ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ
- ਪੁਲਿਸ ਮੁਲਾਜ਼ਮਾਂ ਨੂੰ ਵਧੀਆਂ ਵਰਦੀਆਂ ਲਈ ਭੱਤਾ ਦਿੱਤਾ ਜਾਵੇਗਾ
- ਪੰਜਾਬ ਪੁਲਿਸ ਦੇ ਖਿਡਾਰੀਆਂ ਦੀ ਡਾਈਟ ਦੀ ਰਾਸ਼ੀ 150 ਰੁਪਏ ਤੋਂ ਵਧਾ ਕੇ 250 ਰੁਪਏ ਕੀਤੀ
(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ’ਚ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦਿੱਤਾ। ਉਨਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਪੀਏਪੀ ਜਲੰਧਰ ਪੁੱਜੇ। ਇੱਥੇ ਉਨ੍ਹਾਂ ਪੰਜਾਬ ਪੁਲਿਸ ਵੈਲਫੇਅਰ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੁਲਿਸ ਮੁਲਾਜ਼ਮਾਂ ਨੂੰ ਵਧੀਆਂ ਵਰਦੀਆਂ ਲਈ ਭੱਤਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ ਕੀਤਾ। ਪੰਜਾਬ ਪੁਲਿਸ ਦੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਡਾਈਟ ਮਨੀ 150 ਰੁਪਏ ਤੋਂ ਵਧਾ ਕੇ 250 ਰੁਪਏ ਕਰ ਦਿੱਤੀ ਗਈ ਹੈ। ਇਸ ਦਾ ਨੋਟੀਫਿਕੇਸ਼ਨ ਕੱਲ੍ਹ ਹੀ ਜਾਰੀ ਕਰ ਦਿੱਤਾ ਜਾਵੇਗਾ।
ਜਲੰਧਰ ਦੇ ਪੀਏਪੀ ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀ ਭਰਪੂਰ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ। ਪੰਜਾਬ ਪੁਲਿਸ ਦੇ ਜਵਾਨਾਂ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਹੈ।
ਮੁੱਖ ਮੰਤਰੀ ਚੰਨੀ ਨੇ ਪੁਲਿਸ ਭਲਾਈ ਫੰਡ 10 ਕਰੋੜ ਤੋਂ ਵਧਾ ਕੇ 15 ਕਰੋੜ ਕਰਨ ਦਾ ਐਲਾਨ ਕੀਤਾ। ਪੰਜਾਬ ਪੁਲਿਸ ਨੂੰ 250 ਹੋਰ ਗੱਡੀਆਂ ਦੇਣ ਤੋਂ ਇਲਾਵਾ ਸੂਬੇ ਦੇ ਸਾਰੇ ਹਵਾਈ ਅੱਡਿਆਂ ‘ਤੇ ਪੰਜਾਬ ਪੁਲਿਸ ਦੇ ਆਪਣੇ ਸਾਂਝ ਕੇਂਦਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਹ ਸਾਂਝ ਕੇਂਦਰ ਵਿਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਦੀ ਮੱਦਦ ਲਈ ਹਵਾਈ ਅੱਡਿਆਂ ‘ਤੇ ਖੋਲ੍ਹੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਜਲੰਧਰ ਨੂੰ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸੁਧਾਰ ਲਈ ਇੱਕ ਕਰੋੜ ਰੁਪਏ ਵੀ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੁਲਿਸ ਅਤੇ ਸੂਬੇ ਦੇ ਕਰਮਚਾਰੀ ਨੇਕ ਨੀਤੀ ਨਾਲ ਕੰਮ ਕਰਨ ਤਾਂ ਸੂਬੇ ਵਿੱਚ ਅਰਾਜਕਤਾ ਨਹੀਂ ਫੈਲ ਸਕਦੀ। ਪੁਲਿਸ ਮੁਲਾਜ਼ਮਾਂ ਨੂੰ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਲਿਆਉਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਪੁਲਿਸ ਵਿੱਚ ਭਰੋਸਾ ਬਣਿਆ ਰਹੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ‘ਤੇ ਪੁਲਿਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਪੁਲਿਸ ਭਲਾਈ ਫੰਡ ਨੂੰ ਮੌਜੂਦਾ ਰੁਪਏ ਤੋਂ ਵਧਾਉਣ ਦਾ ਵੀ ਐਲਾਨ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ