ਸੂਬਾਈ ਅਧਿਆਪਕ ਆਗੂਆਂ ਨੇ ਸਿੱਖਿਆ ਵਿਭਾਗ ਦੇ ਫੈਸਲੇ ਦਾ ਕੀਤਾ ਭਰਵਾਂ ਸਵਾਗਤ
ਫਿਰੋਜ਼ਪੁਰ, (ਸਤਪਾਲ ਥਿੰਦ)। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਪੰਜਾਬ ਦੇ ਪ੍ਰਾਇਮਰੀ ਅਧਿਆਪਕ ਵੀ ਸੈਕੰਡਰੀ ਸਕੂਲਾਂ ਵਿੱਚ ਸਿੱਧੀ ਭਰਤੀ ਰਾਹੀਂ ਪ੍ਰਿੰਸੀਪਲ ਅਤੇ ਹੈੱਡਮਾਸਟਰ ਲੱਗ ਸਕਣਗੇ । ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਐਲੀਮਟਰੀ ਟੀਚਰਜ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ, ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਐਡਵਾਇਜਰੀ ਬੋਰਡ ਚੇਅਰਮੈਨ ਹਰਜਿੰਦਰ ਹਾਂਡਾ ਅਤੇ ਸੂਬਾਈ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁਕੇਵਾਲੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜੋ ਸੈਕੰਡਰੀ ਸਕੂਲਾਂ ਵਿੱਚ ਸਿੱਧੀ ਭਰਤੀ ਰਾਹੀਂ ਪ੍ਰਿੰਸੀਪਲ ਅਤੇ ਹੈੱਡਮਾਸਟਰ ਭਰਤੀ ਕੀਤੇ ਗਏ ਸਨ ਉਸ ਭਰਤੀ ਵਿੱਚ ਪ੍ਰਾਇਮਰੀ ਅਧਿਆਪਕਾਂ ਨੂੰ ਅਪਲਾਈ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਜਿਸ ਕਾਰਨ ਪੰਜਾਬ ਦੀ ਪ੍ਰਾਇਮਰੀ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ।
ਇਸ ਸਬੰਧੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਾਹਮਣੇ ਆਪਣਾ ਰੋਸ ਜ਼ਾਹਿਰ ਕਰਦਿਆਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਸੈਕੰਡਰੀ ਸਕੂਲਾਂ ਵਿੱਚ ਹੋਣ ਵਾਲੀ ਹਰ ਪ੍ਰਕਾਰ ਦੀ ਸਿੱਧੀ ਭਰਤੀ ਵਿੱਚ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਦੇ ਨਾਲ-ਨਾਲ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਬਰਾਬਰ ਦੇ ਮੌਕੇ ਦਿੱਤੇ ਜਾਣ। ਉਕਤ ਯੂਨੀਅਨ ਆਗੂਆਂ ਨੇ ਕਿਹਾ ਕਿ ਹੁਣ ਸਿੱਖਿਆ ਵਿਭਾਗ ਨੇ ਉਨ੍ਹਾਂ ਦੀ ਮੰਗ ਮੰਨਦਿਆਂ ਜੋ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ ਉਸ ਵਿੱਚ ਪ੍ਰਾਇਮਰੀ ਅਧਿਆਪਕਾਂ ਨੂੰ ਵੀ ਇਹਨਾਂ ਪੋਸਟਾਂ ਲਈ ਅਪਲਾਈ ਕਰਨ ਦਾ ਬਰਾਬਰ ਦਾ ਮੌਕਾ ਦੇ ਦਿੱਤਾ ਹੈ ।
ਹਰਜਿੰਦਰਪਾਲ ਸਿੰਘ ਪੰਨੂੰ, ਹਰਜਿੰਦਰ ਹਾਂਡਾ ਅਤੇ ਗੁਰਿੰਦਰ ਸਿੰਘ ਘੁਕੇਵਾਲੀ ਨੇ ਸਿੱਖਿਆ ਵਿਭਾਗ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਉਪ ਜ਼ਿਲਾ ਸਿੱਖਿਆ ਅਫਸਰਾਂ ਦੀ ਸਿੱਧੀ ਭਰਤੀ ਵਿੱਚ ਵੀ ਪ੍ਰਾਇਮਰੀ ਅਧਿਆਪਕਾਂ ਨੂੰ ਸੈਕੰਡਰੀ ਅਧਿਆਪਕਾਂ ਦੇ ਬਰਾਬਰ ਦੇ ਮੌਕੇ ਦਿੱਤੇ ਜਾਣ। ਇਸ ਮੋਕੇ ਸੂਬਾਈ ਅਧਿਆਪਕ ਆਗੂਆਂ ਨੇ ਸਿੱਖਿਆ ਵਿਭਾਗ ਦੇ ਇਸ ਫੈਸਲੇ ਦਾ ਭਰਵਾਂ ਸਵਾਗਤ ਕੀਤਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।