ਪੰਜਾਬ ਤੋਂ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਨਿਰਯਾਤ | Litchi
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Litchi : ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ’ਚ ਐਕਸਪੋਰਟ ਭਾਵ ਨਿਰਯਾਤ ਕਰਨ ਦੀ ਸ਼ੁਰੂਆਤ ਕੀਤੀ ਗਈ ਅੱਜ ਬਾਗਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਖਾਈ ਹਰੀ ਝੰਡੀ | Litchi
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ’ਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ’ਚ ਲੀਚੀ ਲਈ ਅਨੁਕੂਲ ਵਾਤਾਵਰਨ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਸੂਬਿਆਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ। ਬਾਗਬਾਨੀ ਮੰਤਰੀ ਨੇ ਕਿਹਾ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂਕੇ) ਲਈ ਐਕਸਪੋਰਟ ਕੀਤੀ ਜਾ ਰਹੀ ਹੈ।
ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਂਅ ਅਹਿਮ ਵਿਦੇਸ਼ੀ ਮੰਡੀਆਂ ’ਚ ਸ਼ੁਮਾਰ ਹੋਵੇਗਾ: ਜੌੜਾਮਾਜਰਾ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਰਾਹੀਂ ਲੀਚੀ ਦੇ ਬਾਗਬਾਨ ਐਕਸਪੋਰਟ ਜਰੀਏ ਹੋਰ ਵੱਧ ਮੁਨਾਫਾ ਕਮਾ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਗਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗਬਾਨੀ ਦੀਆਂ ਹੋਰ ਫਸਲਾਂ ਨੂੰ ਵੀ ਵਿਦੇਸ ਭੇਜਣ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਂਅ ਵਿਦੇਸ਼ ਦੀਆਂ ਅਹਿਮ ਮੰਡੀਆਂ ’ਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਛਾਣ ਵਿਦੇਸਾਂ ਤੱਕ ਬਣੇਗੀ।
Also Read : Pension: ਪੈਨਸ਼ਨਰਾਂ ਲਈ ਚੰਗੀ ਖ਼ਬਰ, ਇਸ ਸਮੱਸਿਆ ਦਾ ਰਾਹ ਹੋਵੇਗਾ ਪੱਧਰਾ