ਹੁਣ ਨਿਯਮ ਤੋੜੇ ਤੋਂ ਭਾਰੀ ਹੋਏਗਾ ਜੁਰਮਾਨਾ, ਏਕਾਂਤਵਾਸ ਤੋੜਨ ‘ਤੇ 5 ਹਜ਼ਾਰ ਤਾਂ ਰੈਸਟੋਰੈਂਟ ਨੂੰ ਹੋਏਗਾ 10 ਹਜ਼ਾਰ ਜੁਰਮਾਨਾ

Punjab Police

ਧਾਰਮਿਕ ਸੰਸਥਾਵਾਂ ‘ਚ ਸਾਰੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ

ਮੁੱਖ ਸਕੱਤਰ ਤੇ ਸਿਹਤ ਮਾਹਿਰਾਂ ਨੂੰ ਸੂਬੇ ਵਿੱਚ ਦੋ ਹੋਰ ਪਲਾਜ਼ਮਾ ਬੈਂਕ ਸਥਾਪਤ ਕਰਨ ਬਾਰੇ ਰੂਪ-ਰੇਖਾ ਉਲੀਕਣ ਲਈ ਕਿਹਾ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰੇਲੂ ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸੂਬੇ ਵਿੱਚ ਇਸ ਵੇਲੇ 951 ਮਰੀਜ਼ ਘਰੇਲੂ ਏਕਾਂਤਵਾਸ ਵਿੱਚ ਹਨ।

ਮੁੱਖ ਮੰਤਰੀ ਨੇ ਸੂਬੇ ਵਿੱਚ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ ‘ਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ।

ਸੂਬੇ ਵਿੱਚ ਕੋਵਿਡ ਦੀ ਸਥਿਤੀ ਅਤੇ ਇਸ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕੱਠਾਂ ਦੌਰਾਨ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲੇ ਅਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ‘ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਅੱਜ ਐਲਾਨੇ ਗਏ ਜੁਰਮਾਨੇ/ਦੰਡ ਪਹਿਲੇ ਐਲਾਨੇ ਗਏ ਜੁਰਮਾਨਿਆਂ ਤੋਂ ਵੱਖ ਹੋਣਗੇ। ਮਈ ਮਹੀਨੇ ਵਿੱਚ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਨਣ ਉਤੇ 500 ਰੁਪਏ ਜੁਰਮਾਨਾ, ਘਰੇਲੂ ਏਕਾਂਤਵਾਸ ਦੀਆਂ ਹਦਾਇਤਾਂ ਦੇ ਉਲੰਘਣ ‘ਤੇ 200 ਰੁਪਏ ਅਤੇ ਜਨਤਕ ਥਾਵਾਂ ‘ਤੇ ਥੁੱਕਣ ‘ਤੇ 500 ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕੀਤਾ ਗਿਆ ਸੀ।

ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ/ਵਪਾਰਕ ਥਾਵਾਂ ਨੂੰ ਸਮਾਜਿਕ ਵਿੱਥ ਦੀ ਉਲੰਘਣਾ ਕਰਨ ‘ਤੇ 2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ ਜਦਕਿ ਬੱਸਾਂ ਅਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ ‘ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਅਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।

Corona

ਸੂਬਾ ਭਰ ਵਿੱਚ ਉਲੰਘਣਾ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਦੌਰਾਨ ਹੋਰ ਜੁਰਮਾਨਿਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਮੁਤਾਬਕ ਮਾਸਕ ਨਾ ਪਹਿਨਣ ਲਈ ਰੋਜ਼ਾਨਾ ਲਗਪਗ 5000 ਚਲਾਨ ਕੱਟੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਮਾਸਕ ਪਹਿਨਣਾ ਲਾਜ਼ਮੀ ਕਰਨ ਦੇ ਅਮਲ ਨੂੰ ਸਖਤੀ ਨਾਲ ਯਕੀਨੀ ਬਣਾਉਣ ਲਈ ਕਰੜੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।

ਮੁੱਖ ਮਤੰਰੀ ਨੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸੂਬੇ ਵਿੱਚ ਧਾਰਮਿਕ ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਥਾਵਾਂ ਰਾਹੀਂ ਆਵਾਜ਼ਾਂ ਦੇ ਕੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗੂਰਕ ਕਰਨ ਦੀ ਵੀ ਅਪੀਲ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਯੂਨੀਅਨਾਂ ਨੂੰ ਇਕ ਵਾਰ ਫੇਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਸੜਕਾਂ ‘ਤੇ ਰੋਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਨੂੰ ਦੁਹਰਾਉਂਦਿਆਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਅਜਿਹੇ ਅੰਦੋਲਨ ਮੁਲਤਵੀ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਬੱਸ ਅੱਡਿਆਂ ਆਦਿ ਵਰਗੀਆਂ ਸਾਂਝੀਆਂ ਥਾਵਾਂ ‘ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਸਿਹਤ ਮਾਹਿਰਾਂ ਨੂੰ ਫਰੀਦਕੋਟ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੀ ਪਲਾਜ਼ਮਾ ਬੈਂਕਾਂ ਸਥਾਪਤ ਕਰਨ ਲਈ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ