7 ਅਗਸਤ ਨੂੰ ਦੇਸ਼ ਭਗਤ ਯਾਦਗਰ ਹਾਲ ਜਲੰਧਰ ਵਿਖੇ ਹੋਣ ਵਾਲੀ ਸੂਬਾ ਕਨਵੈਨਸ਼ਨ ਭਗਵੰਤ ਸਿੰਘ ਮਾਨ ਸਰਕਾਰ ਖ਼ਿਲਾਫ਼ ਅਗਲੇ ਸੰਘਰਸ਼ ਦਾ ਕਰੇਗੀ ਐਲਾਨ
ਫਰੀਦਕੋਟ , (ਸੁਭਾਸ਼ ਸ਼ਰਮਾ)। ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਮੇੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਭੁਲਾ ਦਿੱਤੇ ਹਨ ਅਤੇ ਇਹ ਸਰਕਾਰ ਵੀ ਪਿਛਲੀਆਂ ਹੁਕਮਰਾਨ ਅਕਾਲੀ ਭਾਜਪਾ ਗੱਠਜੋੜ ਤੇ ਕਾਂਗਰਸ ਸਰਕਾਰਾਂ ਵਾਂਗ ਲਗਾਤਾਰ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਕਰਨ ਦੇ ਰਾਹ ਪੈ ਗਈ ਹੈ ਜਿਸ ਨੂੰ ਪੰਜਾਬ ਦੇ ਲੱਖਾਂ ਪੈਨਸ਼ਨਰ ਅਤੇ ਮੁਲਾਜ਼ਮ ਕਦਾਚਿਤ ਵੀ ਬਰਦਾਸ਼ਤ ਨਹੀਂ ਕਰਨਗੇ। ਜਿਸ ਦੇ ਰੋਸ ਵਜੋਂ ਅੱਜ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਡੀ.ਸੀ .ਦਫ਼ਤਰ ਦੇ ਨੇੜੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਧਾਰਤ ਬਣੇ ਜੁਆਇੰਟ ਪੈਨਸ਼ਨਰ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਤੇ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਪੁਰਜ਼ੋਰ ਹਮਾਇਤ ਨਾਲ ਸਥਾਨਕ ਮਿਨੀ ਸਕੱਤਰੇਤ ਵਿਖੇ ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਇੰਦਰਜੀਤ ਸਿੰਘ ਖੀਵਾ, ਜਗਤਾਰ ਸਿੰਘ ਗਿੱਲ , ਸਿਮਰਜੀਤ ਸਿੰਘ ਪੀ.ਆਰ.ਟੀ.ਸੀ. , ਕਰਮਚਾਰੀ ਦਲ ਦੇ ਆਗੂ ਹਰਚਰਨ ਸਿੰਘ ਸੰਧੂ, ਮੰਡੀ ਬੋਰਡ ਮੁਲਾਜ਼ਮਾਂ ਦੇ ਸੂਬਾਈ ਆਗੂ ਵੀਰਇੰਦਰਜੀਤ ਸਿੰਘ ਪੁਰੀ , ਅਧਿਆਪਕ ਆਗੂ ਪ੍ਰੇਮ ਚਾਵਲਾ , ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ ਅਤੇ ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ ਅਤੇ ਰਮੇਸ਼ ਕੌਸ਼ਲ ਤੇ ਸਿਵਲ ਪੈਨਸ਼ਨਰ ਆਗੂ ਜਗਦੀਸ਼ ਰਾਏ ਅਰੋਡ਼ਾ ਸੇਵਾ ਮੁਕਤ ਖਜ਼ਾਨਾ ਅਫਸਰ ਜੈਤੋ ਵੱਲੋਂ ਧਰਨੇ ਤੇ ਬੈਠੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਲਾਇਆ ਗਿਆ ।
ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਮੁਲਾਜਮਾਂ ਨੂੰ ਬਜਟ ਸੈਸ਼ਨ ਤੋਂ ਬਹੁਤ ਆਸਾਂ ਸਨ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇਗੀ , ਪੈਨਸ਼ਨਰਾਂ ਨਾਲ ਹੋਈ ਬੇਇਨਸਾਫ਼ੀ ਦੂਰ ਕਰਕੇ 2.59 ਦਾ ਗੁਣਾਂਕ ਲਾਗੂ ਕਰੇਗੀ ਕੱਚੇ ਮੁਲਾਜ਼ਮ ਰੈਗੂਲਰ ਕਰੇਗੀ , ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰੇਗੀ, ਪਰ ਸਰਕਾਰ ਨੇ ਮੁਲਾਜ਼ਮ ਵਰਗ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ ਜਿਸ ਕਾਰਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
7 ਅਗਸਤ ਨੂੰ ਤਿੱਖੇ ਸੰਘਰਸ਼ਾਂ ਦੀ ਚਿਤਾਵਨੀ
ਬੁਲਾਰਿਆਂ ਨੇ ਐਲਾਨ ਕੀਤਾ ਕਿ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ 7 ਅਗਸਤ ਨੂੰ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਹੋਣ ਵਾਲੀ ਸੂਬਾਈ ਕਨਵੈਨਸ਼ਨ ਭਗਵੰਤ ਸਿੰਘ ਮਾਨ ਸਰਕਾਰ ਦੇ ਖ਼ਿਲਾਫ਼ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਪ੍ਰਿੰਸੀਪਲ ਕ੍ਰਿਸ਼ਨ ਲਾਲ ,ਗੁਰਚਰਨ ਸਿੰਘ ਮਾਨ , ਅਮਰਜੀਤ ਸਿੰਘ ਵਾਲੀਆ , ਬਿਸ਼ਨ ਦਾਸ ਅਰੋੜਾ , ਪ੍ਰਦੀਪ ਸਿੰਘ ਬਰਾੜ , ਅਮਰੀਕ ਸਿੰਘ , ਗੁਰਮੀਤ ਸਿੰਘ ਜੈਤੋ , ਗੁਰਦੀਪ ਸਿੰਘ ਜੈਤੋ ਅਤੇ ਸੁਖਦਰਸ਼ਨ ਸਿੰਘ ਗਿੱਲ ਆਦਿ ਹਾਜ਼ਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ