ਅਮਰਿੰਦਰ ਨੇ ਮੁੜ ਬਦਲੇ ਨਿਯਮ, ਹੁਣ 72 ਘੰਟਿਆਂ ਵਿੱਚ ਪੰਜਾਬ ਵਾਪਸੀ ਹੋਈ ਤਾਂ ਨਹੀਂ ਜਾਣਾ ਪਏਗਾ ਇਕਾਂਤਵਾਸ ‘ਚ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੇ ਘਰੇਲੂ ਯਾਤਰੀਆਂ ਨੂੰ ਸ਼ਰਤਾਂ ਨਾਲ ਛੋਟ ਦੇਣ ਦਾ ਐਲਾਨ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵਲੋਂ ਮੁੜ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਤੈਅ ਕੀਤੇ ਗਏ ਨਿਯਮਾਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚੋਂ ਕਿਸੇ ਵੀ ਸੂਬੇ ਵਿੱਚ ਗਿਆ ਵਿਅਕਤੀ ਜੇਕਰ 3 ਦਿਨ ਜਾ 72 ਘੰਟਿਆ ਦੇ ਅੰਦਰ ਵਾਪਸ ਪੰਜਾਬ ਆ ਜਾਂਦਾ ਹੈ ਤਾਂ ਉਸ ਨੂੰ ਏਕਾਂਤਵਾਸ ਵਿੱਚ ਘਰ ਰਹਿਣ ਦੀ ਜਰੂਰਤ ਨਹੀਂ ਹੋਏਗੀ, ਜਦੋਂ ਕਿ ਇਸ ਤੋਂ ਪਹਿਲਾਂ 24 ਘੰਟੇ ਦੌਰਾਨ ਪੰਜਾਬ ਵਾਪਸੀ ਨਹੀਂ ਕਰਨ ਵਾਲੇ ਵਿਅਕਤੀ ਨੂੰ 14 ਦਿਨਾਂ ਲਈ ਏਕਾਂਤਵਾਸ ਵਿੱਚ ਰੱਖਣ ਦਾ ਹੁਕਮ ਜਾਰੀ ਹੋਇਆ ਸੀ। ਜਿਸ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮ. ਵਲੋਂ ਆਪਣੇ ਇਲਾਕੇ ਵਿੱਚ ਲਾਗੂ ਵੀ ਕੀਤਾ ਹੋਇਆ ਸੀ ਪਰ ਹੁਣ ਇਨਾਂ ਆਦੇਸ਼ਾ ਵਿੱਚ ਮੁੜ ਤੋਂ ਫੇਰਬਦਲ ਕਰ ਦਿੱਤਾ ਗਿਆ ਹੈ। ਹਾਲਾਂਕਿ 72 ਘੰਟੇ ਵਿੱਚ ਪੰਜਾਬ ਵਾਪਸੀ ਕਰਨ ਵਾਲੇ ਵਿਅਕਤੀ ਨੂੰ ਸੂਬੇ ਦੀ ਸੀਮਾ ‘ਤੇ ਚੈੱਕ ਪੋਸਟ ਵਿਖੇ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ।

ਸੂਬੇ ਵਿੱਚ ਆਉਣ ਵਾਲੇ ਘਰੇਲੂ ਮੁਸਾਫਰਾਂ ਲਈ ਇਸ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਹੋਰ ਕਾਰੋਬਾਰੀ ਮੁਸਾਫਰਾਂ ਆਦਿ ਨੂੰ ਦੇਣ ਦਾ ਫੈਸਲਾ ਲਿਆ ਹੈ ਜਿਨਾਂ ਦੀ ਇੱਥੇ ਪਹੁੰਚਣ ‘ਤੇ 72 ਘੰਟਿਆਂ ਤੋਂ ਘੱਟ ਸਮੇਂ ਦੀ ਠਹਿਰ ਹੈ। ਉਨਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫੈਸਲਾ ਲਿਆ ਗਿਆ ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ।

ਜਿਨਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨਾਂ ਨੂੰ ਕੋਵਾ ਐਪ ‘ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿੱਚ ਚੈੱਕ ਪੋਸਟ ਦੇ ਆਫੀਸਰ ਇੰਚਾਰਜ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਉਨਾਂ ਨੂੰ ਆਪਣੇ ਮੋਬਾਈਲਾਂ ‘ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ ‘ਤੇ ਮੁਸਾਫਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿੱਚ ਆਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿੱਚ ਠਹਿਰ ਦੌਰਾਨ ਕੋਵਾ ਐਪ ਸਰਗਰਮ ਰੱਖਣੀ ਪਵੇਗੀ।

Kovid

ਅਜਿਹੇ ਯਾਤਰੀਆਂ ਲਈ ਹੋਰ ਨਿਰਧਾਰਤ ਸੰਚਾਲਨ ਵਿਧੀ (ਐਸ.ਪੀ.ਓਜ਼) ਮੁਤਾਬਕ ਇਨਾਂ ਨੂੰ ਸਵੈ-ਇੱਛੁਤ ਤੌਰ ‘ਤੇ ਦੱਸਣਾ ਹੋਵੇਗਾ ਕਿ ਉਹ ਕਿਸੇ ਸੀਮਿਤ ਜ਼ੋਨ (ਕੰਟੇਨਮੈਂਟ ਜ਼ੋਨ) ਤੋਂ ਨਹੀਂ ਆ ਰਹੇ ਅਤੇ ਸੂਬੇ ਵਿੱਚ ਪਹੁੰਚਣ ਦੇ ਸਮੇਂ ਤੋਂ ਲੈ ਕੇ ਉਹ ਪੰਜਾਬ ਵਿੱਚ 72 ਘੰਟਿਆਂ ਤੋਂ ਵੱਧ ਸਮਾਂ ਨਹੀਂ ਠਹਿਰਨਗੇ। ਇਸ ਸਮੇਂ ਦੌਰਾਨ ਉਹ ਆਪਣੀ ਸਿਹਤ ਦੀ ਨਿਗਰਾਨੀ ਕਰਨ ਅਤੇ ਆਪਣੇ ਆਸ-ਪਾਸ ਦੇ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਲਈ ਪਾਬੰਦ ਰਹਿਣਗੇ। ਜੇਕਰ ਕੋਵਿਡ-19 ਨਾਲ ਸਬੰਧਤ ਕਿਸੇ ਵੀ ਲੱਛਣ ਦਾ ਪਤਾ ਲਗਦਾ ਹੈ ਤਾਂ ਉਹ ਨਿਯੁਕਤ ਕੀਤੀ ਨਿਗਰਾਨੀ ਟੀਮ ਨਾਲ ਗੱਲਬਾਤ ਕਰਨਗੇ ਅਤੇ ਤੁਰੰਤ 104 ਨੰਬਰ ‘ਤੇ ਕਾਲ ਕਰਨਗੇ।

ਇਸੇ ਤਰਾਂ ਜੇਕਰ ਵਾਪਸੀ ਕਰਨ ਦੇ ਇਕ ਹਫ਼ਤੇ ਦੇ ਅੰਦਰ ਕਿਸੇ ਵੀ ਵਿਅਕਤੀ ਦਾ ਟੈਸਟ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 104 ‘ਤੇ ਕਾਲ ਕਰਨੀ ਹੋਵੇਗੀ ਅਤੇ ਸੰਪਰਕ ਕਰਕੇ ਲੋਕਾਂ ਨੂੰ ਲੱਭਣ ਵਿੱਚ ਮਦਦ ਵੀ ਕਰਨੀ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here