ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਆਰੰਭ ਹੋਈ ਇਸ ਮੁਹਿੰਮ ਦੀ ਵਿਸ਼ੇਸ਼ਤਾ ਇਹ ਹੈ ਕਿ ਆਧਾਰ ਅੱਪਡੇਸ਼ਨ ਦੀ ਸ਼ੁਰੂਆਤ ਪਿੰਡ ਪੱਧਰ ’ਤੇ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਿਯਤਮ ਤੌਰ ’ਤੇ ਕੈਂਪ ਲਾਏ ਜਾਣਗੇ। ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਦਾ ਵਿਕਾਸ ਦਾ ਸੁਫ਼ਨਾ ਦੇਖ ਕੇ ਮੌਜੂਦਾ ਸਰਕਾਰ ਬਣਾਈ ਸੀ ਅਤੇ ਇਸ ਸੁਫਨੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਦਿੱਤੀ ਗਈ ਸੇਧ ਦੇ ਅਨੁਸਾਰ ਸਾਰਾ ਪ੍ਰਸ਼ਾਸਨ ਲੋਕਾਂ ਦੇ ਦਰਾਂ ’ਤੇ ਪੁੱਜਾ ਹੈ ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦੇਣ ਦੇ ਨਾਲ ਨਾਲ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਉਹਨਾਂ ਨੇ ਅਪੀਲ ਕੀਤੀ ਕਿ ਹਰ ਜ਼ਿੰਮੇਵਾਰ ਵਿਅਕਤੀ ਸੂਬੇ ਦੀ ਤਰੱਕੀ ਲਈ ਯੋਗਦਾਨ ਪਾਵੇ। ਉਹਨਾਂ ਕਿਹਾ ਕਿ ਜਿਸ ਦਿਨ ਦੀ ਸਰਕਾਰ ਬਣੀ ਹੈ, ਓਸੇ ਦਿਨ ਤੋਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਤਕ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਵਿਭਾਗਾਂ ਵਿਚ ਭਾਰਤੀ ਹੋ ਚੁੱਕੀ ਹੈ ਤੇ ਆਉਣ ਵਾਲੇ ਮਹੀਨਿਆਂ ਵਿਚ ਇਹ ਅੰਕੜਾ ਲੱਖਾਂ ਵਿੱਚ ਪੁੱਜ ਜਾਵੇਗਾ।

ਔਰਤਾਂ ਨੂੰ 1000 ਰੁਪਏ ਮਹੀਨਾ ਰਾਸ਼ੀ ਦੇਣ ਦੀ ਗਰੰਟੀ ਵੀ ਜਲਦੀ ਪੂਰੀ ਕੀਤੀ ਜਾਵੇਗੀ

ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ 86 ਫ਼ੀਸਦ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਔਰਤਾਂ ਨੂੰ 1000 ਰੁਪਏ ਮਹੀਨਾ ਰਾਸ਼ੀ ਦੇਣ ਦੀ ਗਰੰਟੀ ਵੀ ਜਲਦੀ ਪੂਰੀ ਕੀਤੀ ਜਾਵੇਗੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਮਜ਼ਬੂਤ ਰੱਖੀ ਜਾਵੇ। ਉਹਨਾਂ ਕਿਹਾ ਕਿ ਇਸ ਸਰਕਾਰ ਦੌਰਾਨ ਨਾ ਤਾਂ ਕਿਸੇ ਨਾਲ ਧੱਕਾ ਹੋਵੇਗਾ ਤੇ ਨਾ ਹੀ ਗਲਤ ਕੰਮ ਕਰਨ ਵਾਲੇ ਬਖਸ਼ੇ ਜਾਣਗੇ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹਨਾਂ ਕੈਂਪਾਂ ਰਾਹੀਂ ਲੋਕਾਂ ਦੇ ਦਰਾਂ ’ਤੇ ਪਹੁੰਚ ਕੇ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸੇਵਾ ਕੇਂਦਰ ਜਾਣ ਲਈ ਲੋਕਾਂ ਨੂੰ ਆਪਣਾ ਕੰਮ ਛੱਡ ਕੇ ਅਤੇ ਕਿਰਾਇਆ ਖਰਚ ਕੇ ਜਾਣਾ ਪੈਂਦਾ ਹੈ। ਇਸ ਕਰਕੇ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਹੀ ਪੁੱਜ ਰਹੀ ਹੈ। ਉਨ੍ਹਾਂ ਨੇ ਅਜਿਹੇ ਕੈਂਪਾਂ ਤੋਂ  ਵੱਧ ਤੋਂ ਵੱਧ ਲਾਭ ਲੈਣ ਦੀ ਲੋਕਾਂ ਨੂੰ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ ਦੀ ਲੋਕਾਂ ਨੂੰ ਅਪੀਲ ਕੀਤੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਕੜਿਆਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਅਧਾਰ ਕਾਰਡ ਨਾਲ ਸਬੰਧਤ ਕੰਮਾਂ ਲਈ ਹੀ ਲੋਕ ਸਭ ਤੋਂ ਵੱਧ ਸੇਵਾ ਕੇਂਦਰਾਂ ਵਿੱਚ ਜਾਂਦੇ ਹਨ। ਇਸ ਲਈ ਇਸ ਕੈਂਪ ਵਿੱਚ ਆਧਾਰ ਅਪਡੇਟ ਦੀ ਸਹੂਲਤ ਪਹਿਲ ਦੇ ਅਧਾਰ ਉੱਤੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਆਧਾਰ ਕੋਈ ਵੀ ਦਰੁਸਤੀ ਕਰਨ, ਆਧਾਰ ਨੂੰ ਬੈਂਕ ਖਾਤੇ ਨਾਲ ਜੋੜਨ, ਬੈਂਕ ਖਾਤੇ ਤੋਂ ਵਿਰਵੇ ਲੋਕਾਂ ਦਾ ਖਾਤਾ ਖੁਲ੍ਹਵਾਉਣ ਸਬੰਧੀ, ਪੈਨਸ਼ਨ ਸਬੰਧੀ ਦਿੱਕਤਾਂ ਦੇ ਹੱਲ ਕਰਨ ਅਤੇ ਮੌਕੇ ਉੱਤੇ ਹੀ ਪੈਨਸ਼ਨ ਦੀ ਅਦਾਇਗੀ ਵਰਗੀਆਂ ਸਹੂਲਤਾਂ ਕੈਂਪ ਵਿੱਚ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ ਦੀ ਲੋਕਾਂ ਨੂੰ ਅਪੀਲ ਕੀਤੀ।

ਪਿੰਡ ਵਾਸੀਆਂ ਨੇ ਪਿੰਡ ਦੀਆਂ ਮੁਸ਼ਕਲਾਂ ਸਬੰਧੀ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ। ਲੋਕਾਂ ਵੱਲੋਂ ਆਪਣੀਆਂ ਮੁਸ਼ਕਲਾਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਵੀ  ਲਿਆਂਦੀਆਂ ਵੱਡੀ ਗਿਣਤੀ ਸਮੱਸਿਆਵਾਂ ਨੂੰ ਮੌਕੇ ਉੱਤੇ ਹੱਲ ਕਰ ਦਿੱਤਾ ਗਿਆ ਅਤੇ ਬਾਕੀਆਂ ਸਮੱਸਿਆਵਾਂ ਸਬੰਧੀ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐੱਸ. ਡੀ. ਐਮ. ਮੋਹਾਲੀ ਸਰਬਜੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।