ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੇ ਡੀ. ਈ .ਓ. ਦਫ਼ਤਰ ਸਾਹਮਣੇ ਕੀਤੀ ਤਿੱਖੀ ਨਾਅਰੇਬਾਜ਼ੀ

ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ

ਫਰੀਦਕੋਟ,  (ਸੁਭਾਸ਼ ਸ਼ਰਮਾ)। ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੇ ਸਥਾਨਕ ਡੀ. ਈ. ਓ. ਦਫਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ ਤੇ ਸੂਬਾਈ ਆਗੂ ਪ੍ਰੇਮ ਚਾਵਲਾ ,ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਹਰਮਨਪ੍ਰੀਤ ਕੌਰ ਗਿੱਲ, ਭਰਾਤਰੀ ਜੱਥੇਬੰਦੀ ਡੀ. ਟੀ. ਐਫ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਤੇ ਗਗਨ ਪਾਹਵਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਹੁਕਮਰਾਨ ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੇ ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਆਪਣੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਰਹੀ ਹੈ ਤੇ ਇਸ਼ਤਿਹਾਰਬਾਜ਼ੀ ਦੇ ਨਾਂਅ ’ਤੇ ਲਗਾਤਾਰ ਪੰਜਾਬ ਦੇ ਖ਼ਜ਼ਾਨੇ ਨੂੰ ਚੂਨਾ ਲਾ ਰਹੀ ਹੈ ।

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਦਰਮਿਆਨ ਕਈ ਮੀਟਿੰਗਾਂ ਹੋ ਚੁੱਕੀਆਂ ਹਨ

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਬਕਾ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਦਰਮਿਆਨ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ। ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਹੋਣ ਤੋਂ ਬਾਅਦ ਇੱਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ।

ਇਸ ਤੋਂ ਇਲਾਵਾ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਜਾਰੀ ਨਾ ਕਰਨ , ਵਿਕਟੇਮਾਈਜ਼ੇਸ਼ਨ ਰੱਦ ਨਾ ਕਰਨ , ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ ਨਾ ਕਰਨ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਨਾ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ 37 ਭੱਤੇ ਬਹਾਲ ਨਾ ਕਰਨ,ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਕਰਨ ਦੇ ਦੋਸ਼ ਲੱਗ ਰਹੇ ਹਨ।

ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੀਆਂ ਇਨ੍ਹਾਂ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਚੈਨ ਨਾਲ ਨਹੀਂ ਬੈਠੇਗਾ। ਇਸ ਰੋਸ ਪ੍ਰਦਰਸ਼ਨ ਉਪਰੰਤ ਅਧਿਆਪਕਾਂ ਨੇ ਉਪ ਜਿਲ੍ਹਾ ਸਿੱਖਿਆ ਅਫਸਰ ( ਸੈ. ਸਿ.) ਫਰੀਦਕੋਟ ਸ੍ਰੀ ਪ੍ਰਦੀਪ ਕੁਮਾਰ ਦਿਓੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ( ਐ .ਸਿ. ) ਫਰੀਦਕੋਟ ਸ੍ਰੀ ਪਵਨ ਕੁਮਾਰ ਨੂੰ ਪੰਜਾਬ ਸਰਕਾਰ ਦੇ ਨਾਂਅ ਰੋਸ ਪੱਤਰ ਵੀ ਦਿੱਤੇ ਗਏ ਜਿਸ ਵਿੱਚ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ।

ਆਗੂਆਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ।ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਬੇਅੰਤ ਸਿੰਘ ਮੌੜ ,ਪ੍ਰਦੀਪ ਸਿੰਘ ,ਗੁਰਿੰਦਰ ਸਿੰਘ ਮਨੀ , ਜਸਕਰਨ ਸਿੰਘ ,ਨਿਰਮਲ ਸਿੰਘ ,ਰਾਜੇਸ਼ ਕੁਮਾਰ ਫਿੱਡੇ ਖੁਰਦ , ਰਾਜਵਿੰਦਰ ਸਿੰਘ ,ਗੁਰਪ੍ਰੀਤ ਸਿੰਘ ਰੰਧਾਵਾ ‘, ਹਰਜਸਦੀਪ ਸਿੰਘ ,ਸਤੇਸ਼ ਭੂੰਦੜ , ਕੁਲਦੀਪ ਘਣੀਆ , ਹਰਦੀਪ ਸਿੰਘ ਤੇ ਦੀਪਕ ਕੁਮਾਰ ਆਦਿ ਸ਼ਾਮਲ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ