ਜਲੰਧਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਐਚ.ਐਸ. ਫੂਲਕਾ ਨੇ ਪਾਰਟੀ ਅਸਤੀਫ਼ਾ ਦੇਣ ਦੀ ਧਮਕੀ ਦਿੱਤੀ ਹੈ। ਫੂਲਕਾ ਨੇ ਕਿਹਾ ਹੈ ਕਿ ਜੇਕਰ ‘ਆਪ’ ਨੇ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਤੁਰੰਤ ਤਿਆਗ ਪੱਤਰ ਦੇ ਦੇਣਗੇ। ਫੂਲਕਾ ਨੇ ਕਿਹਾ ਕਿ ਉਹ 1984 ਸਿੱਖ ਕਤਲੇਆਮ ਕਰਕੇ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਹੀਂ ਰੱਖ ਸਕਦੇ। ਉਨ੍ਹਾਂ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਜੇਕਰ ਹਾਈਕਮਾਂਡ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਗੱਠਜੋੜ ਕਰਦੀ ਹੈ ਤਾਂ ਉਹ ਇਸ ਵਿੱਚ ਸ਼ਾਮਲ ਨਹੀਂ ਹੋਣਗੇ। (Phulka)
ਬੁੱਧਵਾਰ ਨੂੰ ‘ਆਪ’ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਬਿਆਨ ਦਿੱਤਾ ਸੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਖਹਿਰਾ ਦਾ ਇਹ ਬਿਆਨ ਕਰਨਾਟਕ ਵਿੱਚ ਕਾਂਗਰਸ ਤੇ ਜੇਡੀਐਸ ਦੀ ਸਰਕਾਰ ਬਣਨ ਤੋਂ ਬਾਅਦ ਬੀਤੇ ਦਿਨ ਹੋਏ ਸਹੁੰ ਚੁੱਕ ਸਮਾਗਮ ਵਿੱਚ ‘ਆਪ’, ਕਾਂਗਰਸ, ਬਹੁਜਨ ਸਮਾਜ ਪਾਰਟੀ, ਤ੍ਰਿਣਮੂਲ ਕਾਂਗਰਸ, ਸੀਪੀਆਈ (ਐਮ) ਤੇ ਤੇਲਗੂ ਦੇਸ਼ਮ ਪਾਰਟੀ ਦੇ ਸਾਰੇ ਵੱਡੇ ਲੀਡਰਾਂ ਦੀ ਮੌਜੂਦਗੀ ਤੋਂ ਬਾਅਦ ਆਇਆ ਹੈ। (Phulka)














