ਸੱਚਾਈ ਤੇ ਦ੍ਰਿੜ੍ਹਤਾ ਲਈ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼
Guru Arjan Dev Ji: ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ, ਸ੍ਰੀ ਗੁੁਰੂੁ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜਿ੍ਹਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ। ਛੋਟੀ ਉਮਰੇ ਉਨ੍ਹਾਂ ਦੀ ਸੇਵਾ ਅਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪ੍ਰਿਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. (2 ਅੱਸੂ ਸੰਮਤ 1638) ਨੂੰ ਸ਼ੁੱਕਰਵਾਰ ਵਾਲੇ ਦਿਨ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ 4 ਮਹੀਨੇ 14 ਦਿਨ ਸੀ। ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪ੍ਰਿਥੀ ਚੰਦ ਗੁਰੂ ਜੀ ਨਾਲ ਕਾਫ਼ੀ ਲੋਹਾ-ਲਾਖਾ ਹੋਇਆ। ਸ੍ਰੀ ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ’ਤੇ ਲਾਲਚ ਭਾਰੂ ਹੋ ਚੁੱਕਾ ਸੀ।
ਇਸ ਲਾਲਚ ਅਤੇ ਬੇਸਮਝੀ ਕਾਰਨ ਹੀ ਉਸ ਨੇ ਗੁਰੂਘਰ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬਿਰਾਜਮਾਨ ਹੁੰਦਿਆਂ ਸਾਰ ਹੀ ਸਭ ਤੋਂ ਪਹਿਲਾ ਕਾਰਜ ਪਵਿੱਤਰ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਉਸਾਰਨ ਦੀ ਵਿਉਂਤਬੰਦੀ ਕੀਤੀ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਹੋਣ ਦਾ ਸੰਦੇਸ਼ ਦਿੰਦਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਧਰਮ ਦੇ ਫੈਲਾਅ ਅਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਇਸ ਵਡਮੁੱਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਆਪ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ। ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਉੁਤਰੀ ਭਾਰਤ ਵਿਚ ਪ੍ਰਚੱਲਿਤ ਭਾਸ਼ਾਵਾਂ ਦੇ ਗਿਆਤਾ ਸਨ।
ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਸੰਗੀਤ ਭਰਪੂਰ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਅਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਸੰਭਾਲਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ। ਇਸ ਮਹਾਨ ਅਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਮਨੁੱਖੀ ਬਰਾਬਰੀ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਪਵਿੱਤਰ ਗ੍ਰੰਥ ਦੇ ਪ੍ਰਕਾਸ਼ ਵਿੱਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ (ਅਕਬਰ) ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਅਤੇ ਦਲੀਲ ਦੀ ਕਸਵੱਟੀ ਉੱਪਰ ਪਰਖ਼ਿਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਉਠਾਉਣੀ ਪਈ।ਸਰਬੱਤ ਦੇ ਭਲੇ ਵਾਲੀ ਸੋਚ ਅਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਸਾਹਿਬ ਦੀ ਹਰਮਨਪਿਆਰਤਾ ਦਿਨੋਂ-ਦਿਨ ਵਧ ਰਹੀ ਸੀ।
ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਜਹਾਂਗੀਰ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨਿ੍ਹਆ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ਵਿਚ ਨਕਸ਼ਬੰਦੀ ਸਿਲਸਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਅਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਅਤੇ ਮੁਕੱਦਸ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
Read Also : Sad News: ਸਰਕਾਰੀ ਮਾਣ-ਸਨਮਾਨ ਨਾਲ ਹੋਇਆ ਸਿਪਾਹੀ ਸੰਦੀਪ ਸਿੰਘ ਦਾ ਅੰਤਿਮ ਸਸਕਾਰ
ਉਸ ਨੇ ਬਾਦਸ਼ਾਹ ਨੂੰ ਦੱਸਿਆ ਕਿ ‘(ਗੁਰੂ) ਅਰਜਨ ਦੇਵ ਤੁਹਾਡੇ ਅੱਬਾ ਜਾਨ ਦੇ ਚਹੇਤੇ ਹਨ ਅਤੇ ਉਨ੍ਹਾਂ ਦੇ ਪ੍ਰਚਾਰ ਅਤੇ ਪ੍ਰਸਾਰ ਸਦਕਾ ਕੇਵਲ ਹਿੰਦੂ ਹੀ ਨਹੀ ਸਗੋਂ ਵੱਡੀ ਗਿਣਤੀ ਵਿਚ ਮੁਸਲਮਾਨ ਵੀ ਗੁਰੂ ਸਾਹਿਬ ਦੇ ਪ੍ਰਸੰਸਕ ਬਣ ਗਏ ਹਨ।’ ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜ-ਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜੇਕਰ ‘ਤੁਜ਼ਿਕੇ ਜਹਾਂਗੀਰੀ’ ਦੇ ਹਵਾਲੇ ਨਾਲ ਗੱਲ ਕੀਤੀ ਜਾਵੇ ਤਾਂ ਬਾਦਸ਼ਾਹ ਆਪ ਵੀ ਪੰਜਵੇਂ ਗੁਰਾਂ ਪ੍ਰਤੀ ਆਪਣੇ ਦਿਲ ਵਿਚ ਨਫ਼ਰਤ ਭਰੀ ਬੈਠਾ ਸੀ। ਉਸ ਦੇ ਦਿਲ ਵਿਚਲੀ ਨਫ਼ਰਤ ਅਤੇ ਮਜ਼ਹਬੀ ਤੰਗਦਿਲੀ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਕਾਰਨ ਬਣੀ।
ਬਾਦਸ਼ਾਹ ਨੇ ਗੁਰੂ ਜੀ ’ਤੇ ਦਬਾਅ ਪਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀਆਂ ਕੁਝ ਤੁਕਾਂ ਬਦਲੀਆਂ ਜਾਣ ਇਸੇ ਤਰ੍ਹਾਂ ਜਹਾਂਗੀਰ ਨੇ ਗੁਰੂ ਜੀ ’ਤੇ ਆਪਣੇ ਬਾਗੀ ਪੁੱਤਰ ਖੁਸਰੋ ਦੀ ਮੱਦਦ ਕਰਨ ਦਾ ਝੂਠਾ ਦੋਸ਼ ਵੀ ਲਾਇਆ ਗੁਰੂ ਜੀ ਨੂੰ ਭਾਰੀ ਜ਼ੁਰਮਾਨਾ ਅਦਾ ਕਰਨ ਦੇ ਆਦੇਸ਼ ਦਿੱਤੇ ਗਏ ਪਰ ਗੁਰੂ ਸਾਹਿਬ ਅਡੋਲ ਰਹੇ ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖਾਂ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦੂ ਦੇ ਹਵਾਲੇ ਕਰ ਦਿੱਤਾ। ਗੁਰੂ ਸਾਹਿਬ ਨੇ ਜੁਰਮਾਨਾ ਤਾਰਨ ਤੋਂ ਕੋਰੀ ਨਾਂਹ ਕਰ ਦਿੱਤੀ ਚੰਦੂ ਨੇ ਗੁਰੂ ਸਾਹਿਬ ’ਤੇ ਬੇਹੱਦ ਜ਼ੁਲਮ ਢਾਹੇ ਗੁਰੂ ਸਾਹਿਬ ਨੂੰ ਜਿੱਥੇ ਜੇਠ ਮਹੀਨੇ ਦੀ ਕੜਕਦੀ ਧੁੱਪੇ ਉੱਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤਵੀ ’ਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਅਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ਉਸ ਅਕਾਲਪੁਰਖ ਦਾ ਭਾਣਾ ਸਮਝ ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ। ਗੁਰੂ ਸਾਹਿਬ ਦੀ ਇਸ ਸ਼ਹੀਦੀ ਨੇ ਜਾਲਮ ਹਕੂਮਤ ਅੱਗੇ ਨਾ ਝੁਕਣ ਤੇ ਸੱਚਾਈ ’ਤੇ ਡਟ ਕੇ ਪਹਿਰਾ ਦੇਣ ਦਾ ਸੰਦੇਸ਼ ਦਿੱਤਾ। ਆਖਰ ਜੁਲਮ ਦੀ ਜੜ੍ਹ ਪੁੱਟੀ ਗਈ ਤੇ ਧਰਮ ਦੀ ਜੈ-ਜੈਕਾਰ ਹੋਈ
(ਇਹ ਲੇਖਕ ਦੇ ਆਪਣੇ ਵਿਚਾਰ ਹਨ)
ਰਿਸ਼ੀ ਨਗਰ ਐਕਸਟੈਨਸ਼ਨ (ਹੈਬੋਵਾਲ ਖ਼ੁਰਦ)
ਮੋ. 94631-32719
ਰਮੇਸ਼ ਬੱਗਾ ਚੋਹਲਾ