ਸੱਚ ਕਹੂੰ ਨਿਊਜ਼ ਧੂਰੀ, 24 ਜਨਵਰੀ। ਦੇਸ਼ ਦੇ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਇਸ ਤੋਂ ਬਾਅਦ ਵੀ ਕਈ ਆਗੂਆਂ ’ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲੱਗ ਰਹੇ ਹਨ।
ਹੁਣ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਹੈ। ਭਗਵੰਤ ਮਾਨ ’ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਨੇ ਸੰਗਰੂਰ ਅਤੇ ਧੂਰੀ ’ਚ ਰੋਡ ਸੋਅ ਕੱਢਿਆ ਸੀ। ਹਾਲਾਂਕਿ ਰੋਡ ਸ਼ੋਅ ’ਤੇ ਪਾਬੰਦੀ ਹੈ, ਇਸ ਲਈ ਰਿਟਰਨਿੰਗ ਅਫਸਰਾਂ ਨੇ ਆਮ ਆਦਮੀ ਪਾਰਟੀ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
ਭਗਵੰਤ ਮਾਨ ਬੀਤੇ ਦਿਨ ਸਵੇਰੇ ਸੰਗਰੂਰ ਪੁੱਜੇ ਸੀ। ਜਿਸ ਤੋਂ ਬਾਅਦ ਕਈ ਥਾਵਾਂ ’ਤੇ ਪਾਰਟੀ ਵਰਕਰਾਂ ਵੱਲੋਂ ਭਗਵੰਤ ਮਾਨ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। ਸੰਗਰੂਰ ਦੇ, ਪਿੰਡ ਲੱਡਾ, ਕਾਂਝਲਾ, ਮੂਲੋਵਾਲ, ਧੂਰੀ ਆਦਿ ਥਾਵਾਂ ‘ਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਇਕੱਠੇ ਹੋਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ