ਪਿਛਲੇ 1 ਘੰਟੇ ਤੋਂ ਹੰਗਾਮਾ ਜਾਰੀ (Punjab Vidhan Sabha)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਧਾਨ ਸਭਾ ’ਚ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਨੂੰ ਗ੍ਰਿਫ਼ਤਾਰ ਕਰਕੇ ਉੱਥੇ ਭੇਜੋ ਜਿੱਥੇ ਸਾਬਾਕਾ ਮੰਤਰੀ ਸਿੰਗਲਾ ਨੂੰ ਭੇਜਿਆ ਸੀ। ਉਨ੍ਹ੍ਵਾਂ ਮੰਗ ਕੀਤੀ ਇਨ੍ਹ੍ਵਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਸ ਦੀ ਆਡਿਓ ਨੂੰ ਜਾਂਚ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਬਿਆਨ ਦੇਣ। ਇਸ ਮੁੱਦੇ ਨੂੰ ਲੈ ਕੇ ਕਾਂਗਰਸੀਆਂ ਨੇ ਖੂਬ ਕੀਤਾ ਤੇ ਹੰਗਾਮਾ ਕਰਦੇ ਹੋਏ ਵੈੱਲ ਤੱਕ ਪਹੁੰਚ ਗਏ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਂਗਰਸੀਆਂ ਨੂੰ ਘੇਰਦਿਆਂ ਕਈ ਸਵਾਲ ਚੁੱਕੇ। ਉਨਾਂ ਕਿਹਾ ਕਿ ਕਾਂਗਰਸੀ ਨਹੀਂ ਚਾਹੁੰਦੇ ਕਿ ਸਦਨ ਦਾ ਕਾਰਵਾਈ ਚੱਲੇ ਇਹ ਪਿਛਲੇ 1 ਘੰਟੇ ਤੋਂ ਹੰਗਾਮਾ ਕਰ ਰਹੇ ਹਨ। ਇਸ ਦੌਾਰਨ ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਇਹ ਇੱਥੇ ਗਿੱਧਾ ਪਾ ਕੇ ਕਿਹੜਾ ਪੰਜਾਬ ਦੇ ਲੋਕਾਂ ਦੀ ਗੱਲ ਕਰ ਰਹੇ ਹਨ ?
ਕਾਂਗਰਸ ਨੇ ਸੈਸ਼ਨ ਦੇ ਪਹਿਲੇ ਦਿਨ ਵੀ ਕੀਤਾ ਸੀ ਹੰਗਾਮਾ
- ਭਾਜਪਾ ’ਤੇ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਕਰਨ ਦਾ ਲਾਇਆ ਦੋਸ਼
- ਵਿਧਾਨ ਸਭਾ ਦੇ ‘ਖਿਆਲੀ ਜਾਂ ਮੌਕ’ ਸੈਸ਼ਨ ਕਰਵਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਕੀਤੀ ਆਲੋਚਨਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ (Punjab Vidhan Sabha) ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ। ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਨਵੇਂ ਹਥਿਆਰ ਵਜੋਂ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਇਸ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਇਸ ਦੀ ਹਮਾਇਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਵਿਧਾਇਕਾਂ ਨੂੰ ਲੁਭਾ ਕੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਤੇ ਹੋਰ ਸੂਬਿਆਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਭੰਗ ਕੀਤੀਆਂ ਹਨ। ਉਨਾਂ ਕਿਹਾ ਕਿ ਦਿੱਲੀ ਵਿੱਚ ਤਿੰਨ ਦਫ਼ਾ ਸਰਕਾਰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਹੁਣ ਪੰਜਾਬ ਵਿੱਚ ਪੈਸੇ ਨਾਲ ਵਿਧਾਇਕਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਸੱਤਾ ਹਾਸਲ ਦੀ ਮ੍ਰਿਗ ਤ੍ਰਿਸ਼ਨਾ ਪਿੱਛੇ ਭੱਜ ਰਹੀ ਹੈ ਅਤੇ ਇਸ ਕਦਮ ਰਾਹੀਂ ਉਹ ‘ਦੁੱਕੀਆਂ ਨਾਲ ਆਪ ਦੇ ਯੱਕੇ ਖਰੀਦਣ’ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਭਾਜਪਾ ਪੈਸੇ ਦੇ ਬੈਗਾਂ ਦੀ ਵਰਤੋਂ ਕਰ ਕੇ ਜਮਹੂਰੀਅਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਾ ਰਹੀ ਹੈ
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੈਸੇ ਦੇ ਬੈਗਾਂ ਦੀ ਵਰਤੋਂ ਕਰ ਕੇ ਜਮਹੂਰੀਅਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਾ ਰਹੀ ਹੈ। ਉਨਾਂ ਕਿਹਾ ਕਿ ਪਹਿਲਾਂ ਕਾਂਗਰਸ ਵੀ ਇਹੋ ਕਰਦੀ ਰਹੀ ਹੈ ਅਤੇ ਹੁਣ ਇਹ ਭਗਵਾ ਪਾਰਟੀ ਕਾਂਗਰਸ ਦੇ ਨਕਸ਼ੇ ਕਦਮ ਉਤੇ ਚੱਲ ਰਹੀ ਹੈ। ਕਾਂਗਰਸ ਤੇ ਭਾਜਪਾ ਦੀ ਸਾਂਝ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕੀਤੀ ਹੈ ਪਰ ਇਸ ਯਾਤਰਾ ਦੌਰਾਨ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਤੋਂ ਜਾਣਬੁੱਝ ਕੇ ਦੂਰੀ ਰੱਖੀ ਗਈ ਹੈ ਤਾਂ ਕਿ ਚੋਣਾਂ ਵਿੱਚ ਭਾਜਪਾ ਨੂੰ ਲਾਹਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਆਸਤ ਵਿੱਚ ਲੋਕ ਭਲਾਈ ਦਾ ਨਵਾਂ ਏਜੰਡਾ ਸਥਾਪਿਤ ਕੀਤਾ ਹੈ। ਉਨਾਂ ਕਿਹਾ ਕਿ ਇਸੇ ਕਾਰਨ ਭਾਜਪਾ ਲੀਡਰਸ਼ਿਪ ਨੂੰ ਆਪਣਾ ਵੰਡ ਪਾਊ ਏਜੰਡਾ ਛੱਡ ਕੇ ਲੋਕਾਂ ਦੀ ਭਲਾਈ ਬਾਰੇ ਗੱਲ ਕਰਨ ਲਈ ਮਜਬੂਰ ਹੋਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਪ੍ਰਭਾਵ ਹੈ ਕਿ ਜਿਹੜੇ ਲੀਡਰ ਲੋਕਾਂ ਨੂੰ ਵੰਡਦੇ ਸਨ, ਉਹ ਹੁਣ ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਦੇ ਉਦਘਾਟਨ ਕਰਦੇ ਨਜ਼ਰ ਆ ਰਹੇ ਹਨ।
ਭਾਜਪਾ ਵਿੱਚ ਦਲ-ਬਦਲੂ ਰਾਜ ਕਰ ਰਹੇ ਹਨ (Punjab Vidhan Sabha)
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਵਿੱਚ ਦਲ-ਬਦਲੂ ਰਾਜ ਕਰ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਹੜੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਭਾਜਪਾ ਦੇ ਇਸ਼ਾਰੇ ਉਤੇ ਚੱਲ ਰਹੇ ਸਨ, ਨੇ ਹੁਣ ਰਸਮੀ ਤੌਰ ਉਤੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਨਿਸ਼ਾਨਾ ਸਾਧਦਿਆਂ ਉਨਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੋਇਆ ਹੈ ਕਿ ਚੋਣਾਂ ਵਿੱਚ ਹਾਰ ਮਗਰੋਂ ਕਿਸੇ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਗਾਇਬ ਹੋ ਗਿਆ ਹੈ।
ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਰਜਕਾਲ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਹੀ ਉਹ ਹੁਣ ਗਾਇਬ ਹਨ
ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਰਜਕਾਲ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਹੀ ਉਹ ਹੁਣ ਗਾਇਬ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਆਗੂਆਂ ਨੂੰ ਕੋਈ ਕੰਮ ਨਾ ਕਰਨ ਕਾਰਨ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ। ਉਨਾਂ ਕਿਹਾ ਕਿ ਇਨਾਂ ਆਗੂਆਂ ਨੂੰ ਲੋਕਾਂ ਨੇ ਸੂਬਾਈ ਵਿਧਾਨ ਸਭਾ ਤੋਂ ਬਾਹਰ ਕੀਤਾ ਪਰ ਇਹ ਆਗੂ ਹੁਣ ‘ਖਿਆਲੀ ਜਾਂ ਮੌਕ ਸੈਸ਼ਨ’ ਕਰਵਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਆਪਣੀ ਨਿਰਾਸ਼ਾ ਕੱਢ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਮੀਦ ਨੂੰ ਵੋਟ ਪਾਈ ਅਤੇ ਆਮ ਆਦਮੀ ਪਾਰਟੀ (ਆਪ) ਸੂਬੇ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਸਕੀਮ ‘ਇੱਕ ਵਿਧਾਇਕ, ਇੱਕ ਪੈਨਸਨ’ ਪਾਸ ਕੀਤੀ ਅਤੇ ਸੂਬੇ ਭਰ ਵਿੱਚ 100 ਦੇ ਕਰੀਬ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਗਏ। ਉਨਾਂ ਕਿਹਾ ਕਿ ਸੂਬੇ ਭਰ ਵਿੱਚ ਲੱਖਾਂ ਘਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਘਰ ਘਰ ਆਟਾ-ਦਾਲ ਮੁਹੱਈਆ ਕਰਵਾਉਣ ਦੀ ਯੋਜਨਾ ਛੇਤੀ ਹੋਵੇਗੀ ਸ਼ੁਰੂ : ਮਾਨ
ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਉਨਾਂ ਦੇ ਘਰਾਂ ਉਤੇ ਜਾ ਕੇ ਆਟਾ-ਦਾਲ ਮੁਹੱਈਆ ਕਰਵਾਉਣ ਦੀ ਯੋਜਨਾ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੁੰਦੀ ਹੈ ਪਰ ਭਾਜਪਾ ਅਤੇ ਕਾਂਗਰਸ ‘ਅਪਰੇਸਨ ਲੋਟਸ’ ਰਾਹੀਂ ਲੋਕਾਂ ਦੇ ਫਤਵੇ ਦਾ ਅਪਮਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਰਾਸਟਰਪਤੀ ਭਵਨ ਵਿੱਚ ਸਥਿਤ ਮੁਗਲ ਗਾਰਡਨ ਦੀ ਮਿਸਾਲ ਦਿੰਦਿਆਂ ਉਨਾਂ ਕਿਹਾ ਕਿ ਉਸ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲ ਹਨ, ਜਿਸ ਕਾਰਨ ਲੋਕ ਇਨਾਂ ਦੀ ਵੰਨ-ਸੁਵੰਨਤਾ ਦੇਖਣ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰਾਂ ਜਮਹੂਰੀਅਤ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਬੈਂਚ ਦੀ ਆਪਣੀ ਵੱਖੋ-ਵੱਖਰੀ ਅਹਿਮੀਅਤ ਹੈ।
ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਰਵਾਇਤ ਬਣ ਗਈ ਹੈ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਅੱਜ-ਕੱਲ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਰਵਾਇਤ ਬਣ ਗਈ ਹੈ ਅਤੇ ਇੱਥੋਂ ਤੱਕ ਕਿ ਸਿਆਸੀ ਆਗੂ ਅਕਸਰ ਇਸ ’ਤੇ ਮਾਣ ਮਹਿਸੂਸ ਕਰਦੇ ਹਨ। ਉਨਾਂ ਕਿਹਾ ਕਿ ਇਸ ਰਾਹੀਂ ਜਮਹੂਰੀਅਤ ਦੀ ਰੂਹ ਨੂੰ ਠੇਸ ਪਹੁੰਚਾਈ ਜਾਂਦੀ ਹੈ, ਜੋ ਉਸਾਰੂ ਸੰਕੇਤ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਪੂਰਾ ਭਰੋਸਾ ਪ੍ਰਗਟ ਕੀਤਾ ਅਤੇ ਇਸ ਵਿਸਵਾਸ ਨੂੰ ਬਹਾਲ ਕਰਨ ਲਈ ਇਹ ਮਤਾ ਪੇਸ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਤਾ ਦਰਸਾਉਂਦਾ ਹੈ ਕਿ ਲੋਕਾਂ ਦਾ ਸਾਡੇ ਵਿੱਚ ਵਿਸਵਾਸ ਹੈ ਅਤੇ ਸਾਨੂੰ ਲੋਕਾਂ ਵਿੱਚ ਵਿਸਵਾਸ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਭਰੋਸਾ ਖੋਹਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਅਜਿਹਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਹਾਰ-ਜ਼ਿੰਦਗੀ ਦਾ ਹਿੱਸਾ ਹੈ ਪਰ ਕਾਂਗਰਸ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੀ, ਜਿਸ ਕਾਰਨ ਉਹ ‘ਅਪਰੇਸਨ ਲੋਟਸ’ ਦੇ ਹੱਕ ਵਿੱਚ ਉੱਤਰੀ ਹੋਈ ਹੈ।
ਕਾਂਗਰਸ ਦੇ ਸੀਨੀਅਰ ਆਗੂ ‘ਅਪਰੇਸਨ ਲੋਟਸ’ ਫੇਲ ਹੋ ਜਾਣ ਦੇ ਸਦਮੇ ਵਿਚ (Punjab Vidhan Sabha)
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਂਗਰਸ ਦੇ ਦੀਵਾਲੀਏਪਣ ਨੂੰ ਦਰਸਾਉਂਦਾ ਹੈ ਜੋ ਹੁਣ ਆਪਣੇ ਵਿਧਾਇਕਾਂ ਨੂੰ ਵੇਚਣ ਦੀ ਹੱਦ ਤੱਕ ਚਲਾ ਗਿਆ ਹੈ। ਉਨਾਂ ਕਿਹਾ ਕਿ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨੇ ‘ਭਾਰਤ ਜੋੜੋ’ ਯਾਤਰਾ ਕੱਢੀ ਹੈ ਪਰ ਉਹ ਰਾਜਸਥਾਨ ਵਿੱਚ ਆਪਣਾ ਘਰ ਨਹੀਂ ਸੰਭਾਲ ਸਕੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ‘ਅਪਰੇਸਨ ਲੋਟਸ’ ਫੇਲ ਹੋ ਜਾਣ ਦੇ ਸਦਮੇ ਵਿਚ ਹਨ, ਜਿਵੇਂ ਉਨਾਂ ਦੀਆਂ ਗੁੱਝੀਆਂ ਸਕੀਮਾਂ ਧਰੀਆ-ਧਰਾਈਆਂ ਰਹਿ ਗਈਆਂ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਤੇ ਰਾਹੀਂ ਤੱਥਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ ਕਿਉਂਕਿ ਸੈਸ਼ਨ ਲਾਈਵ ਚੱਲ ਰਿਹਾ। ਉਨਾਂ ਕਿਹਾ ਕਿ ਜਿਹੜੇ ਲੋਕ ਇਸ ਸੈਸਨ ਦੀ ਮੰਗ ਕਰ ਰਹੇ ਸਨ, ਉਹ ਬਹਿਸ ਤੋਂ ਭੱਜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭਾਜਪਾ ਦੀ ‘ਬੀ’ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਦੇ ਬਹੁਤ ਹੀ ਸਤਿਕਾਰਤ ਅਹੁਦੇ ਵਾਲੇ ਸਪੀਕਰ ਵਿਰੁੱਧ ਸਰਮਨਾਕ ਨਾਅਰੇਬਾਜੀ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ