ਪੁਲਵਾਮਾ ਹਮਲਾ : ਸ਼ਹੀਦ ਸੁਖਜਿੰਦਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ

Pallavama, Sukhjinder Singh

ਧਰਮਸੋਤ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ ਦਾ ਚੈੱਕ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

ਤਰਨਤਾਰਨ, | ਪੁਲਵਾਮਾ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਗੰਡੀਵਿੰਡ ਧੱਤਲ ਵਿਖੇ ਹੋਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਆਪਣੀ ਹਾਜ਼ਰੀ ਲਗਵਾਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ ਇਸ ਮੌਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜ਼ੀਰਾ ਦੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਹੋਰ ਰਾਜਨੀਤਿਕ ਤੇ ਸਮਾਜਿਕ ਆਗੂਆਂ ਵੱਲੋਂ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।  ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਸੰਬੋਧਨ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਨਗਰ ਦੀ ਮਿੱਟੀ ਨੂੰ ਨਤਮਸਤਕ ਹੁੰਦਾਂ ਹਾਂ, ਜਿਸ ਨੇ ਸ਼ਹੀਦ ਸੁਖਜਿੰਦਰ ਸਿੰਘ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ ‘ਚ ਖੇਡ ਸਟੇਡੀਅਮ ਤੇ ਪਿੰਡ ਗੰਡੀਵਿੰਡ ਨੂੰ ਸਮਾਰਟ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਤੇ ਕੌਮ ਲਈ ਜ਼ਿੰਦਗੀ ਜੀ ਕੇ ਜਾਂਦੇ ਹਨ ਉਨ੍ਹਾਂ ਨੂੰ ਲੋਕ ਸਲਾਮ ਕਰਦੇ ਹਨ ਤੇ ਹਮੇਸ਼ਾ ਯਾਦ ਰੱਖਦੇ ਹਨ।

 ਉਨ੍ਹਾਂ ਅਗੇ ਕਿਹਾ ਕਿ ਸ਼ਹੀਦ ਸੁਖਜਿੰਦਰ ਸਿੰਘ ਦੇਸ਼ ਦੀ ਰਾਖੀ ਕਰਦਿਆਂ ਬਲੀਦਾਨ ਦੇ ਕੇ ਗਿਆ ਹੈ। ਉਨ੍ਹਾਂ ਦੀ ਸ਼ਹਾਦਤ ਦੇਸ਼ ਵਾਸੀਆਂ ਨੂੰ ਹਮੇਸ਼ਾ ਯਾਦ ਰਹੇਗੀ। ਇਸ ਮੌਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲਾ ਬਹੁਤ ਦੁਖਦ ਘਟਨਾ ਹੈ। ਸ਼ਹੀਦ ਸੁਖਜਿੰਦਰ ਸਿੰਘ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ। ਅਸੀਂ ਦੇਸ਼ ਖਾਤਰ ਸ਼ਹੀਦ ਹੋਏ ਜਵਾਨ ਨੂੰ ਸਿਰ ਝੁਕਾਉਣ ਲਈ ਉਨ੍ਹਾਂ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਹਾਂ। ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਦੀ ਯਾਦ ‘ਚ ਜਿਹੜਾ ਪੰਜਾਬ ਸਰਕਾਰ ਵੱਲੋਂ ਸਟੇਡੀਅਮ ਬਣਾਇਆ ਜਾਵੇਗਾ ਉਸ ਵਿਚ ਉਹ ਆਪਣੇ ਅਖਤਿਆਰੀ ਫੰਡ ‘ਚੋਂ 20 ਲੱਖ ਰੁਪਏ ਦੀ ਗ੍ਰਾਂਟ ਦੇਣਗੇ।

 ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਬਹੁਤ ਵੱਡੀ ਸ਼ਹਾਦਤ ਦਿੱਤੀ ਹੈ। ਸ਼ਹੀਦ ਦੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਦਾ ਜਜ਼ਬਾ ਇਸ ਪਰਿਵਾਰ ਵਿਚ ਕੁੱਟ-ਕੁੱਟ ਕੇ ਭਰਿਆ ਹੈ ।
ਇਸ ਮੌਕੇ ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ, ਪਦਮਸ਼੍ਰੀ ਕਰਤਾਰ ਸਿੰਘ ਪਹਿਲਵਾਨ, ਗੁਰਮਹਾਂਬੀਰ ਸਿੰਘ ਸਰਹਾਲੀ, ਐੱਸਡੀਐੱਮ ਤਰਨ ਤਾਰਨ ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਵੱਡੀ ਗਿਣਤੀ ਲੋਕ ਸ਼ਹੀਦ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ