ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 14 ਦਿਨਾਂ ਵਿੱਚ 12ਵੀਂ ਵਾਰ ਹੋਇਆ ਵਾਧਾ
ਨਵੀਂ ਦਿੱਲੀ (ਏਜੰਸੀ)। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਧਾ ਦਿੱਤੀਆਂ ਹਨ। ਪਿਛਲੇ 14 ਦਿਨਾਂ ‘ਚ ਤੇਲ ਕੰਪਨੀਆਂ ਨੇ 12ਵੇਂ ਦਿਨ ਈਂਧਨ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 40-40 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਅੱਜ ਦੇ ਵਾਧੇ ਨਾਲ ਪੈਟਰੋਲ ਦੀ ਕੀਮਤ 118.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 103.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਵਿਸ਼ਵ ਪੱਧਰ ‘ਤੇ ਭਾਵੇਂ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਆ ਗਈ ਹੈ ਪਰ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 137 ਦਿਨਾਂ ਦੀ ਸਥਿਰਤਾ ਤੋਂ ਬਾਅਦ 22 ਮਾਰਚ 2022 ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੰਪਨੀਆਂ ਨੇ 24 ਮਾਰਚ ਅਤੇ 01 ਅਪ੍ਰੈਲ ਨੂੰ ਛੱਡ ਕੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 0.20 ਫੀਸਦੀ ਵਧ ਕੇ 104.60 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.18 ਫੀਸਦੀ ਵਧ ਕੇ 99.45 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਨਗਰ ਪੈਟਰੋਲ ਡੀਜ਼ਲ
ਦਿੱਲੀ 103.81 95.07
ਕੋਲਕਾਤਾ 113.45 98.22
ਮੁੰਬਈ 118.83 103.07
ਚੇਨਈ 109.34 99.42
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ