ਹੁਣ ਪਾਈਪ ਰਾਹੀਂ ਪਹੁੰਚੇਗੀ ਰਸੋਈ ਗੈਸ

ਖਪਤਕਾਰਾਂ ਨੂੰ ਨਹੀਂ ਕਰਨੀ ਪਵੇਗੀ ਸਿਲੰਡਰ ਦੀ ਉਡੀਕ

  • ਸਥਾਨਕ ਸਰਕਾਰ ਮੰਤਰੀ ਨਵਜੋਤ ਸਿੱਧੂ ਨੇ ਦਿੱਤੀ ਨੀਤੀ ਨੂੰ ਹਰੀ ਝੰਡੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਜਲਦ ਹੀ ਪੰਜਾਬ ਵਿੱਚ ਸਿਲੰਡਰ ਦੇ ਇੰਤਜਾਰ ਵਿੱਚ ਆਮ ਲੋਕਾਂ ਨੂੰ ਘਰ ਦੇ ਬਾਹਰ ਖੜ੍ਹਾ ਨਹੀਂ ਹੋਣਾ ਪਏਗਾ, ਕਿਉਂਕਿ ਪੰਜਾਬ ਸਰਕਾਰ ਹੁਣ ਸਿੱਧੇ ਹੀ ਉਨ੍ਹਾਂ ਦੀ ਰਸੋਈ ਘਰ ਅਤੇ ਜ਼ਰੂਰਤ ਵਾਲੀ ਥਾਂ ‘ਤੇ ਗੈਸ ਪਾਈਪ ਲਾਈਨ ਲੈ ਕੇ ਆਉਣ ਜਾ ਰਹੀਂ ਹੈ,  ਜਿਸ ਨਾਲ ਆਮ ਲੋਕਾਂ ਨੂੰ ਬਹੁਤ ਹੀ ਜਿਆਦਾ ਫਾਇਦਾ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸ਼ਹਿਰੀਆਂ ਨੂੰ ਹਰ ਤਰ੍ਹਾਂ ਦੀ ਵਰਤੋਂ ਲਈ ਪਾਈਪ ਲਾਈਨ ਰਾਹੀਂ ਗੈਸ ਮੁਹੱਈਆ ਕਰਵਾਉਣ ਲਈ ਇਕ ਠੋਸ ਅਤੇ ਲੋਕ ਪੱਖੀ ਨੀਤੀ ਬਣਾਈ ਗਈ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਵਾਸੀਆਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਵਚਨਬੱਧਤਾ ਤਹਿਤ ਵਿਭਾਗ ਵੱਲੋਂ ਨਿਰੰਤਰ ਨੀਤੀਆਂ ਬਣਾ ਕੇ ਸ਼ਹਿਰੀਆਂ ਲਈ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਈਪ ਲਾਈਨ ਰਾਹੀਂ ਗੈਸ ਦੀ ਸਪਲਾਈ ਲਈ ਪੈਟਰੋਲੀਅਮ ਐਂਡ ਨੈਚੂਰਲ ਗੈਸ ਰੈਗੂਲੇਟਰੀ ਬੋਰਡ (ਪੀ. ਐਨ.  ਜੀ. ਆਰ. ਬੀ.) ਵੱਲੋਂ ਇਜਾਜ਼ਤ ਦਿੱਤੀ ਜਾਂਦੀ ਹੈ ਅਤੇ ਸ਼ਹਿਰੀ ਵਾਸੀਆਂ ਨੂੰ ਪਾਈਪ ਲਾਈਨ ਦੀ ਸਪਲਾਈ ਦੇਣ ਦਾ ਅਧਿਕਾਰ ਖੇਤਰ ਸਬੰਧਤ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਕੋਲ ਹੈ। ਪੀ. ਐਨ. ਜੀ. ਆਰ. ਬੀ. ਵੱਲੋਂ ਇਜਾਜ਼ਤ ਉਪਰੰਤ ਸਬੰਧਤ ਕੰਪਨੀਆਂ ਸ਼ਹਿਰੀ ਸਥਾਨਕ ਸਰਕਾਰਾਂ ਇਕਾਈਆਂ ਨੂੰ ਨਵੀਂ ਬਣਾਈ ਨੀਤੀ ਤਹਿਤ ਨਿਰਧਾਰਤ ਪ੍ਰਤੀ ਸਾਲ ਕਿਰਾਏ ਦਾ ਭੁਗਤਾਨ ਕਰੇਗੀ।

ਜਿਸ ਨਾਲ ਸ਼ਹਿਰੀ ਇਕਾਈਆਂ ਵੀ ਆਰਥਿਕ ਤੌਰ ਉਤੇ ਆਤਮ ਨਿਰਭਰ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਤਜਵੀਜ਼ਤ ਨੀਤੀ ਵਿੱਚ ਕੰਪਨੀਆਂ ਵੱਲੋਂ ਉਮਰ ਭਰ ਲਈ ਇਕੱਠਾ ਹੀ ਕਿਰਾਇਆ ਭਰਿਆ ਜਾਣਾ ਸੀ ਜੋ ਕਿ ਬਹੁਤ ਵੱਡੀ ਰਕਮ ਬਣਨੀ ਸੀ। ਇਸ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਪੀ. ਐਨ. ਜੀ. ਆਰ. ਬੀ. ਵੱਲੋਂ ਵਾਜਬ ਕੀਮਤਾਂ ਤੈਅ ਕਰਨ ਲਈ ਸੁਝਾਅ ਦਿੱਤਾ ਗਿਆ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਭਾਗ ਨੇ ਹੁਣ ਯਕਮੁਸ਼ਤ ਕਿਰਾਏ ਦੀ ਬਜਾਏ ਪ੍ਰਤੀ ਸਾਲ ਕਿਰਾਇਆ ਲੈਣ ਦਾ ਫੈਸਲਾ ਕੀਤਾ ਹੈ।